Nabaz-e-punjab.com

ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਨੇ ਖੇਤਰੀ ਵਿਆਪਕ ਆਰਥਿਕ ਸਾਂਝੀਦਾਰੀ ਨੂੰ ਖਾਰਿਜ ਕਰਕੇ ਪੰਜਾਬ ਸਮਤੇ ਦੇਸ਼ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਯੂਨੀਅਨ ਦੇ ਆਗੂਆਂ ਨੇ ਅੱਜ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੂੰ ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਿਆ।
ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਮਸ਼ੇਰ ਸਿੰਘ ਘੜੂੰਆਂ, ਮੁੱਖ ਬੁਲਾਰਾ ਨਛਤੱਰ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਅਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਭਾਰਤ ਵੱਲੋਂ ਖੇਤਰੀ ਵਿਆਪਕ ਆਰਥਿਕ ਸਾਂਝੇਦਾਰੀ ਦਾ ਖੁੱਲ੍ਹਾ ਵਪਾਰ ਸਬੰਧੀ ਸਮਝੌਤਾ (ਜੋ ਕਿ ਦੂਜੇ 15 ਦੇਸ਼ਾਂ ਨਾਲ ਕੀਤਾ ਜਾ ਰਿਹਾ ਹੈ ਅਤੇ ਜਿਸ ਵਿੱਚ ਖਾਸ ਕਰਕੇ ਕਿਸਾਨਾਂ ਦੇ ਰੁਜ਼ਗਾਰ ਸਬੰਧੀ ਸ਼ਰਤਾਂ ਦਰਜ ਹਨ) ਬੀਤੇ ਸਮੇਂ ਵਿੱਚ ਹੋਏ ਖੁੱਲੇ ਵਪਾਰ ਸਮਝੌਤਿਆਂ ਦੇ ਮਾੜੇ ਤਜਰਬੇ ਅਤੇ ਖੇਤੀਬਾੜੀ ਉੱਤੇ ਹੋਏ ਅਸਰ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਵੀ ਮਾਰੂ ਸਿੱਧ ਹੋਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਜ਼ਿਆਦਾ ਲਾਭ ਨਹੀਂ ਹੋਵੇਗਾ ਕਿਉਂਕਿ ਟੈਰਫ਼ਿਕ ਸਬੰਧੀ ਰੁਕਾਵਟਾਂ ਦੀ ਅਣਹੋਂਦ ਅਤੇ ਕਿਸੇ ਸੁਰੱਖਿਆ ਢਾਂਚੇ ਦੇ ਨਾ ਹੋਣ ਕਾਰਨ ਹੋਰਨਾਂ ਦੇਸ਼ਾਂ ਵੱਲੋਂ ਵੱਡੇ ਪੱਧਰ ’ਤੇ ਆਪਣੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਵਾਲੇ ਪਦਾਰਥ ਇੱਥੇ ਪਹੁੰਚਣ ਨਾਲ ਸਾਡੇ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਆਈਪੀਆਰ ਦੀਆਂ ਧਾਰਾਵਾਂ ਕਿਸਾਨਾਂ ਦੀ ਬੀਜ ਸਬੰਧੀ ਆਜ਼ਾਦੀ ਨੂੰ ਬੁਰੀ ਤਰ੍ਹਾਂ ਖ਼ਤਮ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਹੋਏ ਵਪਾਰਕ ਸਮਝੌਤਿਆਂ ਦੀ ਡੂੰਘੀ ਘੋਖ ਪੜਤਾਲ ਅਤੇ ਗੁਣਵਤਾ ਜਾਂਚ ਕੀਤੇ ਬਗੈਰ ਇਸ ਤਰ੍ਹਾਂ ਦੇ ਸਮਝੌਤਿਆਂ ਵਿੱਚ ਪੱਕੇ ਤੌਰ ’ਤੇ ਬੱਝਣ ਦੀ ਕੋਈ ਤੁਕ ਨਹੀਂ ਹੈ।
ਕਿਸਾਨ ਆਗੂਆਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਜਿਨ੍ਹਾਂ ਚਿਰ ਗੱਲਬਾਤ ਨਾਲ ਸਬੰਧਤ ਵੇਰਵੇ ਕਿਸਾਨ ਜਥੇਬੰਦੀਆਂ ਅਤੇ ਰਾਜ ਸਰਕਾਰਾਂ ਨਾਲ ਸਾਂਝੇ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਿਰਫ਼ ਧਾਰਨਾ ਅਤੇ ਅੰਦਾਜ਼ੇ ਨਾਲ ਇਸ ਦੇ ਪ੍ਰਭਾਵਾਂ ਨੂੰ ਸਹੀ ਅਤੇ ਸਾਰਥਿਕ ਨਹੀਂ ਮੰਨਿਆ ਜਾ ਸਕਦਾ ਹੈ। ਉਂਜ ਵੀ ਇਸ ਸਮਝੌਤੇ ਨਾਲ ਸਬੰਧਤ ਕੋਈ ਵੀ ਜਾਣਕਾਰੀ ਜਨਤਕ ਤੌਰ ’ਤੇ ਉਪਲਬਧ ਨਹੀਂ ਹੈ ਅਤੇ ਨਾ ਹੀ ਸੂਬਾ ਸਰਕਾਰਾਂ ਅਤੇ ਕਿਸਾਨ ਲਹਿਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਧਰ, ਐਸਡੀਐਮ ਜਗਦੀਪ ਸਹਿਗਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਉਨ੍ਹਾਂ ਦਾ ਇਹ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਅਤੇ ਸਬੰਧਤ ਕੇਂਦਰੀ ਮੰਤਰੀ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…