2024 ਵਿੱਚ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਪਹਿਲਾਂ ਤੋਂ ਵੱਧ ਊਰਜਾ ਨਾਲ ਕੰਮ ਕਰਾਂਗੇ: ਮੇਅਰ ਜੀਤੀ ਸਿੱਧੂ

ਕਮਿਸ਼ਨਰ ਨਵਜੋਤ ਕੌਰ ਨੇ ਮੇਅਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਇੱਕਜੁੱਟਤਾ ਨਾਲ ਕੰਮ ਕਰਨ ਦੀ ਗੱਲ ਕਹੀ

ਨਬਜ਼-ਏ-ਪੰਜਾਬ, ਮੁਹਾਲੀ, 1 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਵੇਂ ਸਾਲ 2024 ਦੇ ਪਹਿਲੇ ਦਿਨ ਪਹਿਲਾਂ ਨਾਲੋਂ ਵੱਧ ਊਰਜਾ ਨਾਲ ਕੰਮ ਕਰਨ ਦਾ ਤਹੱਈਆ ਕੀਤਾ। ਇਸ ਤੋਂ ਪਹਿਲਾਂ ਨਿਗਮ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਮੇਅਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਇੱਕਜੁੱਟਤਾ ਨਾਲ ਕੰਮ ਕਰਨ ਦੀ ਗੱਲ ਕਹੀ। ਮੇਅਰ ਨੇ ਕਿਹਾ ਕਿ ਅੱਜ ਨਗਰ ਨਿਗਮ ਵਿੱਚ ਨਵੇਂ ਸਾਲ ਦਾ ਪਹਿਲਾ ਦਿਨ ਬਹੁਤ ਹੀ ਖ਼ੁਸ਼ਗਵਾਰ ਮਾਹੌਲ ਵਿੱਚ ਲੰਘਿਆ। ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇੱਕ ਦੂਜੇ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਵੇਂ ਸਾਲ ਵਿੱਚ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ ਤਾਂ ਜੋ ਪਿਛਲੇ ਸਾਲ ਕਿਸੇ ਕਾਰਨ ਅਧੂਰੇ ਰਹਿ ਗਏ ਕਾਰਜਾਂ ਨੂੰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇਗਾ ਅਤੇ ਜਲਦੀ ਹੀ ਮਸ਼ੀਨੀ ਸਫ਼ਾਈ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਮੈਨੂਅਲ ਸਫ਼ਾਈ ਵੀ ਨਾਲੋ-ਨਾਲ ਚੱਲਦੀ ਰਹੇਗੀ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਬਾਰੇ ਸਰਕਾਰ ਪੱਧਰ ’ਤੇ ਤਾਲਮੇਲ ਕਰਕੇ ਸਾਰੇ ਮਸਲਿਆਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੁਸਾਇਟੀਆਂ ਦੇ ਵਿਕਾਸ ਲਈ ਸਰਕਾਰ ਨਾਲ ਤਾਲਮੇਲ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਈ ਨਰੇਸ਼ ਬੱਤਾ, ਸਕੱਤਰ ਰੰਜੀਵ ਕੁਮਾਰ, ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਕਲਸੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਨਵੇਂ ਸਾਲ ਦੇ ਪਹਿਲੇ ਦਿਨ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਵੱਲੋਂ ਆਪਣੇ ਵਾਰਡ ਵਿੱਚ ਫੇਜ਼-9 ਵਿੱਚ ਪੈਂਦੇ 1200 ਨੰਬਰ ਦੇ ਬਲਾਕ ਵਿੱਚ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ। ਜਿਸ ’ਤ ਲਗਪਗ 10 ਲੱਖ ਰੁਪਏ ਖ਼ਰਚ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਹਰਦੀਪ ਸਿੰਘ, ਬਹਾਦਰ ਸਿੰਘ ਬੈਦਵਾਨ, ਹਰਦੇਵ ਸਿੰਘ ਰਾਣਾ ਅਤੇ ਪ੍ਰਿੰਸ ਵਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…