
ਆਜ਼ਾਦੀ ਦਿਵਸ: ਸਿੱਖਿਆ ਬੋਰਡ ਦੇ ਸਟਾਫ਼ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਸੁਤੰਤਰਤਾ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਰੰਗਾਰੰਗ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪ੍ਰੋ. ਯੋਗਰਾਜ ਨੇ ਭਾਰਤ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਤੇ ਦੇਸ-ਭਗਤਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ। ਪ੍ਰੋ. ਯੋਗਰਾਜ ਨੇ ਕਿਹਾ ਕਿ ਹਰ ਭਾਰਤਵਾਸੀ ਨੂੰ ਆਜ਼ਾਦੀ ਦੀ ਕੀਮਤ ਸਮਝਦੇ ਹੋਏ ਸ਼ਹੀਦਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਪ੍ਰੋ. ਯੋਗਰਾਜ ਨੇ ਸਿੱਖਿਆ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਸੁਧਾਰ ਲਿਆਉਣ ਲਈ ਸੇਵਾ ਭਾਵਨਾ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਪੰਜਾਬ ਬੋਰਡ ਦੇ ਨਾਮ ਨੂੰ ਹੋਰ ਬੁਲੰਦੀਆਂ ’ਤੇ ਚਮਕਾਇਆ ਜਾ ਸਕੇ।
ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਵੀ ਇਸ ਮੌਕੇ ਆਪਣੇ ਸੰਬੋਧਨ ਵਿੱਚ ਅਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਯੋਧਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਡਾ. ਭਾਟੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਬੋਰਡ ਦੇ ਅੱਗੇ ਵਧਣ ਵਿੱਚ ਦਿੱਤੇ ਜਾ ਰਹੇ ਸਕਾਰਾਤਮਿਕ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਅਜੋਕੀ ਪੀੜ੍ਹੀ ਨੂੰ ਆਜ਼ਾਦੀ ਦੇ ਮਹੱਤਵ ਨੂੰ ਸਮਝ ਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਆਪਣੇ ਦੇਸ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਆਪਣੇ ਦੇਸ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦੇਣ।
ਸਿੱਖਿਆ ਬੋਰਡ ਵੱਲੋਂ ਮਨਾਏ ਅਜ਼ਾਦੀ ਦਿਹਾੜੇ ਦੇ ਇਸ ਸਮਾਰੋਹ ਵਿੱਚ ਬੋਰਡ ਦੇ ਸਮੂਹ ਉੱਪ ਸਕੱਤਰ, ਸਹਾਇਕ ਸਕੱਤਰ, ਵਿਸ਼ਾ ਮਾਹਿਰਾਂ ਦੇ ਨਾਲ-ਨਾਲ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਭਾਰੀ ਮਾਤਰਾ ਵਿੱਚ ਹਾਜ਼ਰ ਸਨ। ਬੋਰਡ ਦੇ ਸੁਰੱਖਿਆ ਕਰਮਚਾਰੀਆਂ ਦੀ ਟੀਮ ਨੇ ਵੀ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਤੇ ਮਾਰਚ ਪਾਸਟ ਕੀਤਾ। ਵਿਸ਼ਾ ਮਾਹਰ ਹਰਜਿੰਦਰ ਸਿੰਘ ਨੇ ਮੰਚ ਸੰਚਾਲਨ ਕਰਦੇ ਹੋਏ ਆਜ਼ਾਦੀ ਸੰਗਰਾਮ ਵਿੱਚ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਅਤੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਇਸ ਸਮਾਰੋਹ ਵਿੱਚ ਪਹੁੰਚੇ ਬੋਰਡ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।