
ਆਜ਼ਾਦ ਉਮੀਦਵਾਰ ਗੁਰਜੀਤ ਮਾਮਾ ਨੇ ਸੈਕਟਰ-70 ਵਿੱਚ ਚੋਣ ਦਫ਼ਤਰ ਖੋਲ੍ਹਿਆ
ਸੈਕਟਰ-70 ਤੇ ਮਟੌਰ ਵਿੱਚ ਸਰਕਾਰੀ ਹਸਪਤਾਲ ਜਾਂ ਕਮਿਊਨਿਟੀ ਹੈਲਥ ਸੈਂਟਰ ਦੀ ਬੇਹੱਦ ਲੋੜ: ਬੈਦਵਾਨ
ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਐ: ਗੁਰਜੀਤ ਮਾਮਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਯੂਥ ਆਫ਼ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਮਾਜ ਸੇਵੀ ਆਗੂ ਗੁਰਜੀਤ ਸਿੰਘ ਉਰਫ਼ ਮਾਮਾ ਮਟੌਰ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਅੱਜ ਉਨ੍ਹਾਂ ਨੇ ਇੱਥੋਂ ਦੇ ਸੈਕਟਰ-70 ਵਿੱਚ ਆਪਣਾ ਚੋਣ ਦਫ਼ਤਰ ਖੋਲ੍ਹ ਲਿਆ ਹੈ। ਜਿਸ ਦਾ ਉਦਘਾਟਨ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਮੌਜੂਦਗੀ ਵਿੱਚ ਇਲਾਕੇ ਦੇ ਪਤਵੰਤਿਆਂ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਗ੍ਰੰਥੀ ਸਿੰਘ ਨੇ ਨੌਜਵਾਨ ਉਮੀਦਵਾਰ ਦੀ ਚੜ੍ਹਦੀ ਕਲਾ ਦੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ।
ਇਸ ਮੌਕੇ ਬੋਲਦਿਆਂ ਪਰਮਦੀਪ ਬੈਦਵਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਲੋਕਾਂ ਦਾ ਰਿਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਜਿਸ ਕਾਰਨ ਗੁਰਜੀਤ ਮਾਮਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੈਕਟਰ-70 ਅਤੇ ਮਟੌਰ ਦੇ ਵਿਕਾਸ ਵੱਲ ਹੁਣ ਤੱਕ ਕਿਸੇ ਪਾਰਟੀ ਦੀ ਸਰਕਾਰ ਅਤੇ ਇਸ ਇਲਾਕੇ ਤੋਂ ਲੋਕਾਂ ਵੱਲੋਂ ਚੁਣੇ ਜਾਂਦੇ ਰਹੇ ਕੌਂਸਲਰਾਂ ਨੇ ਕੋਈ ਧਿਆਨ ਨਹੀਂ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਸਥਾਨਕ ਲੋਕ ਅਨੇਕਾਂ ਪ੍ਰਕਾਰ ਦੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸੈਕਟਰ-70 ਜਾਂ ਮਟੌਰ ਵਿੱਚ ਸਰਕਾਰੀ ਹਸਪਤਾਲ ਜਾਂ ਕਮਿਊਨਿਟੀ ਹੈਲਥ ਸੈਂਟਰ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਲਈ ਖੱਜਲ-ਖੁਆਰ ਨਾ ਹੋਣਾ ਪਵੇ।
ਇਸ ਮੌਕੇ ਆਜ਼ਾਦ ਉਮੀਦਵਾਰ ਗੁਰਜੀਤ ਸਿੰਘ ਮਾਮਾ ਨੇ ਕਿਹਾ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਸੇ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਹੁਣ ਤੱਕ ਸ਼ਹਿਰ ਵਾਸੀਆਂ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਦੇਖ ਚੁੱਕੇ ਹਨ ਲੇਕਿਨ ਕਿਸੇ ਨੇ ਵੀ ਲੋਕਾਂ ਦੀ ਬਾਂਹ ਨਹੀਂ ਫੜੀ। ਜਿਸ ਕਾਰਨ ਉਨ੍ਹਾਂ ਨੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੋਣ ਜਿੱਤ ਕੇ ਹਾਊਸ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਪੂਰੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਹਾਜ਼ਰ ਬੀਬੀਆਂ ਨੇ ਇਕਸੁਰ ਵਿੱਚ ਕਿਹਾ ਕਿ ਇਸ ਖੇਤਰ ਵਿੱਚ ਵਾਹਨ ਪਾਰਕਿੰਗ ਦੀ ਬਹੁਤ ਸਮੱਸਿਆ ਹੈ, ਜੋ ਪਹਿਲ ਦੇ ਆਧਾਰ ’ਤੇ ਹੱਲ ਹੋਣੀ ਚਾਹੀਦੀ ਹੈ।
ਇਸ ਮੌਕੇ ਨੌਜਵਾਨ ਆਗੂ ਰਣਬੀਰ ਸਿੰਘ ਬੈਦਵਾਨ, ਨਰਿੰਦਰ ਵੱਤਸ, ਇੰਦੂ ਵਰਮਾ, ਮੰਜੂ ਪਾਠਕ, ਰਾਜ ਕੱਕੜ, ਪਰਵੀਨ ਅਸਵਲ, ਵਿਜੈ ਕੁਮਾਰ, ਹਰਮੇਸ਼ ਦਰਦੀ, ਜੋਤੀ ਸਿੰਗਲਾ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।