
ਭਾਰਤੀ ਵਿਗਿਆਨੀਆਂ ਨੇ ਸਭ ਤੋਂ ਪਹਿਲਾਂ ਕਰੋਨਾ ਵੈਕਸੀਨ ਬਣਾ ਕੇ ਦੇਸ਼ ਨੂੰ ਅੱਗੇ ਲਿਆਂਦਾ: ਬਦਨੌਰ
ਗਣਤੰਤਰ ਦਿਵਸ ਸਬੰਧੀ ਸਰਕਾਰੀ ਕਾਲਜ ਮੁਹਾਲੀ ਵਿੱਚ ਹੋਇਆ ਰਾਜ ਪੱਧਰੀ ਸਮਾਗਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਮੰਚ ਤੋਂ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਵਾਦ ਦਿੱਤੀ। ਰਾਜਪਾਲ ਵੀਪੀ ਸਿੰਘ ਬਦਨੌਰ ਨੇ ਕਿਹਾ ਕਿ ਗਣਤੰਤਰ ਦਿਵਸ ਦੇਸ਼ ਦੇ ਸੰਵਿਧਾਨ ਵੱਲੋਂ ਦਿੱਤੇ ਅਧਿਕਾਰਾਂ ਦੀ ਜਾਮਣੀ ਭਰਦਾ ਹੈ ਅਤੇ ਸਾਰੇ ਨਾਗਰਿਕਾਂ ਦੇ ਬਰਾਬਰੀ ਦੇ ਅਧਿਕਾਰ ਦੀ ਪ੍ਰੋੜਤਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਭਾਰਤ ਹਰ ਪੱਖੋਂ ਤਰੱਕੀ ਕਰ ਰਿਹਾ ਹੈ ਅਤੇ ਕਰੋਨਾ ਮਹਾਮਾਰੀ ਦੇ ਪ੍ਰਕੋਪ ਨਾਲ ਸੁਚੱਜੇ ਢੰਗ ਨਾਲ ਨਜਿੱਠਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰਾਲਾ ਅਤੇ ਕਰੋਨਾ ਯੋਧਿਆਂ ਦੀ ਹਿੰਮਤ ਅਤੇ ਸੇਵਾ ਭਾਵਨਾ ਕਾਰਨ ਇਸ ਮਹਾਮਾਰੀ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਈ ਗਈ ਹੈ ਅਤੇ ਹੋਰਨਾਂ ਦੇਸ਼ਾਂ ਅਤੇ ਸੂਬਿਆਂ ਦੇ ਮੁਕਾਬਲੇ ਭਾਰਤ ਅਤੇ ਪੰਜਾਬ ਦੀ ਸਥਿਤੀ ਕਾਫ਼ੀ ਬਿਹਤਰਬ ਹੈ।
ਸ੍ਰੀ ਬਦਨੌਰ ਨੇ ਕਿਹਾ ਕਿ ਭਾਰਤੀ ਵਿਗਿਆਨੀਆਂ ਨੇ ਸਭ ਤੋਂ ਪਹਿਲਾਂ ਕਰੋਨਾ ਵੈਕਸੀਨ ਬਣਾ ਕੇ ਦੇਸ਼ ਨੂੰ ਅੱਗੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਿਸ ਨੂੰ ਬਣਾਉਣ ਵਾਲੇ ਵਿਗਿਆਨੀ ਵਧਾਈ ਦੇ ਪਾਤਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵੈਕਸੀਨ ਸਬੰਧੀ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ। ਇਸ ਤੋਂ ਪਹਿਲਾਂ ਖਰੜ ਦੀ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦੀਆਂ ਟੁਕੜੀਆਂ ਵੱਲੋਂ ਪਰੇਡ ਕਰਦਿਆਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਵੱਖ-ਵੱਖ ਝਾਂਕੀਆਂ ਵੀ ਪੇਸ਼ ਕੀਤੀਆਂ ਗਈਆਂ। ਮੰਚ ਸੰਚਾਲਕ ਦੀ ਜ਼ਿੰਮੇਵਾਰੀ ਡੀਪੀਆਰਓ ਮੈਡਮ ਰੁਚੀ ਕਾਲੜਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐਸਐਸਪੀ ਸਤਿੰਦਰ ਸਿੰਘ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸਡੀਐਮ ਜਗਦੀਪ ਸਹਿਗਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।