ਕਰੋਨਾ ਮਹਾਮਾਰੀ ਦੌਰਾਨ 24 ਘੰਟੇ ਲੋਕ ਸੇਵਾ ਵਿੱਚ ਹਾਜ਼ਰ ਰਹੇਗਾ ਆਜ਼ਾਦ ਗਰੁੱਪ: ਕੁਲਵੰਤ ਸਿੰਘ

ਸਿਹਤ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਦਾ ਮਾੜਾ ਹਾਲ: ਸਾਬਕਾ ਮੇਅਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਕਰੋਨਾ ਦੀ ਮਹਾਮਾਰੀ ਦੌਰਾਨ ਮੁਹਾਲੀ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਜਿਸ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੋਵੇ ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦਾ ਹੈ, ਅਸੀਂ ਉਸਦੀ ਹਰ ਸੰਭਵ ਮੱਦਦ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੱਧਰ ’ਤੇ ਪੂਰੇ ਸ਼ਹਿਰ ਨੂੰ ਸੈਨੀਟਾਈਜ ਕਰਨ ਲਈ 1100 ਲੀਟਰ ਦੀ ਟੈਂਕ ਵਾਲੀ ਸੈਨੀਟਾਈਜ਼ਰ ਮਸ਼ੀਨ ਵੀ ਮੁਹਾਲੀ ਵਾਸੀਆਂ ਨੂੰ ਸਮਰਪਿਤ ਕੀਤੀ ਹੈ, ਜਿਸ ਨਾਲ ਕੋਈ ਵੀ ਵਿਅਕਤੀ ਆਪਣੇ ਗਲੀ-ਮੁਹੱਲੇ ਨੂੰ ਮੁਫ਼ਤ ਵਿੱਚ ਸੈਨੀਟਾਈਜ਼ ਕਰਵਾ ਸਕਦਾ ਹੈ।
ਸਾਬਕਾ ਮੇਅਰ ਨੇ ਇਕ ਟੀਵੀ ਚੈਨਲ ਦੀ ਰਿਪੋਰਟ ਦੇ ਅਧਾਰ ’ਤੇ ਗੱਲ ਕਰਦਿਆਂ ਕਿਹਾ ਕਿ ਬੜੀ ਸ਼ਰਮ ਵਾਲੀ ਗੱਲ ਹੈ ਕਿ ਸਿਹਤ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਦਾ ਮਾੜਾ ਹਾਲ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲ ਕਰੋਨਾ ਮਹਾਮਾਰੀ ਦੌਰਾਨ ਮਾਹਿਰਾਂ ਨੇ ਚਿਤਾਵਨੀ ਦਿੱਤੀ ਸੀ ਕਿ ਕਰੋਨਾ ਦੀ ਦੂਜੀ ਲਹਿਰ ਆਵੇਗੀ, ਪਰੰਤੂ ਇਸਦੇ ਬਾਵਜੂਦ ਵੀ ਸਿਹਤ ਮੰਤਰੀ ਨੇ ਸਿਹਤ ਸਹੂਲਤਾਂ ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਠੋਸ ਤੇ ਢੁਕਵੇਂ ਪ੍ਰਬੰਧ ਨਹੀਂ ਕੀਤੇ, ਜਿਸਦਾ ਖਮਿਆਜ਼ਾ ਮੁਹਾਲੀ ਸਮੇਤ ਪੰਜਾਬ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਹਫ਼ਤਿਆਂ ਤੋਂ ਆਕਸੀਜਨ ਨਾ ਮਿਲਣ ਜਾਂ ਘੱਟ ਮਿਲਣ ਦੀਆਂ ਖ਼ਬਰਾਂ ਨੇ ਹਰ ਵਿਅਕਤੀ ਨੂੰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਰੀਬ ਵਿਅਕਤੀ ਬਿਮਾਰੀ ਦੌਰਾਨ ਸਿਰਫ਼ ਸਰਕਾਰੀ ਹਸਪਤਾਲਾਂ ਵਿੱਚ ਜਾਂਦਾ ਹੈ ਤੇ ਸਰਕਾਰੀ ਹਸਪਤਾਲ ਮਰੀਜ਼ਾਂ ਨਾਲ ਭਰੇ ਪਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਆਮ ਵਿਅਕਤੀ ਜਾਂ ਗਰੀਬ ਵਿਅਕਤੀ ਦਾਖਲ ਨਹੀਂ ਹੋ ਸਕਦਾ ਕਿਉਂਕਿ ਉੱਥੇ ਲੱਖਾਂ ਰੁਪਏ ਦਾ ਬਿੱਲ ਬਣ ਜਾਂਦਾ ਹੈ ਜੋ ਗਰੀਬ ਵਿਅਕਤੀ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਜਾਂ ਸਰਕਾਰ ਨੂੰ ਚਾਹੀਦਾ ਹੈ ਕਿ ਨਿੱਜੀ ਹਸਪਤਾਲਾਂ ਦਾ ਕੰਟਰੋਲ ਆਪਣੇ ਹੱਥ ਵਿੱਚ ਲਵੇ ਤਾਂ ਜੋ ਹਸਪਤਾਲਾਂ ਵੱਲੋਂ ਇਸ ਮਹਾਮਾਰੀ ਦੌਰਾਨ ਕੀਤੀ ਜਾਂਦੀ ਆਮ ਲੋਕਾਂ ਦੀ ਲੁੱਟ ਨੂੰ ਠੱਲ੍ਹ ਪਾਈ ਜਾ ਸਕੇ।

Load More Related Articles

Check Also

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਐਸਐਚਓ ਗ੍ਰਿਫ਼ਤਾਰ ਸ਼ਿਕਾਇਤਕਰਤਾ ਅਨੁਸਾਰ ਐਸਐਚਓ…