
ਆਜ਼ਾਦੀ ਦਿਹਾੜਾ: ਮੁਹਾਲੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਤਿਰੰਗਾ ਝੰਡਾ
ਡੀਸੀ ਆਸ਼ਿਕਾ ਜੈਨ ਤੇ ਐੱਸਐੱਸਪੀ ਸੰਦੀਪ ਗਰਗ ਨੇ ਫੁੱਲ ਡਰੈਸ ਰਿਹਰਸਲ ਦਾ ਕੀਤਾ ਨਿਰੀਖਣ
ਨਬਜ਼-ਏ-ਪੰਜਾਬ, ਮੁਹਾਲੀ, 12 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਮੁਹਾਲੀ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ ਅਤੇ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡੀਸੀ ਆਸ਼ਿਕਾ ਜੈਨ ਦੇ ਨਾਲ ਐੱਸਐੱਸਪੀ ਡਾ. ਸੰਦੀਪ ਗਰਗ ਨੇ ਵੀ ਪਰੇਡ ਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀਐਸਪੀ ਪ੍ਰਿਆ ਖੇੜਾ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ, ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲੀਸ, ਐਨਸੀਸੀ ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ। ਦਰਜਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ 700 ਵਿਦਿਆਰਥੀ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
ਫੁੱਲ ਡਰੈਸ ਰਿਹਰਸਲ ਦੇ ਨਿਰੀਖਣ ਉਪਰੰਤ ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੀ ਥਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਡਿਊਟੀ ਵਿੱਚ ਢਿੱਲਮੱਠ ਅਤੇ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਐੱਸਐੱਸਪੀ ਸੰਦੀਪ ਗਰਗ, ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਦਿਹਾਤੀ ਵਿਕਾਸ) ਗੀਤਿਕਾ ਸਿੰਘ, ਐਸਡੀਐਮ ਰਵਿੰਦਰ ਸਿੰਘ, ਐਸਪੀ ਜੋਤੀ ਯਾਦਵ ਤੇ ਮਨਪ੍ਰੀਤ ਸਿੰਘ, ਡੀਡੀਪੀਓ ਅੰਮ੍ਰਿਤਪਾਲ ਸਿੰਘ ਚੌਹਾਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਮੌਜੂਦ ਸਨ।

ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਜ਼ਾਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਕਾਲਜ ਮੁਹਾਲੀ ਦੇ ਨਾਲ ਲੱਗਦੇ 5 ਕਿੱਲੋਮੀਟਰ ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਇਹ ਤਾਜ਼ਾ ਹੁਕਮ ਅੱਜ ਤੋਂ 15 ਅਗਸਤ ਤੱਕ ਜਾਰੀ ਰਹਿਣਗੇ।