
ਅਤਿ-ਆਧੁਨਿਕ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਦਾ ਉਦਘਾਟਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਇੱਥੋਂ ਦੇ ਸੋਹਾਣਾ ਹਸਪਤਾਲ ਵਿੱਚ ਸਥਾਪਿਤ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਅੱਜ ਆਮ ਲੋਕਾਂ ਲਈ ਖੋਲ੍ਹ ਦਿੱਤਾ ਹੈ। ਇਸ ਹਸਪਤਾਲ ਦੇ ਉਦਘਾਟਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਜਦੋਂਕਿ ਐਡਵਾਂਸਡ ਪੈਟ ਸੀਸੀ ਸਕੈਨ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਐਡਵਾਂਸ ਟਰੂਬੀਮ ਲਿਨੀਅਰ ਮਸ਼ੀਨ ਦਾ ਉਦਘਾਟਨ ਕੀਤਾ। ਟਰੱਸਟ ਦੇ ਮੁਖੀ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨੇ ਵਾਲੇ ਨੇ ਗੁਰਮਤਿ ਸਮਾਗਮ ਅਤੇ ਉਦਘਾਟਨ ਸਮਾਰੋਹ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।
ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਜੀਤੀ ਸਿੱਧੂ, ਇਨਕਮ ਟੈਕਸ ਕਮਿਸ਼ਨਰ ਜੀਵਨ ਦੀਪ ਸਿੰਘ ਕਾਹਲੋਂ, ਫ਼ਿਲਮ ਅਦਾਕਾਰ ਗੁਰਪ੍ਰੀਤ ਘੁੱਗੀ ਸਮੇਤ ਹੋਰ ਕਈ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।