
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਅੱਜ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ 357ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨ੍ਹਾਂ ਦੇ ਪਿੱਛੇ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਬਿਰਾਜਮਾਨ ਸਨ। ਪਾਲਕੀ ਸਾਹਿਬ ਨੂੰ ਬਹੁਤ ਹੀ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ।
ਇਸ ਦੇ ਪਿੱਛੇ ਰਾਗੀ ਸਿੰਘ ਅਤੇ ਸੰਗਤ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਇਲਾਕੇ ਦੀ ਵੱਡੀ ਗਿਣਤੀ ’ਚ ਸੰਗਤ ਸ਼ਮੂਲੀਅਤ ਕੀਤੀ। ਇਸ ਦੌਰਾਨ ਗਤਕਾ ਪਾਰਟੀ, ਫੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ-ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਥਾਂ-ਥਾਂ ’ਤੇ ਚਾਹ, ਬ੍ਰੈੱਡ ਪਕੌੜੇ, ਮਿਠਾਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ।