
ਝੋਨੇ ਦੇ ਸਮਰਥਨ ਮੁੱਲ ਵਿੱਚ ਵਾਧਾ, ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਕੇਂਦਰੀ ਸਰਕਾਰ ਵੱਲੋਂ ਹਾਲ ਹੀ ਵਿੱਚ ਝੋਨੇ ਦੇ ਸਮਰਥਨ ਮੁੱਲ ਵਿੱਚ ਕੇਵਲ 53 ਰੁਪਏ ਪ੍ਰਤੀ ਕੁਵਿੰਟਲ ਦਾ ਵਾਧਾ ਕਰਨ ਦੇ ਮਾਮਲੇ ਵਿੱਚ ਟਿੱਪਣੀ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਤਾਂ ਕਿਹਾ ਜਾਂਦਾ ਹੈ ਪਰ ਜੋ ਵਿਵਹਾਰ ਕਿਸਾਨਾਂ ਨਾਲ ਕੀਤਾ ਜਾਂਦਾ ਹੈ, ਉਹ ਮਜਬੂਰ ਬੇਵੱਸ ਨਾਗਰਿਕਾਂ ਵਰਗਾ ਹੁੰਦਾ ਹੈ ਕਿਉਂਕਿ ਕਿਸਾਨ ਆਪਣਾ ਪਿਤਾ ਪੁਰਖੀ ਧੰਦਾ ਛੱਡ ਨਹੀਂ ਸਕਦਾ। ਜਿਸ ਦਾ ਕੇਂਦਰ ਸਰਕਾਰ ਨੇ ਹਮੇਸ਼ਾ ਗਲਤ ਫਾਇਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਕਾਰਵਾਈ ਨਿੰਦਣਯੋਗ ਹੈ।
ਸ੍ਰੀ ਬਡਹੇੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦਾ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਵਿੰਟਲ ਮਿਥਣ ਲਈ ਮੰਗ ਕੀਤੀ ਗਈ ਸੀ ਜੋ ਬਿਲਕੁਲ ਜਾਇਜ਼ ਹੈ ਕਿਉਂਕਿ ਕਿ ਕਿਸਾਨਾਂ ਨੂੰ ਕਰੋਨਾਵਾਇਰਸ ਦੇ ਚੱਲਦਿਆਂ ਅਤੇ ਕੁਦਰਤੀ ਆਫ਼ਤਾਂ ਬਹੁਤ ਨੁਕਸਾਨ ਝੱਲਣਾ ਪਿਆ ਹੈ ਕੇਂਦਰੀ ਸਰਕਾਰ ਨੂੰ ਕਿਸਾਨਾਂ ਦੇ ਮਲ੍ਹਮ ਲਗਾਉਣ ਦੀ ਲੋੜ ਹੈ ਇਸ ਲਈ ਮੋਦੀ ਸਰਕਾਰ ਮੁੜ ਵਿਚਾਰ ਕਰਕੇ ਅਤੇ ਝੋਨੇ ਦਾ ਸਮਰਥਨ ਮੁੱਲ ਸਹੀ ਅਤੇ ਜਾਇਜ਼ ਐਲਾਨ ਕਰੇ ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕੇਂਦਰੀ ਅੰਨ-ਭੰਡਾਰ ਵਿੱਚ ਵੱਡਾ ਹਿੱਸਾ ਪਾਉਂਦਾ ਹੈ, ਜਿਸ ਨੂੰ ਖ਼ੁਸ਼ ਅਤੇ ਖ਼ੁਸ਼ਹਾਲ ਰੱਖਣਾ ਕੇਂਦਰੀ ਸਰਕਾਰ ਦਾ ਫਰਜ਼ ਬਣਦਾ ਹੈ।