nabaz-e-punjab.com

ਪਹਿਲਕਦਮੀ: ਲਖਨੌਰ-ਲਾਂਡਰਾਂ ਮੁੱਖ ਸੜਕ ਦੀ ਜੂਨ ਸੁਧਰਨ ਦੀ ਆਸ ਬੱਝੀ

ਕੈਬਨਿਟ ਮੰਤਰੀ ਸਿੱਧੂ ਵੱਲੋਂ 30 ਨਵੰਬਰ ਤੱਕ ਲਖਨੌਰ-ਲਾਂਡਰਾਂ ਦੀ ਮੁਰੰਮਤ ਕਰਨ, 1 ਕਰੋੜ ਦੇ ਟੈਂਡਰ ਲਗਾਉਣ ਦਾ ਦਾਅਵਾ

ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲਾਂਡਰਾਂ ਜੰਕਸ਼ਨ ’ਤੇ 28 ਕਰੋੜ ਰੁਪਏ ਖ਼ਰਚਣ ਦੀ ਗੱਲ ਆਖੀ, 31 ਮਾਰਚ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ ਕੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਮੁਹਾਲੀ ਤੋਂ ਲਖਨੌਰ-ਲਾਂਡਰਾਂ ਮੁੱਖ ਸੜਕ ਦੀ ਹਾਲਤ ਬੇਹੱਦ ਖਸਤਾ ਹੋਣ ਕਰਕੇ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਹੁਣ ਇਲਾਕੇ ਦੇ ਲੋਕਾਂ ਨੂੰ ਜਲਦੀ ਹੀ ਛੁਟਕਾਰਾ ਮਿਲਣ ਦੀ ਆਸ ਬੱਝ ਗਈ ਹੈ। ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਚੋਣ ਵਾਅਦੇ ਮੁਤਾਬਕ ਪਹਿਲਕਦਮੀ ਕਰਦਿਆਂ ਲਾਂਡਰਾਂ ਜੰਕਸ਼ਨ ਅਤੇ ਇਸ ਸੜਕ ਦੀ ਜੂਨ ਸੁਧਾਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 1 ਕਰੋੜ ਦੀ ਲਾਗਤ ਨਾਲ 30 ਨਵੰਬਰ ਤੱਕ ਲਖਨੌਰ ਤੋਂ ਲਾਂਡਰਾਂ ਚੌਂਕ ਤੱਕ ਸੜਕ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਟੈਂਡਰ ਵੀ ਲੱਗ ਚੁੱਕੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਲਾਂਡਰਾਂ ਟੀ ਪੁਆਇੰਟ (ਲਾਂਡਰਾਂ ਜੰਕਸ਼ਨ) ’ਤੇ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ 28 ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਹਾਮੀ ਭਰਨ ਤੋਂ ਬਾਅਦ ਵਿੱਤ ਮੰਤਰੀ ਨੇ ਵੀ ਲੋੜੀਂਦੇ ਫੰਡ ਰਿਲੀਜ਼ ਸਬੰਧੀ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਲਾਂਡਰਾਂ ਤੋਂ ਸਰਹਿੰਦ ਤੱਕ ਮੁੱਖ ਸੜਕ ਨੂੰ ਜਲਦੀ ਮਜ਼ਬੂਤ ਅਤੇ ਚੌੜਾ ਕੀਤਾ ਜਾਵੇਗਾ। ਇਨ੍ਹਾਂ ਸੜਕਾਂ ਨੂੰ ਚੌੜਾ ਕਰਨ ਲਈ ਲੋੜੀਂਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸਿਰੇ ਚੜ੍ਹਨ ਨਾਲ ਇਲਾਕੇ ਦੇ ਲੋਕਾਂ ਅਤੇ ਬਾਹਰਲੇ ਸ਼ਹਿਰਾਂ ’ਚੋਂ ਮੁਹਾਲੀ ਅਤੇ ਚੰਡੀਗੜ੍ਹ ਆਉਣ ਵਾਲੇ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਜਗਤਪੁਰਾ ਤੋਂ ਝਿਊਰਹੇੜੀ, ਕੰਡਾਲਾ, ਨੰਡਿਆਲੀ ਅਤੇ ਬਾਕਰਪੁਰ ਲਿੰਕ ਸੜਕਾਂ ਦੀ ਹਾਲਤ ਵੀ ਜਲਦੀ ਸੁਧਾਰੀ ਜਾਵੇਗੀ। ਇਸ ਤੋਂ ਇਲਾਵਾ ਮੁਹਾਲੀ ਤੋਂ ਚੱਪੜਚਿੜੀ ਜੰਗੀ ਯਾਦਗਾਰ ਤੱਕ ਪਹੁੰਚ ਸੜਕ ਅਤੇ ਖਰੜ ਲਾਂਡਰਾਂ ਮੁੱਖ ਸੜਕ ਤੋਂ ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਰਾਹੀਂ ਮੁਹਾਲੀ ਵੱਲ ਆਉਂਦੀ ਸੜਕ ਦੀ ਮੁਰੰਮਤ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨ੍ਹਾਂ ਸੜਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਮੰਗ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਇਲਾਕੇ ਦੀਆਂ ਲਿੰਕ ਸੜਕਾਂ ਸਮੇਤ ਜਿੰਨੇ ਵੀ ਵਾਅਦੇ ਕੀਤੇ ਗਏ ਹਨ। ਉਹ ਸਾਰੇ ਪੜਾਅਵਾਰ ਪੂਰੇ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਖੇਤੀਬਾੜੀ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨਾਲ ਜਿੱਥੇ ਤਾਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਵੱਡੀ ਗਿਣਤੀ ਮੌਕੇ ਵੀ ਮਿਲਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਸੂਬੇ ਭਰ ਵਿੱਚ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ, ਜਿਨ੍ਹਾਂ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਨੌਜਵਾਨ ਰੁਜ਼ਗਾਰ ਹਾਸਲ ਕਰ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਆ। ਸ੍ਰੀ ਸਿੱਧੂ ਨੇ ਦੱਸਿਆ ਕਿ ਬਲੌਂਗੀ ਤੋਂ ਖਾਨਪੁਰ ਤੱਕ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਪ੍ਰਾਜੈਕਟ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਕੰਪਨੀ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਤ ਵੇਲੇ ਵਾਹਨਾਂ ਦਾ ਰੂਟ ਬਦਲਿਆ ਗਿਆ ਹੈ ਅਤੇ ਨਿਰਮਾਣ ਕੰਮ ਵਿੱਚ ਕੋਈ ਰੁਕਾਵਟ ਨਾ ਆਵੇ। ਇਸ ਲਈ ਭਾਰੀ ਵਾਹਨਾਂ ਦਾ ਇਸ ਸੜਕ ਤੋਂ ਲੰਘਣਾ ਬੰਦ ਕਰਕੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁਹਾਲੀ ਅਤੇ ਖਰੜ ਸਮੇਤ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…