nabaz-e-punjab.com

ਡੈਪੋ ਪ੍ਰੋਗਰਾਮ ਜ਼ਰੀਏ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਡੀਸੀ

ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ, ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਡੈਪੋ ਬਣਾਏ ਜਾਣ ਦੀ ਲੋੜ ’ਤੇ ਜ਼ੋਰ
ਨਸ਼ਾ ਵੇਚਣ ਤੇ ਨਸ਼ਾ ਕਰਨ ਵਾਲੇ ਦੀ ਸੂਚਨਾ ਦੇਣ ਵਾਲੇ ਦਾ ਨਾਂ ਰੱਖਿਆ ਜਾਵੇਗਾ ਗੁਪਤ
ਡੀਸੀ ਅਤੇ ਐਸਐਸਪੀ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਜ਼ਿਲ੍ਹਾ ਵਿਚ ਡੈਪੋ ਪ੍ਰੋਗਰਾਮ ਜ਼ਰੀਏ ਨਸ਼ਿਆਂ ਖ਼ਿਲਾਫ਼ ਵਿੰਢੀ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਮੁਹਿੰਮ ਸਫਲ ਨਹੀਂ ਹੋ ਸਕਦੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨਾਲ ਸਾਂਝੇ ਤੌਰ ’ਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੱਦੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਉਹ ਖੁਦ ਜ਼ਿਲ੍ਹਾ ਪੁਲਿਸ ਮੁਖੀ ਨਾਲ ਹਫਤੇ ਵਿੱਚ ਇਕ ਵਾਰ ਦਿਹਾਤੀ ਅਤੇ ਸ਼ਹਿਰੀ ਖੇਤਰ ਦਾ ਦੌਰਾ ਕਰਿਆ ਕਰਨਗੇ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਚਣ ਲਈ ਵੱਧ ਤੋਂ ਵੱਧ ਡੈਪੋ ਬਣਾਏ ਜਾਣ ਅਤੇ ਉਨ੍ਹਾਂ ਨੂੰ ਸਿਖਲਾਈ ਦੇ ਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦੇ ਯੋਗ ਬਣਾਇਆ ਜਾਵੇ ਤਾਂ ਜੋ ਉਹ ਨੌਜਵਾਨਾਂ ਦੇ ਨਾਲ-ਨਾਲ ਹਰ ਵਰਗ ਤੱਕ ਆਪਣੀ ਪਹੁੰਚ ਬਣਾ ਸਕਣ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਡੈਪੋਜ਼ ਤੋਂ ਨਸ਼ਿਆਂ ਸਬੰਧੀ ਫੀਡ ਬੈਕ ਲਈ ਜਾਵੇ ਤਾਂ ਜੋ ਨਸ਼ਿਆਂ ਖ਼ਿਲਾਫ਼ ਕਾਰਗਰ ਢੰਗ ਨਾਲ ਕਾਰਵਾਈ ਹੋ ਸਕੇ। ਡਿਪਟੀ ਕਮਿਸ਼ਨਰ ਨੇ ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਇੱਕ ਟੀਮ ਵਜੋਂ ਇੱਕ ਮਿਸ਼ਨ ਦੇ ਤੌਰ ’ਤੇ ਕੰਮ ਕਰਨ ਲਈ ਵੀ ਆਖਿਆ।
ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਨਸ਼ਿਆਂ ਖ਼ਿਲਾਫ਼ ਮਤੇ ਪਵਾਉਣ ਦਾ ਕੰਮ ਹਫਤੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ। ਮਤਿਆਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਤੋਂ ਮਗਰੋ ਉਨ੍ਹਾਂ ਦਾ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਕਰਾਉਣਾ, ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਮਰਦਾਂ ਤੇ ਅੌਰਤਾਂ ਦੀਆਂ ਟੀਮਾਂ ਬਣਾ ਕੇ ਘਰ-ਘਰ ਜਾ ਕੇ ਜਾਗਰੂਕ ਕਰਨਾ ਅਤੇ ਨਸ਼ਾ ਕਰਨ ਵਾਲੇ ਅਤੇ ਨਸ਼ੇ ਦੀ ਵਿਕਰੀ ਕਰਨ ਵਾਲਿਆਂ ਦੀ ਸੂਚਨਾ ਜ਼ਿਲ੍ਹਾ ਪੁਲਿਸ ਦੇ ਮੋਬਾਇਲ ਨੰਬਰ 91155-16001 ਅਤੇ ਡੀ.ਸੀ.ਦਫਤਰ ਦੀ ਈ-ਮੇਲ ਆਈ ਡੀ. ’ਤੇ ਦੇਣ ਸਬੰਧੀ ਅਤੇ ਨਸ਼ੇ ਮੁਕਤੀ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਡੈਪੋ ਸਕੀਮ ਲਈ ਹਰ ਤਰ੍ਹਾਂ ਦੀ ਮਦਦ ਕਰਨ ਵਾਸਤੇ ਤਿਆਰ ਰਹਿਣਾ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜਿਹੜਾ ਨਸ਼ਿਆਂ ਦੀ ਵਿਕਰੀ ਕਰਨ ਅਤੇ ਨਸ਼ਾ ਕਰਨ ਵਾਲੇ ਸਬੰਧੀ ਸੂਚਨਾ ਦੇਵੇਗਾ, ਉਸ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਐਸ.ਡੀ.ਐਮਜ਼ ਅਤੇ ਸਬੰਧਿਤ ਡੀ.ਐਸ.ਪੀਜ ਨੂੰ ਆਖਿਆ ਕਿ ਉਹ ਸਬ-ਡਿਵੀਜ਼ਨ ਪੱਧਰ ’ਤੇ ਗਠਨ ਕੀਤੀਆਂ ਮਿਸ਼ਨ ਟੀਮਾਂ ਦੇ ਕੰਮਕਾਜ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਤਾਂ ਜੋ ਨਸ਼ਿਆਂ ਦੀ ਲਤ ’ਚ ਫਸੇ ਨੌਜਵਾਨਾਂ ਅਤੇ ਹੋਰਨਾਂ ਦਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ ਕੇਂਦਰਾਂ ਰਾਹੀਂ ਇਲਾਜ ਕਰਵਾ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਲਤ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਹੋਰ ਆਖਿਆ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਥਾਣਾ ਪੱਧਰ ’ਤੇ ਰੈਲੀਆਂ/ਸੈਮੀਨਾਰ ਕੀਤੇ ਜਾਣ ਅਤੇ ਇਨ੍ਹਾਂ ਰੈਲੀਆਂ ਵਿਚ ਪੰਚਾਇਤਾਂ, ਯੂਥ ਕਲੱਬਾਂ ਦੇ ਨੌਜਵਾਨਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਕਈ ਵਾਰ ਆਮ ਲੋਕ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਤੋਂ ਕਤਰਾਉਂਦੇ ਹਨ। ਉਨ੍ਹਾਂ ਕਿਹਾ ਕਿ ਸਿਵਲ ਅਧਿਕਾਰੀਆਂ ਦੀ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਿਵਲ ਪ੍ਰਸ਼ਾਸਨ ਅਧਿਕਾਰੀ ਲੋਕਾਂ ਤੋਂ ਮਿਲੀ ਅਜਿਹੀ ਸੂਚਨਾ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਉਨ੍ਹਾਂ (ਐਸ.ਐਸ.ਪੀ.) ਨਾਲ ਵੀ ਸਾਂਝੀ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਭਾਵੇ ਜ਼ਿਲ੍ਹਾ ਪੁਲਿਸ ਆਪਣੇ ਪੱਧਰ ’ਤੇ ਨਸ਼ਿਆਂ ਦੇ ਵਪਾਰੀਆਂ ਨੂੰ ਕਾਬੂ ਕਰਨ ਲਈ ਕੰਮ ਕਰ ਰਹੀ ਹੈ ਪ੍ਰੰਤੂ ਜੇਕਰ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਤਾਂ ਹੋਰ ਵਧੇਰੇ ਕਾਮਯਾਬੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਇਸ ਮੌਕੇ ਸਾਂਝ ਕੇਂਦਰਾਂ ਰਾਹੀਂ ਵੀ ਡੈਪੋ ਰਜਿਸਟਰ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਗਰਗ, ਸਿਵਲ ਸਰਜਨ ਡਾ: ਰੀਟਾ ਭਾਰਦਵਾਜ, ਐਸ.ਪੀ. ਹੈਡਕੁਆਟਰ ਗੁਰਸੇਵਕ ਸਿੰਘ ਬਰਾੜ, ਐਸ.ਡੀ.ਐਮ. ਮੁਹਾਲੀ ਡਾ. ਆਰ.ਪੀ.ਸਿੰਘ, ਐਸਡੀਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਡੇਰਾਬਸੀ ਪਰਮਜੀਤ ਸਿੰਘ, ਐਸ.ਪੀ (ਟ੍ਰੈਫਿਕ) ਤਰੁਨ ਰਤਨ, ਸਮੂਹ ਡੀਐਸਪੀਜ਼ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…