ਮੁਹਾਲੀ ਦੇ ਪੇਂਡੂ ਖੇਤਰ ਵਿੱਚ ਗੈਰਕਾਨੂੰਨੀ ਕਲੋਨੀਆਂ ਤੇ ਉਸਾਰੀਆਂ ਦਾ ਕੰਮ ਧੜੱਲੇ ਨਾਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ:
ਪੰਜਾਬ ਦੀ ਆਪ ਸਰਕਾਰ ਵੱਲੋਂ ਗੈਰ ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਕੀਤੇ ਜਾ ਰਹੇ ਦਾਅਵੇ ਮਹਿਜ਼ ਖੋਖਲੇ ਨਜ਼ਰ ਆ ਰਹੇ ਹਨ। ਮੁਹਾਲੀ ਨੇੜਲੇ ਪੇਂਡੂ ਖੇਤਰ ਸਮੇਤ ਖਰੜ-ਰੂਪਨਗਰ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਸਹੌੜਾ ਵਿੱਚ ਸ਼ਰ੍ਹੇਆਮ ਕਾਨੂੰਨ ਨੂੰ ਛਿੱਕੇ ਟੰਗ ਕੇ ਖੇਤਾਂ ਵਿੱਚ ਕਥਿਤ ਗੈਰ ਕਾਨੂੰਨੀ ਕਲੋਨੀਆਂ ਕੱਟਣ ਅਤੇ ਅਣਅਧਿਕਾਰਤ ਉਸਾਰੀਆਂ ਦਾ ਕੰਮ ਧੜੱਲੇ ਨਾਲ ਜਾਰੀ ਹੈ। ਲੇਕਿਨ ਗਮਾਡਾ ਅਧਿਕਾਰੀ ਅੱਖਾਂ ਬੰਦ ਕਰਕੇ ਬੈਠੇ ਹਨ। ਇਹੀ ਨਹੀਂ ਸ਼ਿਕਾਇਤ ਮਿਲਣ ’ਤੇ ਵੀ ਅਧਿਕਾਰੀ ਖਾਨਾਪੂਰਤੀ ਤੱਕ ਸੀਮਤ ਰਹਿੰਦੇ ਹਨ। ਜ਼ਿਆਦਾ ਤੋਂ ਜ਼ਿਆਦਾ ਸਬੰਧਤ ਵਿਅਕਤੀ ਨੂੰ ਨੋਟਿਸ ਜਾਰੀ ਕਰਕੇ ਮੁੜ ਅਵੇਸਲੇ ਹੋ ਜਾਂਦੇ ਹਨ। ਗਮਾਡਾ ਦੀ ਲਾਪਰਵਾਹੀ ਕਾਰਨ ਹੁਣ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਕੁੱਝ ਬਿਲਡਰ ਅਧਿਕਾਰੀਆਂ ਨਾਲ ਮਿਲ ਕੇ ਖੇਤਾਂ ਵਿੱਚ ਪਲਾਟ ਕੱਟ ਕੇ ਵੇਚ ਰਹੇ ਹਨ। ਕੀਮਤ ਘੱਟ ਹੋਣ ਕਾਰਨ ਅਣਜਾਣ ਵਿਅਕਤੀ ਅਤੇ ਗਰੀਬ ਲੋਕ ਬਿਲਡਰਾਂ ਦੇ ਵਿਛਾਏ ਜਾਲ ਵਿੱਚ ਫਸ ਜਾਂਦੇ ਹਨ। ਜਦੋਂ ਕੋਈ ਪੀੜਤ ਵਿਅਕਤੀ ਸ਼ਿਕਾਇਤ ਕਰਦਾ ਹੈ ਤਾਂ ਸਬੰਧਤ ਅਧਿਕਾਰੀ ਤੁਰੰਤ ਕਾਰਵਾਈ ਕਰਨ ਦੀ ਕਰਨ ਦੀ ਬਜਾਏ ਜਾਂਚ ਪੜਤਾਲ ਵਿੱਚ ਕਾਫ਼ੀ ਸਮਾਂ ਬਰਬਾਦ ਕਰ ਦਿੰਦੇ ਹਨ ਪ੍ਰੰਤੂ ਮੀਡੀਆ ਵੱਲੋਂ ਮਾਮਲਾ ਚੁੱਕੇ ਜਾਣ ’ਤੇ ਮਹਿਜ਼ ਖਾਨਾਪੂਰਤੀ ਕੀਤੀ ਜਾਂਦੀ ਹੈ। ਜਿਸ ਕਾਰਨ ਖੇਤਾਂ ਵਿੱਚ ਪਲਾਟ ਕੱਟ ਕੇ ਵੇਚਣ ਦਾ ਗੋਰਖਧੰਦਾ ਕਾਫ਼ੀ ਵਧ ਫੁਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਦੀ ਜੂਹ ਵਿੱਚ ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ ਅਤੇ ਝਾਮਪੁਰ ਸਮੇਤ ਹੋਰਨਾਂ ਇਲਾਕਿਆਂ ਵਿੱਚ ਕੁੱਝ ਵਿਅਕਤੀ ਸ਼ਰੇਆਮ ਕਲੋਨੀਆਂ ਕੱਟ ਕੇ ਪਲਾਟ ਵੇਚ ਰਹੇ ਹਨ ਪ੍ਰੰਤੂ ਗਮਾਡਾ ਨੇ ਕਿਸੇ ਖ਼ਿਲਾਫ਼ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਬਿਲਡਰਾਂ ਅਤੇ ਜ਼ਿੰਮੇਵਾਰ ਅਫ਼ਸਰਾਂ ਤੇ ਸਟਾਫ਼ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਧਰ, ਬਲੌਂਗੀ ਨੇੜੇ ਪਰਲ ਗਰੁੱਪ ਦੀ ਜ਼ਮੀਨ ’ਤੇ ਵੀ ਕੁੱਝ ਵਿਅਕਤੀ ਕਬਜ਼ਾ ਕਰਨ ਦੀ ਤਾਕ ਵਿੱਚ ਹਨ। ਇੱਕ ਕਾਬਜ਼ਕਾਰ ਵਿਅਕਤੀ ਨੇ ਟੀਨ ਦੇ ਸ਼ੈੱਡ ਪਾ ਕੇ ਅੱਗੇ ਕਿਰਾਏ ’ਤੇ ਚੜਾ ਦਿੱਤਾ ਹੈ। ਹਾਲਾਂਕਿ ਕਾਬਜ਼ਕਾਰ ਵਿਅਕਤੀ ਵੱਲੋਂ ਆਪਣੀ ਜ਼ਮੀਨ ਦੱਸੀ ਜਾ ਰਹੀ ਹੈ ਪ੍ਰੰਤੂ ਉਹ ਜ਼ਮੀਨ ਦੀ ਫਰਦ ਨਹੀਂ ਦਿਖਾ ਸਕਿਆ। ਪਰਲ ਗਰੁੱਪ ਦੀ ਜ਼ਮੀਨ ਬਾਰੇ ਮੁੱਖ ਮੰਤਰੀ ਨੇ ਵੀ ਗੰਭੀਰ ਨੋਟਿਸ ਲਿਆ ਹੈ।
ੳ‘ਧਰ, ਦੂਜੇ ਪਾਸੇ ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪੇਂਡੂ ਖੇਤਰ ਵਿੱਚ ਬਣ ਰਹੀਆਂ ਗੈਰ ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਤੋਂ ਮੱੁਕਰਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਸਬੰਧਤ ਬਿਲਡਰਾਂ ਅਤੇ ਪਲਾਟਾਂ ’ਤੇ ਉਸਾਰੀ ਕਰਨ ਵਾਲਿਆਂ ਨੂੰ ਨੋਟਿਸ ਵੀ ਭੇਜੇ ਜਾ ਰਹੇ ਹਨ। ਅੌਸਤਨ ਮਹੀਨੇ ਵਿੱਚ 300 ਲੋਕਾਂ ਨੂੰ ਨੋਟਿਸ ਭੇਜੇ ਜਾਂਦੇ ਹਨ। ਇਸ ਤੋਂ ਇਲਾਵਾ ਗਮਾਡਾ ਵੱਲੋਂ ਕਾਫ਼ੀ ਥਾਵਾਂ ’ਤੇ ਗੈਰ ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ’ਤੇ ਬੁਲਡੋਜ਼ਰ ਵੀ ਚਲਾਇਆ ਗਿਆ ਹੈ ਪ੍ਰੰਤੂ ਕੁੱਝ ਸਮੇਂ ਬਾਅਦ ਮੁੜ ਉਸਾਰੀਆਂ ਸ਼ੁਰੂ ਹੋ ਜਾਂਦੀਆਂ ਹਨ। ਏਸੀਏ ਟਿਵਾਣਾ ਨੇ ਕਿਹਾ ਕਿ ਗਮਾਡਾ ਵੱਲੋਂ ਬਹੁਤ ਜਲਦੀ ਵੱਡੇ ਪੱਧਰ ’ਤੇ ਗੈਰਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਨੂੰ ਤਹਿਸ-ਨਹਿਸ ਕੀਤਾ ਜਾਵੇਗਾ ਅਤੇ ਪੁਲੀਸ ਕੇਸ ਵੀ ਦਰਜ ਕਰਵਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਸਤੇ ਭਾਅ ਵਿੱਚ ਪਲਾਟ ਲੈਣ ਦੇ ਚੱਕਰ ਵਿੱਚ ਆਪਣੀ ਜਮਾਪੂੰਜੀ ਨੂੰ ਬਰਬਾਦ ਨਾ ਕਰਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…