
ਸਾਬਕਾ ਮੇਅਰ ਨੇ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਦੇ ਹੱਕ ਵਿੱਚ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ
ਮੁਹਾਲੀ ਵਾਸੀਆਂ ਨੂੰ ਪਾਰਟੀ ਨਹੀਂ, ਉਮੀਦਵਾਰ ਦਾ ‘ਕਿਰਦਾਰ’ ਦੇਖ ਕੇ ਵੋਟਾਂ ਪਾਉਣ ਦੀ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਇੱਥੋਂ ਦੇ ਵਾਰਡ ਨੰਬਰ-31 ਤੋਂ ਆਜ਼ਾਦ ਉਮੀਦਵਾਰ ਰਜਨੀ ਗੋਇਲ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੈਕਟਰ-66 ਦੇ ਵਸਨੀਕਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਆਜ਼ਾਦ ਗਰੁੱਪ ਸਿਰਫ਼ ਵਿਕਾਸ ਦੇ ਨਾਂ ’ਤੇ ਹੀ ਵੋਟਾਂ ਮੰਗ ਰਿਹਾ ਹੈ ਅਤੇ ਵਿਕਾਸ ਦੇ ਮੁੱਦੇ ’ਤੇ ਹੀ ਚੋਣ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਤੋਂ ਸ਼ਹਿਰ ਵਿੱਚ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਹਨ ਜਦੋਂਕਿ ਕਾਂਗਰਸੀ ਆਗੂ ਨਗਰ ਨਿਗਮ ਦੇ ਹਾਊਸ ਵਿੱਚ ਪਾਸ ਕੀਤੇ ਕੰਮਾਂ ਦੇ ਨੀਂਹ ਪੱਥਰ ਰੱਖ ਕੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ।
ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਮੁਹਾਲੀ ਵਾਸੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਪਾਰਟੀ ਦੇਖ ਕੇ ਨਹੀਂ ਸਗੋਂ ਉਮੀਦਵਾਰ ਦਾ ‘ਕਿਰਦਾਰ’ ਅਤੇ ਵਿਕਾਸ ਨੂੰ ਦੇਖ ਕੇ ਵੋਟ ਪਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣਾਂ ਜਿੱਤਣ ਤੋਂ ਬਾਅਦ ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਅਧੂਰੇ ਪਏ ਵਿਕਾਸ ਅਤੇ ਲੋਕ ਹਿੱਤਾਂ ਨੂੰ ਨੇਪਰੇ ਚਾੜ੍ਹਨ ਲਈ ਉਪਰਾਲੇ ਕੀਤੇ ਜਾਣਗੇ।