
ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਮੋਦੀਖ਼ਾਨਾ ਦਾ ਉਦਘਾਟਨ
ਗੁਰਦੁਆਰਾ ਅੰਬ ਸਾਹਿਬ ਕੰਪਲੈਕਸ ਵਿਖੇ 500 ਬੂਟੇ ਲਗਾਉਣ ਦਾ ਟੀਚਾ ਮਿਥਿਆ: ਬੀਬੀ ਲਾਂਡਰਾਂ
ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਸਾਂਝੇ ਯਤਨ ਕੀਤੇ ਜਾਣਗੇ: ਬੈਦਵਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਹੋਕਾ ਦਿੰਦੇ ਹੋਏ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਗੁਰਦੁਆਰਾ ਕੰਪਲੈਕਸ ਵਿੱਚ ਅੰਬ ਦੇ ਬੂਟੇ ਲਗਾਏ ਅਤੇ ਸੰਗਤ ਨੂੰ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬੀਬੀ ਲਾਂਡਰਾਂ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਨਾਂ ’ਤੇ ਬਣਾਏ ਨਵੇਂ ਮੋਦੀਖ਼ਾਨੇ (ਸਟੋਰ) ਅਤੇ ਲੇਖਾ ਅਫ਼ਸਰ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਸਮੇਂ ਦੌਰਾਨ 300 ਅੰਬਾਂ ਦੇ ਬੂਟੇ ਲਗਾਏ ਗਏ ਸਨ ਅਤੇ ਅੱਜ 200 ਹੋਰ ਅੰਬ ਦੇ ਬੂਟੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਅੰਬ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਇੱਥੇ ਬਹੁਤ ਵੱਡੀ ਗਿਣਤੀ ਵਿੱਚ ਦੂਰੋਂ ਨੇੜਿਓਂ ਸੰਗਤ ਨਤਮਸਤਕ ਹੋਣ ਆਉਂਦੀ ਹੈ। ਉਨ੍ਹਾਂ ਕਿਹਾ ਕਿ ਲੰਗਰ ਹਾਲ ਨਾਲ ਹੀ ਪਹਿਲਾਂ ਬਣਿਆ ਮੋਦੀਖ਼ਾਨਾ ਬਹੁਤ ਛੋਟਾ ਸੀ। ਸੰਗਤਾਂ ਵੱਲੋਂ ਭੇਜੀ ਜਾਂਦੀ ਰਸਦ ਨੂੰ ਰੱਖਣ ਲਈ ਵੱਡੇ ਮੋਦੀਖ਼ਾਨੇ ਦੀ ਲੋੜ ਸੀ। ਉਨ੍ਹਾਂ ਦੱਸਿਆ ਕਿ ਇਸ ਸਾਲ ਗੁਰਦੁਆਰਾ ਸਾਹਿਬ ਵਿਖੇ 500 ਅੰਬ ਦੇ ਬੂਟੇ ਲਗਾਉਣ ਦਾ ਟੀਚਾ ਹੈ।

ਇਸ ਮੌਕੇ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਅੰਬ ਸਾਹਿਬ ਦੀ ਬਗੀਚੀ ਨੂੰ ਸੰਭਾਲਣ ਦਾ ਸਾਂਝਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਹੰਭਲਾ ਮਾਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਇਸ ਮੌਕੇ ਐਸਜੀਪੀਸੀ ਦੇ ਮੈਂਬਰ ਰਜਿੰਦਰ ਸਿੰਘ ਟੌਹੜਾ, ਬੀਬੀ ਹਰਬੰਸ ਕੌਰ, ਹਰਵਿੰਦਰ ਸਿੰਘ ਸੂਰੀ, ਬਲਜਿੰਦਰ ਸਿੰਘ, ਲੇਖਾ ਅਫ਼ਸਰ ਸੁਰਜੀਤ ਸਿੰਘ, ਇੰਦਰਜੀਤ ਸਿੰਘ, ਜਤਿੰਦਰ ਸਿੰਘ ਧਰਮ ਪ੍ਰਚਾਰ ਕਮੇਟੀ ਅਤੇ ਹੋਰ ਪਤਵੰਤੇ ਮੌਜੂਦ ਸਨ। ਜਿਨ੍ਹਾਂ ਨੇ ਵੀ ਅੰਬ ਦੇ ਬੂਟੇ ਲਾਏ ਅਤੇ ਪਹਿਲਾਂ ਤੋਂ ਲੱਗੇ ਫਲਦਾਰ ਬੂਟਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕਰਨ ਦਾ ਪ੍ਰਣ ਕੀਤਾ।