
ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ: ਆਈਜੀ ਭੁੱਲਰ
ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਨਹੀਂ ਕਰਨ ਦਿੱਤੀ ਜਾਵੇਗੀ
ਆਈਜੀ ਤੇ ਐੱਸਐੱਸਪੀ ਨੇ ਸਰਕਾਰੀ ਕਾਲਜ ਮੁਹਾਲੀ ਵਿੱਚ ਕੀਤੀ ਸਮੀਖਿਆ ਮੀਟਿੰਗ
ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪਰੇਡ ਕਮਾਂਡਰ ਡੀਐਸਪੀ ਪ੍ਰਿਆ ਖੇੜਾ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਜਾਵੇਗਾ। ਜਿਸ ਵਿੱਚ ਮਹਿਲਾ ਪੁਲੀਸ, ਐਨਸੀਸੀ ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਹਨ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ 700 ਵਿਦਿਆਰਥੀ
ਸ਼ਾਨਦਾਰ ਸਭਿਆਚਾਰਕ ਅਤੇ ਦੇਸ਼ ਭਗਤੀ ਪ੍ਰੋਗਰਾਮ ਪੇਸ਼ ਕਰਨਗੇ।
ਉਧਰ, ਰੂਪਨਗਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਐੱਸਐੱਸਪੀ ਸੰਦੀਪ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਆਈਜੀ ਭੁੱਲਰ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਤਿੰਨ ਪੜਾਵਾਂ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਹਿਲੇ ਪੜਾਅ ਤਹਿਤ ਵੱਖ-ਵੱਖ ਥਾਵਾਂ, ਸੁਸਾਇਟੀਆਂ ਤੇ ਰਿਹਾਇਸ਼ੀ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪੜਾਅ ਤਹਿਤ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਚੱਪੇ-ਚੱਪੇ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਤੀਜੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਸ਼ਾਮ ਤੋਂ ਲੈ ਕੇ ਭਲਕੇ 15 ਅਗਸਤ ਨੂੰ ਸਵੇਰੇ ਅਤੇ ਸ਼ਾਮ ਤੱਕ ਪੁਲੀਸ ਪੂਰੀ ਤਰ੍ਹਾਂ ਚੌਕੰਨੀ ਰਹੇਗੀ।

ਸ੍ਰੀ ਭੁੱਲਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੁਲੀਸ ਅਧਿਕਾਰੀਆਂ ਨੂੰ ਵੱਖ-ਵੱਖ ਖੇਤਰਾਂ ਦੀ ਵੰਡ ਕਰਕੇ ਉਨ੍ਹਾਂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਦੇ ਨਾਲ-ਨਾਲ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੁਰਮਾਂ ਤਹਿਤ ਜੇਲ੍ਹਾਂ ਵਿੱਚ ਬੰਦ ਰਹੇ ਅਤੇ ਹੁਣ ਜ਼ਮਾਨਤ ’ਤੇ ਆਏ ਮੁਲਜ਼ਮਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਚੈਕਿੰਗ ਜਾਰੀ ਹੈ। ਆਈਜੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ।