nabaz-e-punjab.com

ਮੁਹਾਲੀ ਅਦਾਲਤ ਨੇ ਰਿਸ਼ਵਤਖ਼ੋਰੀ ਮਾਮਲੇ ਵਿੱਚ ਪਟਿਆਲਾ ਦੇ ਚੌਂਕੀ ਇੰਚਾਰਜ ਨੂੰ ਜੇਲ੍ਹ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਦੀ (ਆਰਥਿਕ ਅਪਰਾਧ ਸ਼ਾਖਾ) ਵੱਲੋਂ ਬੀਤੇ ਦਿਨੀਂ ਵਿਜੀਲੈਂਸ ਦੇ ਸੀਨੀਅਰ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤੇ ਜ਼ਿਲ੍ਹਾ ਪਟਿਆਲਾ ਦੀ ਰੋਹੜ ਜਗੀਰ ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਦਰਸ਼ਨ ਸਿੰਘ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਥਾਣੇਦਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਵਿਜੀਲੈਂਸ ਦੇ ਇੰਸਪੈਕਟਰ ਤੇ ਜਾਂਚ ਅਧਿਕਾਰੀ ਸਤਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮ ਥਾਣੇਦਾਰ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੀ (ਆਰਥਿਕ ਅਪਰਾਧ ਸ਼ਾਖਾ) ਦੇ ਥਾਣਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਹੈ। ਇਹ ਕਾਰਵਾਈ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੱਡ ਮੋਹਰ ਦੇ ਵਸਨੀਕ ਲਖ਼ਮੀ ਚੰਦ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਲਖਮੀ ਚੰਦ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏਐਸਆਈ ਦਰਸ਼ਨ ਸਿੰਘ ਵੱਲੋਂ ਉਸ ਨੂੰ ਆਪਣੀ ਹੀ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਸਟੋਰ ਕਰਨ ਅਤੇ ਅੱਗੇ ਵੇਚਣ ਦੀ ਇਜਾਜ਼ਤ ਦੇਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕੀਤਾ ਗਿਆ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…