nabaz-e-punjab.com

ਜ਼ਿਲ੍ਹਾ ਪ੍ਰੀਸ਼ਦ ਦੇ ਆਜ਼ਾਦ ਉਮੀਦਵਾਰ ਸ਼ੁਭਜੋਤ ਸਿੰਘ ਮਨੌਲੀ ਨੇ ਲਾਇਆ ਪੂਰਾ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਮੁਹਾਲੀ ਵਿੱਚ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਸੋਮਵਾਰ ਨੂੰ ਚੋਣ ਪ੍ਰਚਾਰ ਦੇ ਆਖਰੀ ਦਿਨ ਮਨੌਲੀ ਜ਼ੋਨ ਤੋਂ ਆਜ਼ਾਦ ਉਮੀਦਵਾਰ ਸ਼ੁਭਜੋਤ ਸਿੰਘ (ਪੁੱਤਰ ਅਵਤਾਰ ਸਿੰਘ ਮਨੌਲੀ ਸਾਬਕਾ ਸਰਪੰਚ) ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਗਡਾਣਾ, ਢੇਲਪੁਰ ਅਤੇ ਗੀਗੇਮਾਜਰਾ ਵਿੱਚ ਚੋਣ ਪ੍ਰਚਾਰ ਦਾ ਆਖਰੀ ਪੜਾਅ ਖ਼ਤਮ ਕਰਕੇ ਉਮੀਦਵਾਰ ਨੇ ਆਪਣੇ ਜੱਦੀ ਮਨੌਲੀ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਸੂਬਾ ਪ੍ਰਧਾਨ ਪ੍ਰੋ. ਮਨਜੀਤ ਸਿੰਘ, ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਸੰਬੋਧਨ ਕੀਤਾ।
ਇਸ ਮੌਕੇ ਬੋਲਦਿਆਂ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਵਿੱਚ ਵਾਰੋ ਵਾਰੀ ਲੋਕਾਂ ਨੂੰ ਲੁੱਟਣ ਤੇ ਕੁੱਟਣ ਵਾਲੀਆਂ ਕਾਂਗਰਸ ਅਤੇ ਅਕਾਲੀ ਦਲ ਤਾਂ ਬੱਸ ਇੱਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਤੱਕ ਹੀ ਸੀਮਤ ਰਹਿ ਗਈਆਂ ਨੇ। ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨਾਲ ਇਨ੍ਹਾਂ ਦੋਵੇਂ ਪਾਰਟੀਆਂ ਦੇ ਆਗੂਆਂ ਨੂੰ ਕੋਈ ਸਰੋਕਾਰ ਨਹੀਂ ਰਿਹਾ। ਬੇਰੁਜ਼ਗਾਰੀ ਤੇ ਗਰੀਬੀ ਦਿਨੋ ਦਿਨ ਵਧ ਰਹੀ ਹੈ ਅਤੇ ਕਤਲੋਗਾਰਤ ਦੀਆਂ ਘਟਨਾਵਾਂ ਵਧ ਰਹੀਆਂ ਹਨ। ਲਿਹਾਜ਼ਾ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਹੁਣ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚੋਂ ਲਾਂਭੇ ਕੀਤਾ ਜਾਵੇ।
ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਲੋਕਾਂ ਨਾਲ ਘਰ ਘਰ ਨੌਕਰੀ ਅਤੇ ਕੁਝ ਕੁ ਸਮੇਂ ਵਿੱਚ ਹੀ ਨਸ਼ਿਆਂ ਦਾ ਖ਼ਾਤਮਾ ਕਰਨ ਵਰਗੇ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਚੋਣ ਵਾਅਦੇ ਨਿਭਾਉਣ ਵਿੱਚ ਨਾਕਾਮ ਰਹੀ ਹੈ। ਅਕਾਲੀਆਂ ਦੇ ਰਾਜ ਵਿੱਚ ਫੈਲੇ ਭ੍ਰਿਸ਼ਟਾਚਾਰੀ ਦੈਂਤ ਨੇ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਅਤੇ ਬੇਅਦਬੀ ਲਈ ਰਾਜ ਦੇ ਲੋਕ ਅਕਾਲੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।
ਸਾਬਕਾ ਸਰਪੰਚ ਅਵਤਾਰ ਸਿੰਘ ਮਨੌਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਸ਼ੁਭਜੋਤ ਸਿੰਘ ਦੇ ਚੋਣ ਨਿਸ਼ਾਨ ਗਿਲਾਸ ਉੱਤੇ ਮੋਹਰਾਂ ਲਗਾ ਕੇ ਕਾਮਯਾਬ ਬਣਾਉਣ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਉਪਰਾਲੇ ਕੀਤੇ ਜਾ ਸਕਣ ਅਤੇ ਪਿੰਡਾਂ ਦੇ ਵਿਕਾਸ ਲਈ ਪਹਿਰੇਦਾਰੀ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…