ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸ਼ਖ਼ਸੀਅਤ ਬਾਰੇ ਅਹਿਮ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਚੰਨੀ ਸੋਮਵਾਰ ਨੂੰ ਚੁੱਕਣਗੇ ਅਹੁਦੇ ਦੀ ਸਹੁੰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਖਰੜ, 19 ਸਤੰਬਰ:
ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਦੀ ਸ਼ਖ਼ਸੀਅਤ ਬਾਰੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉੱਚ ਸਿੱਖਿਆ ਪ੍ਰਾਪਤ ਚੰਨੀ ਬਹੁਤ ਹੀ ਮਿਲਣਸਾਰ ਸ਼ਖ਼ਸੀਅਤ ਦੇ ਮਾਲਕ ਹਨ। ਉਨ੍ਹਾਂ ਦੇ ਰਾਜਨੀਤਕ ਜੀਵਨ ਸ਼ੁਰੂਆਤ ਡੀਏਵੀ ਕਾਲਜ ਵਿੱਚ ਪੜ੍ਹਦੇ ਸਮੇਂ ਹੋ ਗਈ ਸੀ, ਜਦੋਂ ਉਨ੍ਹਾਂ ਨੂੰ ਕਾਲਜ ਦੀ ਵਿਦਿਆਰਥੀ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਖਰੜ ਤੋਂ ਨਗਰ ਕੌਂਸਲ ਦੀ ਚੋਣ ਲੜ ਕੇ ਪੱਕੀ ਪੈਰੀ ਪੰਜਾਬ ਦੀ ਸਿਆਸਤ ਵਿੱਚ ਆਪਣੇ ਪੈਰ ਜਮ੍ਹਾ ਲਏ। ਉਹ ਤਿੰਨ ਵਾਰ ਖਰੜ ਤੋਂ ਕੌਂਸਲਰ ਚੁਣੇ ਜਾਂਦੇ ਰਹੇ ਹਨ ਅਤੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਰਹੇ। ਇਸ ਤੋਂ ਬਾਅਦ ਉਹ ਹਲਕਾ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਇਕ ਬਣੇ। ਜਿਨ੍ਹਾਂ ’ਚੋਂ ਇਕ ਆਜ਼ਾਦ ਚੋਣ ਲੜ ਕੇ ਵਿਧਾਇਕ ਬਣੇ। ਤਕਨੀਕੀ ਸਿੱਖਿਆ ਮੰਤਰੀ ਬਣਨ ਤੋਂ ਪਹਿਲਾਂ ਉਹ ਅਕਾਲੀ ਸਰਕਾਰ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ।
ਚਰਨਜੀਤ ਚੰਨੀ ਨੇ ਅਨਪੜ੍ਹ ਸਿਆਸਤਦਾਨਾਂ ਵਿੱਚ ਆਪਣਾ ਕੱਦ ਹਮੇਸ਼ਾ ਉੱਚਾ ਰੱਖਣ ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚੋਂ ਐਅਐਲਬੀ ਪਾਸ ਕੀਤੀ। ਇਸ ਮਗਰੋਂ ਉਨ੍ਹਾਂ ਨੇ ਐਮਬੀਏ ਦੀ ਪੜ੍ਹਾਈ ਕੀਤੀ ਅਤੇ ਮੌਜੂਦਾ ਸਮੇਂ ਵਿੱਚ ਪੀਐੱਚਡੀ ਕਰ ਰਹੇ ਹਨ। ਉਹ ਯੂਨੀਵਰਸਿਟੀ ਦੀ ਬਾਸਕਟਬਾਲ ਦੇ ਹੋਣਹਾਰ ਖਿਡਾਰੀ ਵੀ ਰਹੇ ਹਨ। ਇੰਟਰ ਯੂਨੀਵਰਸਿਟੀ ਮੁਕਾਬਲੇ ਵਿੱਚ ਉਹ ਤਿੰਨ ਵਾਰ ਗੋਲਡ ਮੈਡਲ ਜਿੱਤ ਚੁੱਕੇ ਹਨ।

ਸ੍ਰੀ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਆਪਣੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਕਿ ਅੱਜ 19 ਸਤੰਬਰ 2021 ਨੂੰ ਹੋਈ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਰਾਜਪਾਲ ਸ੍ਰੀ ਪੁਰੋਹਿਤ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਭਲਕੇ 20 ਸਤੰਬਰ ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਸੱਦਾ ਦਿੱਤਾ। ਰਾਜਪਾਲ ਨੂੰ ਮਿਲਣ ਸਮੇਂ ਸ੍ਰੀ ਚੰਨੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ ਅਤੇ ਸ੍ਰੀਮਤੀ ਅਰੁਣਾ ਚੌਧਰੀ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …