
ਮੁੱਖ ਮੰਤਰੀ ਬਾਦਲ ਵੱਲੋਂ ਮੌੜ ਧਮਾਕਿਆਂ ਦੀ ਘਟਨਾ ਦੀ ਸਖ਼ਤ ਨਿਖੇਧੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਫਰਵਰੀ:
ਬੀਤੀ ਦੇਰ ਰਾਤ ਬਠਿੰਡਾ ਜ਼ਿਲ੍ਹੇ ਵਿੱਚ ਮੌੜ ਵਿਖੇ ਦੋ ਧਮਾਕੇ ਹੋਣ ਦੀ ਵਾਪਰੀ ਘਟਨਾ ਦੀ ਕਰੜੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਅੌਖੀ ਹਾਸਲ ਕੀਤੀ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਕੀਮਤ ’ਤੇ ਅਮਨ-ਸ਼ਾਂਤੀ, ਏਕਤਾ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਦੀ ਅਪੀਲ ਕੀਤੀ।
ਸ੍ਰੀ ਬਾਦਲ ਨੇ ਲੋਕਾਂ ਨੂੰ ਇਨ੍ਹਾਂ ਹਾਲਤਾਂ ’ਚ ਸੰਜਮ ਵਿੱਚ ਰਹਿ ਕੇ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਕੀਤਾ ਜੋ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਵਾਲੇ ਸੁਖਾਵੇਂ ਮਾਹੌਲ ਨੂੰ ਢਾਹ ਲਾਉਣ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਇਰਾਦਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ। ਸ੍ਰੀ ਬਾਦਲ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨਾਲ ਕਾਨੂੰਨ ਮੁਤਾਬਕ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,‘‘ਇਸ ਜੁਰਮ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਸੀਂ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਰੜੀ ਤੋਂ ਕਰੜੀ ਕਾਰਵਾਈ ਨੂੰ ਯਕੀਨੀ ਬਣਾਵਾਂਗੇ।