Nabaz-e-punjab.com

ਨਗਰ ਨਿਗਮ ਚੋਣਾਂ: ਸੰਭਾਵੀ ਉਮੀਦਵਾਰਾਂ ਵੱਲੋਂ ਸਿਆਸੀ ਸਰਗਰਮੀਆਂ ਆਰੰਭ

ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਵੱਲੋਂ ਵੋਟਰਾਂ ਨਾਲ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ:
ਮੁਹਾਲੀ ਦੀ ਨਵੀਂ ਵਾਰਡਬੰਦੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਭਾਵੇਂ ਇਹ ਮਾਮਲਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ ਪ੍ਰੰਤੂ ਉੱਚ ਅਦਾਲਤ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੀ ਕਿਸੇ ਕਾਰਵਾਈ ਉੱਤੇ ਰੋਕ ਨਾ ਲਗਾਏ ਜਾਣ ਕਾਰਨ ਸੰਭਾਵੀ ਉਮੀਦਵਾਰਾਂ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਹੁਣ ਤੱਕ ਕਿਸੇ ਸਿਆਸੀ ਪਾਰਟੀ ਨੇ ਚੋਣਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ, ਪ੍ਰੰਤੂ ਇਸ ਦੇ ਬਾਵਜੂਦ ਨਿਗਮ ਚੋਣਾਂ ਲੜਨ ਦੇ ਚਾਹਵਾਨ ਵਿਅਕਤੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵਜੋਂ ਵੋਟਰਾਂ ਨਾਲ ਮੇਲ ਜੋਲ ਵਧਾਉਣ ਨੁੱਕੜ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਹੁਕਮਰਾਨ ਪਾਰਟੀ ਦੇ ਵਰਕਰ ਕੁੱਝ ਜ਼ਿਆਦਾ ਹੀ ਉਤਸ਼ਾਹਿਤ ਦਿਖਾਈ ਦੇ ਰਹੇ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਸਮਾਰੋਹਾਂ ਦੌਰਾਨ ਵਿਕਾਸ ਦੇ ਨਾਂ ’ਤੇ ਵੋਟਰਾਂ ਨੂੰ ਭਰਮਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੇ ਨਾਂ ’ਤੇ ਚੋਣਾਂ ਲੜਨਗੇ ਅਤੇ ਹੂੰਝਾਫੇਰ ਜਿੱਤ ਹਾਸਲ ਕਰਨਗੇ।
ਪਿਛਲੀ ਵਾਰ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਸਿੱਧਾ ਮੁਕਾਬਲਾ ਸੀ ਪ੍ਰੰਤੂ ਐਤਕੀਂ ਆਮ ਆਦਮੀ ਪਾਰਟੀ (ਆਪ), ਬਹੁਜਨ ਸਮਾਜ ਪਾਰਟੀ (ਬਸਪਾ), ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੀ ਨਗਰ ਨਿਗਮ ਚੋਣਾਂ ਲੜਨ ਦੇ ਰੌਂਅ ਵਿੱਚ ਹੈ। ਇਨ੍ਹਾਂ ਪਾਰਟੀਆਂ ਦੇ ਆਗੂ ਨਗਰ ਨਿਗਮ ਚੋਣਾਂ ਨੂੰ ਪ੍ਰੀ-ਬੋਰਡ ਪ੍ਰੀਖਿਆ ਵਜੋਂ ਦੇਖ ਰਹੇ ਹਨ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਤੱਕ ਆਪਣੀ ਹੋਂਦ ਬਚਾਉਣ ਲਈ ਜ਼ਮੀਨ ਤਲਾਸ਼ ਕਰ ਸਕਣ।
ਉਧਰ, ਭਾਵੇਂ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਨੇ ਮੁਹਾਲੀ ਦੀ ਨਵੀਂ ਵਾਰਡਬੰਦੀ ਅਤੇ ਨੋਟੀਫਿਕੇਸ਼ਨ ਨੂੰ ਹਾਈ ਕੋਰਟ ਵਿੱਚ ਚੁਨੌਤੀ ਦਿੱਤੀ ਗਈ ਹੈ, ਪ੍ਰੰਤੂ ਸੱਤਾਧਾਰੀ ਅਤੇ ਦੂਜੀਆਂ ਪਾਰਟੀਆਂ ਦੀਆਂ ਸਰਗਰਮੀਆਂ ਨੂੰ ਦੇਖਦੇ ਹੋਏ ਅਕਾਲੀ ਅਤੇ ਭਾਜਪਾ ਦੇ ਸਾਬਕਾ ਕੌਂਸਲਰਾਂ ਨੇ ਅੰਦਰਖਾਤੇ ਆਪਣੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਹੈ ਲੇਕਿਨ ਨਿਗਮ ਚੋਣਾਂ ਨੂੰ ਲੈ ਕੇ ਉਹ ਹਾਲੇ ਵੀ ਆਪਸੀ ਭਾਈਚਾਰਕ ਸਾਂਝ ਅਤੇ ਮੋਹ ਦੀਆਂ ਤੰਦਾਂ ਵਿੱਚ ਬੱਝੇ ਹੋਏ ਦਿਖਾਈ ਦੇ ਰਹੇ ਹਨ। ਸੂਤਰ ਦੱਸਦੇ ਹਨ ਅਕਾਲੀ ਦਲ ਅਤੇ ਭਾਜਪਾ ਦੇ ਸਾਬਕਾ ਕੌਂਸਲਰ ਅੰਦਰਖਾਤੇ ਮਿਲ ਕੇ ਚੋਣਾਂ ਲੜ ਸਕਦੇ ਹਨ। ਹਾਲਾਂਕਿ ਅਜੇ ਤਾਈਂ ਚੋਣਾਂ ਲੜਨ ਦੇ ਚਾਹਵਾਨ ਵਿਅਕਤੀਆਂ ਵੱਲੋਂ ਭਾਵੇਂ ਵੱਡੀਆਂ ਮੀਟਿੰਗਾਂ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ ਪ੍ਰੰਤੂ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਗਤੀਵਿਧੀਆਂ ਦੇ ਹੋਰ ਤੇਜ਼ੀ ਫੜਨ ਦੇ ਆਸਾਰ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …