
ਮਨੌਲੀ ਪਿੰਡ ਵਿੱਚ ਵਾਪਰੀ ਬੇਅਦਬੀ ਦੀ ਘਟਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਮੁਹਾਲੀ ਦੇ ਨੇੜਲੇ ਪਿੰਡ ਮਨੌਲੀ (ਮੁਹੱਲਾ ਸੈਣੀ ਮਾਜਰਾ) ਵਿੱਚ ਬੁੱਧਵਾਰ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਇਕ ਪਿੰਡ ਵਾਸੀ ਦੇ ਮਕਾਨ ਦੀ ਛੱਤ ਤੋਂ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਹਨ। ਇਸ ਤੋਂ ਇਲਾਵਾ ਕੁੱਝ ਅੰਗ ਗਲੀ ਮੁਹੱਲੇ ਅਤੇ ਪਿੰਡ ਵਿੱਚ ਸਥਿਤ ਇਕ ਸਮਾਧ ਨੇੜੇ ਵੀ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਸੀ। ਜਦੋਂਕਿ ਪਿੰਡ ਦੇ ਬਾਹਰਵਾਰ ਕੂੜੇ ਦੇ ਢੇਰ ’ਤੇ ਕਾਫੀ ਮਾਤਰਾ ਵਿੱਚ ਗੁਟਕਾ ਸਾਹਿਬ ਅੰਗ ਪਏ ਮਿਲੇ ਹਨ। ਉਧਰ, ਸੂਚਨਾ ਮਿਲਦੇ ਹੀ ਮੁਹਾਲੀ ਦੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਡੀਐਸਪੀ (ਸਿਟੀ-2) ਦੀਪ ਕਮਲ ਅਤੇ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਭਗਵੰਤ ਸਿੰਘ ਸਮੇਤ ਹੋਰ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰੇ ਦੀਆਂ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਮੁਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ ਨੇ ਵੀ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਸਮੁੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪੁਲੀਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਘਟਨਾਕ੍ਰਮ ਬਾਰੇ ਐਸਜੀਪੀਸੀ ਦੀ ਧਰਮ ਪ੍ਰਚਾਰ ਕਮੇਟੀ ਨੂੰ ਜਾਣੂ ਕਰਵਾ ਦਿੱਤਾ ਹੈ। ਪਤਾ ਲੱਗਾ ਹੈ ਕਿ ਧਰਮ ਪ੍ਰਚਾਰ ਕਮੇਟੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਚਾਰਕ ਨੂੰ ਪੜਤਾਲ ਕਰਨ ਲਈ ਕਰਕੇ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਸੀ ਗੁਰਮੀਤ ਸਿੰਘ ਅੱਜ ਸਵੇਰੇ ਆਪਣੇ ਡੌਗੀ ਨੂੰ ਘੁੰਮਾ ਰਿਹਾ ਸੀ। ਇਸ ਦੌਰਾਨ ਉਸ ਨੇ ਕਈ ਥਾਵਾਂ ’ਤੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਦੇਖੇ ਅਤੇ ਉਨ੍ਹਾਂ ਨੇ ਤੁਰੰਤ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਜੋਰਾ ਸਿੰਘ ਨੂੰ ਦੱਸਿਆ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਕੇ ਪਿੰਡ ਵਾਸੀਆਂ ਨੂੰ ਘਟਨਾ ਬਾਰੇ ਦੱਸਿਆ ਗਿਆ। ਸੂਚਨਾ ਮਿਲਦੇ ਹੀ ਪਿੰਡ ਵਾਸੀ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਪਿੰਡ ਦਾ ਦੌਰਾ ਕਰਕੇ ਦੇਖਿਆ ਸਮਾਧ ਦੇ ਨੇੜੇ ਅਤੇ ਪਿੰਡ ਦੇ ਬਾਹਰਵਾਰ ਕੂੜੇ ਦੇ ਢੇਰ ਉੱਤੇ ਗੁਟਕਾ ਸਾਹਿਬ ਦੇ ਅੰਗ ਪਏ ਸੀ। ਪਤਾ ਲੱਗਾ ਹੈ ਕਿ ਕਈ ਥਾਵਾਂ ਤੋਂ 80 ਦੇ ਕਰੀਬ ਅੰਗ ਮਿਲੇ ਹਨ। ਇਸ ਸਬੰਧੀ ਸੋਹਾਣਾ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 295ਏ ਅਤੇ 120ਬੀ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੇਕਿਨ ਖ਼ਬਰ ਲਿਖੇ ਜਾਣ ਤੱਕ ਪੁਲੀਸ ਨੂੰ ਬੇਅਦਬੀ ਦੀ ਘਟਨਾ ਸਬੰਧੀ ਕੋਈ ਠੋਸ ਸੁਰਾਗ ਨਹੀਂ ਮਿਲਿਆ। ਪੁਲੀਸ ਨੇ ਪਿੰਡ ਵਾਸੀਆਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ।