ਸੁਖਦੇਵ ਸਿੰਘ ਢੀਂਡਸਾ ਨੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਅਹਿਮ ਮੀਟਿੰਗ

ਅਕਾਲੀ ਦਲ ਦਾ ਜਨਮ ਸ਼ਤਾਬਦੀ ਸਮਾਰੋਹ ਮਨਾਉਣ ਲਈ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ ਹੋਵੇਗੀ: ਪਾਰਟੀ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਮਜਬੂਤੀ ਲਈ ਵਿਦਿਆਰਥੀ ਵਿੰਗ ਦਾ ਗਠਨ ਛੇਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਮਜਬੂਤੀ ਲਈ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਸੈਕਟਰ-82 ਸਥਿਤ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਪਾਰਟੀ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾਵਾਂ ਕੀਤੀਆਂ ਗਈਆਂ। ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਢੀਂਡਸਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਅਤੇ ਸਮਾਜ ਦਾ ਅਟੁੱਟ ਅਤੇ ਮਹੱਤਵਪੂਰਨ ਅੰਗ ਹੁੰਦੇ ਹਨ ਇਸ ਲਈ ਪਾਰਟੀ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਉੱਤੇ ਲਿਆ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੀ ਸਮਾਜ ਨਿਰਮਾਣ ਵਿੱਚ ਅਹਿਮੀਅਤ ਨੂੰ ਸਮਝਦੇ ਹੋਏ ਪਾਰਟੀ ਦੇ ਵਿਦਿਆਰਥੀ ਵਿੰਗ ਦਾ ਗਠਨ ਵੀ ਜਲਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਜਨਮ ਸ਼ਤਾਬਦੀ ਸਮਾਰੋਹ ਮਨਾਉਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ ਅਤੇ ਆਸ ਹੈ ਕਿ ਸੂਬੇ ਭਰ ਦੇ ਨੌਜਵਾਨ ਇਸ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਸ਼ਾਨ ਨੂੰ ਮੁੜ ਬਹਾਲ ਕਰਨਗੇ।
ਸ੍ਰੀ ਢੀਂਡਸਾ ਨੇ ਕਿਹਾ ਕਿ ਨੌਜਵਾਨਾ ਦੀ ਪੀੜ੍ਹੀ ਨੂੰ ਸਿੱਖ ਰਵਾਇਤਾਂ ਨਾਲ ਜੋੜਨਾ ਸਮੇਂ ਦੀ ਮੰਗ ਹੈ ਤਾਂ ਜੋ ਉਹ ਪੰਜਾਬ ਤੇ ਪੰਜਾਬੀਅਤ ਦਾ ਝੰਡਾ ਬੁਲੰਦ ਕਰ ਸਕਣ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖ ਪੰਥ ਅਤੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ ਜਿਸ ਦੀ ਭਰਪਾਈ ਕਰਨਾ ਇੱਕ ਵੱਡਾ ਕਾਰਜ ਹੈ। ਉਨ੍ਹਾਂ ਪਾਰਟੀ ਦੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨੂੰ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਦੱਸਣ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਲਿਆਉਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਲਦੀ ਹੀ ਪੰਜਾਬ ਵਿੱਚ ਨੌਜਵਾਨਾ ਅਤੇ ਹੋਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਮੈਂਬਰਸ਼ਿਪ ਮੁਹਿੰਮ ਦਾ ਅਗਾਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਕਸਾਲੀ ਅਕਾਲੀ ਪਰਿਵਾਰਾਂ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਉਨ੍ਹਾਂ ਨੂੰ ਪਾਰਟੀ ਦੇ ਪੁਰਾਣੇ ਆਗੂਆਂ ਵੱਲੋਂ ਕੀਤੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਲਈ ਖਾਸ ਤੌਰ ’ਤੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ।
ਕਿਸਾਨ ਸੰਘਰਸ਼ ਬਾਰੇ ਬੋਲਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਪਾਰਟੀ ਆਪਣੇ ਪੱਧਰ ਉੱਤੇ ਕੋਈ ਵੀ ਪ੍ਰੋਗਰਾਮਾਂ ਨਹੀਂ ਉਲੀਕੇਗੀ ਸਗੋਂ ਕਿਸਾਨ ਆਗੂਆਂ ਦੁਆਰਾ ਦਿੱਤੇ ਗਏ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਟੀਚੇ ਨੂੰ ਪੂਰਾ ਕਰਨ ਦਾ ਯਤਨ ਕਰੇਗੀ। ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾ ਦੇ ਮੁੱਦੇ ਉੱਤੇ ਇੱਕ ਹੋ ਜਾਣ ਦੀ ਬੇਨਤੀ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਜੇਕਰ ਕਿਸਾਨ ਹੀ ਨਾ ਰਹਿਣਗੇ ਤਾਂ ਪੰਜਾਬ ਅਤੇ ਦੇਸ਼ ਦਾ ਢਾਂਚਾ ਹੀ ਤਹਿਸ ਨਹਿਸ ਹੋ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਕਿਸਾਨਾ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਕੋਈ ਹੱਲ ਲੱਭਣ ਦੀ ਗੁਜ਼ਾਰਿਸ਼ ਵੀ ਕੀਤੀ। ਪਾਰਟੀ ਦੇ ਪ੍ਰਮੁੱਖ ਆਗੂ ਸਾਬਕਾ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਯੂਥ ਵਿੰਗ ਦੇ ਅਹੁਦੇਦਾਰ ਜਲਦੀ ਹੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…