
ਭਾਰਤ ਵਿੱਚ ਜੀਐਸਟੀ ਲਾਗੂ ਹੋਣ ਤੋਂ ਤੁਰੰਤ ਰੋਕਿਆ ਜਾਵੇ: ਭਾਗੋਵਾਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ,30 ਜੂਨ:
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਐਸ ਏ ਐਸ ਨਗਰ ਇਕਾਈ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਦੇ ਨਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਦੀ ਥਾਂ ਐਸਡੀਐਮ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਦੀਆਂ ਟਰੱਕ ਯੂਨਅਨਾਂ ਨੂੰ ਖਤਮ ਕਰਨ ਦਾ ਹੁਕਮ ਰੱਦ ਕੀਤਾ ਜਾਵੇ ਅਤੇ ਜੀਐਸਟੀ ਨੂੰ ਲਾਗੂ ਹੋਣ ਤੋਂ ਰੋਕਿਆ ਜਾਵੇ। ਇਸ ਪੱਤਰ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਲਿਖਿਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਵੱਡੀਆਂ ਟਰਾਂਸਪੋਰਟ ਕੰਪਨੀਆਂ ਦਾ ਤਾਂ ਫਾਇਦਾ ਹੋਵੇਗਾ ਪਰ ਇਕ ਦੋ ਟਰੱਕਾਂ ਵਾਲੇ ਰੁਲ ਜਾਣਗੇ।
ਇਹ ਇਕ ਦੋ ਟਰੱਕਾਂ ਵਾਲੇ ਟਰੱਕ ਯੂਨੀਅਨ ਰਾਹੀਂ ਹੀ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਹਨ। ਪਰ ਵੱਡੀਆਂ ਕੰਪਨੀਆਂ ਵਿੱਚ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ ਅਤੇ ਉਹ ਵੱਡੇ ਟਰਾਂਸਪੋਰਟਾਂ ਦੇ ਗੁਲਾਮ ਬਣ ਕੇ ਰਹਿ ਜਾਣਗੇ। ਇਸ ਲਈ ਟਰੱਕ ਯੂਨੀਅਨਾਂ ਨੂੰ ਖਤਮ ਕਰਨ ਦੇ ਫੈਸਲੇ ਉਪਰ ਰੋਕ ਲਾਈ ਜਾਵੇ। ਇਸ ਪੱਤਰ ਵਿੱਚ ਕੇੱਦਰ ਸਰਕਾਰ ਵੱਲੋਂ ਜੀਐਸਟੀ ਕਾਨੂੰਨ ਲਾਗੂ ਕਰਨ ਦਾ ਵਿਰੋਧ ਕਰਕੇ ਜੀਐਸਟੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਗੋਵਾਲ, ਗੁਰਮੇਲ ਸਿੰਘ ਮਨੌਲੀ, ਬਲਵੀਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ ਵੀ ਮੌਜੂਦ ਸਨ।