
ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਨੌਜਵਾਨ ‘ਆਪ’ ਵਿੱਚ ਸ਼ਾਮਲ
ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਬਲੌਂਗੀ ਅਤੇ ਸ਼ਹੀਦ ਊਧਮ ਸਿੰਘ ਕਲੋਨੀ ਤੋਂ ਸਰਕਲ ਪ੍ਰਧਾਨ ਮਗਨ ਲਾਲ ਅਤੇ ਸੰਤੋਸ਼ ਯਾਦਵ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਮਰਥਕ ਕਈ ਨੌਜਵਾਨਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸਐਸ ਆਹਲੂਵਾਲੀਆ ਨੇ ਇਨ੍ਹਾਂ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਵੇਦ ਪ੍ਰਕਾਸ਼, ਸੋਨੂ, ਉਮਾ ਸ਼ੰਕਰ, ਮੁਸਕਾਨ ਅਤੇ ਹੋਰਨਾਂ ਨੌਜਵਾਨਾਂ ਨੇ ਵੀ ਆਪ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਹੱਥਾਂ ਵਿੱਚ ਝਾੜੂ ਚੁੱਕਿਆ। ਇਸ ਮੌਕੇ ਆਪ ਟਰੇਡ ਵਿੰਗ ਦੇ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਅਤੁਲ ਸ਼ਰਮਾ ਵੀ ਮੌਜੂਦ ਸਨ।
ਉਕਤ ਨੌਜਵਾਨਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਗਰੀਬਾਂ ਦੀ ਭਲਾਈ ਲਈ ਅਨੇਕਾਂ ਕੰਮ ਕੀਤੇ ਹਨ। ਮੁਫ਼ਤ ਬਿਜਲੀ ਦੀ ਸਹੂਲਤ ਨਾਲ ਗਰੀਬਾਂ ਨੂੰ ਬਹੁਤ ਵੱਡਾ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਵਧੀਆ ਇਲਾਜ ਅਤੇ ਮੁਫ਼ਤ ਟੈੱਸਟ ਦੀ ਸੁਵਿਧਾ ਮਿਲ ਰਹੀ ਹੈ।
ਇਸ ਮੌਕੇ ਡਾ. ਐਸਐਸ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦਿਨ-ਰਾਤ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਜਿਸ ਕਾਰਨ ਆਮ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਵੀ ਆਪ ਸਰਕਾਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 36000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਵੱਡੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਆਪਣੇ ਪ੍ਰਾਜੈਕਟ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।