ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅਗਨੀਪਥ ਯੋਜਨਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਗਨੀਪਥ ਯੋਜਨਾ ਬੰਦ ਕਰਾਉਣ ਲਈ ਡੀਸੀ ਰਾਹੀਂ ਰਾਸ਼ਟਰਪਤੀ ਦੇ ਨਾਮ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਅਗਨੀਪਥ ਯੋਜਨਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਸ ਯੋਜਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਅਗਨੀਪਥ ਯੋਜਨਾ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਦਿੱਤਾ ਗਿਆ।
ਇਸ ਪੱਤਰ ਵਿੱਚ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਨੂੰ ਬੰਦ ਕਰਵਾਇਆ ਜਾਵੇ, ਕਿਉਂਕਿ ਇਸ ਤਰ੍ਹਾਂ ਦੇਸ਼ ਦੀ ਨੌਜਵਾਨੀ ਦਾ ਬਹੁਤ ਨੁਕਸਾਨ ਹੋਵੇਗਾ। ਪੱਤਰ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੀ ਫ਼ੌਜ ਬਹੁਤ ਹੀ ਤਾਕਤਵਰ ਤੇ ਮਜ਼ਬੂਤ ਹੋਣੀ ਚਾਹੀਦੀ ਹੈ ਅਤੇ ਇਸ ਨੂੰ ਠੇਕੇਦਾਰੀ ਸਿਸਟਮ ਤੋੱ ਬਚਾਉਣ ਦੀ ਲੋੜ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇੱਦਰ ਸਰਕਾਰ ਦੀ ਇਸ ਯੋਜਨਾ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸ ਲਈ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਬਲਕਿ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿਰਫ਼ ਚਾਰ ਸਾਲ ਫ਼ੌਜ ਦੀ ਨੌਕਰੀ ਕਰਨ ਤੋਂ ਬਾਅਦ ਜਿਨ੍ਹਾਂ ਨੌਜਵਾਨਾਂ ਨੂੰ ਹੋਰ ਜਗ੍ਹਾ ਨੌਕਰੀ ਨਹੀਂ ਮਿਲੇਗੀ, ਉਨ੍ਹਾਂ ਦਾ ਭਵਿੱਖ ਖਤਮ ਹੋ ਜਾਵੇਗਾ। ਫੌਜ ਵਿੱਚ ਆਮ ਤੌਰ ਕਿਸਾਨ ਪਰਿਵਾਰ ਅਤੇ ਹੋਰ ਗ਼ਰੀਬ ਪੇਂਡੂ ਵਰਗ ਦੇ ਨੌਜਵਾਨ ਵੀ ਭਰਤੀ ਹੁੰਦੇ ਹਨ, ਉਨ੍ਹਾਂ ਨੂੰ ਫੌਜ ਵਿੱਚ ਪਹਿਲਾਂ ਦੀ ਤਰ੍ਹਾਂ ਭਰਤੀ ਕੀਤਾ ਜਾਵੇ।
ਇਸ ਮੌਕੇ ਕਿਸਾਨ ਆਗੂ ਰਵਿੰਦਰ ਸਿੰਘ ਦੇਹ ਕਲਾਂ, ਜਸਵਿੰਦਰ ਸਿੰਘ ਟਿਵਾਣਾ, ਰਣਜੀਤ ਸਿੰਘ ਬਾਸੀਆਂ, ਤਰਲੋਚਨ ਸਿੰਘ ਨੰਡਿਆਲੀ, ਹਕੀਕਤ ਸਿੰਘ ਘੜੂੰਆਂ, ਅਵਤਾਰ ਸਿੰਘ, ਗੁਰਜੰਟ ਸਿੰਘ ਬੜੀ, ਹਰੀ ਸਿੰਘ ਦੱਪਰ, ਜਸਵੰਤ ਸਿੰਘ, ਹਰਵਿੰਦਰ ਸਿੰਘ ਟੋਨੀ, ਬਲਜੀਤ ਸਿੰਘ ਰਡਿਆਲਾ, ਬਹਾਦਰ ਸਿੰਘ ਬੜੀ, ਕਰਨੈਲ ਸਿੰਘ ਚੋਲਟਾ ਕਲਾਂ, ਕਮਲਜੀਤ ਸਿੰਘ ਟੋਨੀ, ਬਲਵੀਰ ਸਿੰਘ ਹੁਲਕਾ ਹਰਿੰਦਰ ਸਿੰਘ ਨੰਡਿਆਲੀ, ਗੁਰਮੀਤ ਸਿੰਘ ਹੁਲਕਾ, ਜਸਪਾਲ ਸਿੰਘ ਹੁਲਕਾ, ਨੈਬ ਸਿੰਘ ਨਡਿਆਲੀ, ਅਵਤਾਰ ਸਿੰਘ ਜੰਡਪੁਰ, ਮਨਪ੍ਰੀਤ ਸਿੰਘ ਜੰਡਪੁਰ, ਗੁਰਪ੍ਰੀਤ ਸਿੰਘ ਜੰਡਪੁਰ, ਸੁਰਮੁਖ ਸਿੰਘ ਛੱਜੂਮਾਜਰਾ, ਅਵਤਾਰ ਸਿੰਘ ਛੱਜੂਮਾਜਰਾ, ਪਰਵਿੰਦਰ ਸਿੰਘ ਛੱਜੂਮਾਜਰਾ, ਸੁਖਦੇਵ ਸਿੰਘ ਮੁਹਾਲੀ, ਬਲਵਿੰਦਰ ਸਿੰਘ, ਸੋਹਣ ਸਿੰਘ, ਜਸਵਿੰਦਰ ਸਿੰਘ, ਬੀਬਾ ਮਨਦੀਪ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…