
ਆਜ਼ਾਦੀ ਦਿਵਸ: ਏਡੀਜੀਪੀ ਈਸ਼ਵਰ ਚੰਦਰ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਮੁਹਾਲੀ ਵਿੱਚ ਹੋਵੇਗਾ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ, ਮੁੱਖ ਮੰਤਰੀ ਲਹਿਰਾਉਣਗੇ ਤਿਰੰਗਾ
ਮੁਹਾਲੀ ਪੁਲੀਸ ਵੱਲੋਂ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸਰਚ ਅਭਿਆਨ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ 15 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿੱਚ ਮੁਹਾਲੀ ਵਿੱਚ ਤਿਰੰਗਾ ਝੰਡਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦਾ ਰਸਮੀ ਹਿੱਸਾ ਢੁਕਵੇਂ ਢੰਗ ਨਾਲ ਮਨਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨ ਮਾਰਚ ਵਿੱਚ ਹਿੱਸਾ ਲੈਣਗੇ ਅਤੇ ਮੁੱਖ ਮੰਤਰੀ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਵੀ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲੀ ਵਿਦਿਆਰਥੀਆਂ ਨਾਲ ਸਬੰਧਤ ਕੋਈ ਵੀ ਸਭਿਆਚਾਰਕ ਪ੍ਰੋਗਰਾਮ ਪੇਸ਼ ਨਹੀਂ ਕੀਤਾ ਜਾਵੇਗਾ।
ਉਧਰ, ਏਡੀਜੀਪੀ (ਲਾਅ ਐਂਡ ਆਰਡਰ) ਈਸ਼ਵਰ ਚੰਦਰ ਨੇ ਮੰਗਲਵਾਰ ਨੂੰ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਹਾਲੀ ਸਿਵਲ ਪ੍ਰਸ਼ਾਸਨ ਸਮੇਤ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਆਈਜੀ ਅਮਿਤ ਪ੍ਰਸ਼ਾਦ, ਮੁੱਖ ਮੰਤਰੀ ਦੇ ਸੁਰੱਖਿਆ ਇੰਚਾਰਜ ਆਈਜੀ ਪ੍ਰਮੋਦ ਬਾਨ, ਏਆਈਜੀ (ਇੰਟੈਲੀਜੈਂਸ) ਅਨਿਲ ਜੋਸ਼ੀ, ਐਸਐਸਪੀ ਕੁਲਦੀਪ ਸਿੰਘ ਚਾਹਲ, ਮੁੱਖ ਮੰਤਰੀ ਦੇ ਐਡਵਾਂਸ ਸੁਰੱਖਿਆ ਦਸਤੇ ਦੇ ਮੁਲਾਜ਼ਮ ਵੀ ਹਾਜ਼ਰ ਸਨ। ਉਨ੍ਹਾਂ ਨੇ ਸਮਾਗਮ ਵਾਲੀ ਥਾਂ ਦੀ ਸਾਫ਼-ਸਫ਼ਾਈ ਅਤੇ ਸਮੁੱਚੇ ਖੇਤਰ ਨੂੰ ਸੈਨੇਟਾਈਜ਼ ਕਰਨ ਦੇ ਆਦੇਸ਼ ਵੀ ਦਿੱਤੇ ਅਤੇ ਸਬੰਧਤ ਅਧਿਕਾਰੀਆਂ ਨੂੰ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਰੋਨਾ ਦੇ ਮੱਦੇਨਜ਼ਰ ਪੁਲੀਸ ਨੂੰ ਸਖ਼ਤ ਹਦਾਇਤ ਕੀਤੀ ਕਿ ਝੰਡਾ ਲਹਿਰਾਉਣ ਜਾਂ ਉਸ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਮੁੱਖ ਮੰਤਰੀ ਦੇ ਨੇੜੇ ਨਾ ਢੁੱਕਣ ਦਿੱਤਾ ਜਾਵੇ ਅਤੇ ਬਿਨਾਂ ਸਪੈਸ਼ਲ ਪਾਸ ਜਾਂ ਸੱਦਾ ਪੱਤਰ ਤੋਂ ਕਿਸੇ ਨੂੰ ਸਮਾਗਮ ਵਾਲੀ ਥਾਂ ’ਤੇ ਦਾਖ਼ਲ ਨਾ ਹੋਣ ਦਿੱਤਾ ਜਾਵੇ।
ਇਸੇ ਦੌਰਾਨ ਫੇਜ਼-1 ਥਾਣਾ ਦੇ ਐਸਐਚਓ ਮਨਫੂਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਮਾਗਮ ਵਾਲੀ ਥਾਂ ਅਤੇ ਹੋਰ ਆਲੇ ਦੁਆਲੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਅਤੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ।