ਉਦਯੋਗਪਤੀ ਸੰਜੀਵ ਵਸ਼ਿਸ਼ਟ ਨੂੰ ਭਾਜਪਾ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਉੱਘੇ ਸਨਅਤਕਾਰ ਸੰਜੀਵ ਵਸ਼ਿਸ਼ਟ ਨੂੰ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਨਿਯੁਕਤ ਕੀਤਾ ਹੈ। ਸੰਜੀਵ ਵਸ਼ਿਸ਼ਟ ਨੇ ਮੁਹਾਲੀ ਵਿੱਚ ਪਹਿਲੀ ਵਾਰ ਇਸੇ ਸਾਲ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਭਾਜਪਾ ਦੀ ਟਿਕਟ ’ਤੇ ਮੁਹਾਲੀ ਤੋਂ ਚੋਣ ਲੜੀ ਸੀ। ਉਹ ਇਨ੍ਹਾਂ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਵੀ ਚੁੱਪ ਕਰਕੇ ਘਰ ਨਹੀਂ ਬੈਠੇ ਸਗੋਂ ਸੂਬਾ ਸਰਕਾਰ ਅਤੇ ਗਮਾਡਾ ਦੀਆਂ ਵਧੀਕੀਆਂ ਖ਼ਿਲਾਫ਼ ਹਮੇਸ਼ਾ ਪੀੜਤ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਰਹੇ ਹਨ। ਪਿੱਛੇ ਜਿਹੇ ਸੰਜੀਵ ਵਸ਼ਿਸ਼ਟ ਵੱਲੋਂ ਜਨ ਸੰਪਰਕ ਮੁਹਿੰਮ ਵਿੱਢ ਕੇ ਪਿੰਡਾਂ, ਸ਼ਹਿਰਾਂ ਅਤੇ ਛੋਟੇ ਕਸਬਿਆਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਲੱਗੇ ਰਹੇ। ਇਨ੍ਹਾਂ ਸੇਵਾਵਾਂ ਨੂੰ ਦੇਖਦੇ ਹੋਏ ਹਾਈ ਕਮਾਨ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਜੀਵ ਵਸ਼ਿਸ਼ਟ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਦਿਨ ਰਾਤ ਕੰਮ ਕਰਨਗੇ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਗਰਮ ਵਰਕਰਾਂ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ।
ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਹੇ ਸੰਜੀਵ ਵਸ਼ਿਸ਼ਟ ਕੰਪਿਊਟਰ ਸਾਇੰਸ ਇੰਜੀਨੀਅਰ ਹਨ। ਉਹ ਬ੍ਰਾਹਮਣ ਸਭਾ ਮੁਹਾਲੀ ਅਤੇ ਸੇਵਾ ਭਾਰਤੀ ਦੇ ਵੀ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਦੇ ਪਿਤਾ ਵੀ ਚੀਫ਼ ਇੰਜੀਨੀਅਰ ਦੇ ਅਹੁਦੇ ਤੋਂ ਰਿਟਾਇਰ ਹਨ। ਵੱਡੀ ਭੈਣ ਡਾਕਟਰ ਅਤੇ ਜੀਜਾ ਆਈਏਐਸ ਅਫ਼ਸਰ ਹੈ। ਇੱਕ ਭੈਣ ਆਈਟੀ ਪ੍ਰੋਫੈਸ਼ਨਲ ਅਤੇ ਜੀਜਾ ਇੰਜੀਨੀਅਰ ਹਨ। ਉਸ ਦੀ ਬੇਟੀ ਕੰਪਿਊਟਰ ਸਾਇੰਸ ਦੀ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਹੀ ਹੈ ਅਤੇ ਬੇਟਾ ਗਿਆਰ੍ਹਵੀਂ ਨਾਨ-ਮੈਡੀਕਲ ਦਾ ਵਿਦਿਆਰਥੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …