nabaz-e-punjab.com

ਪਹਿਲਕਦਮੀ: ਬੜਮਾਜਰਾ ਕਲੋਨੀ ਅਤੇ ਵਾਲਮੀਕ ਕਲੋਨੀ ਵਿੱਚ ਬਿਜਲੀ ਦੇ 800 ਨਵੇਂ ਕੁਨੈਕਸ਼ਨ ਦਿੱਤੇ

ਪਹਿਲਾਂ ਬੜਮਾਜਰਾ ਤੇ ਵਾਲਮੀਕ ਕਲੋਨੀ ਵਿੱਚ ਠੇਕੇਦਾਰ ਵੱਲੋਂ ਦਿੱਤੀ ਜਾਂਦੀ ਸੀ ਮਹਿੰਗੇ ਭਾਅ ’ਤੇ ਬਿਜਲੀ
ਪੰਜਾਬ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਪੰਜਾਬ ਵਿੱਚ ਕੈਪਟਨ ਸਰਕਾਰ ਬਿਜਲੀ ਦੀ ਪੈਦਾਵਾਰ ਵਧਾਉਣ ਦੇ ਨਾਲ ਨਾਲ ਆਮ ਲੋਕਾਂ ਨੂੰ ਲੋੜ ਅਨੁਸਾਰ ਘਰੇਲੂ ਬਿਜਲੀ, ਕਿਸਾਨਾਂ ਨੂੰ ਸਿੰਚਾਈ ਲਈ ਪਾਵਰ ਸਪਲਾਈ ਦੇਣ ਲਈ ਯਤਨਸ਼ੀਲ ਹੈ। ਇਹ ਗੱਲ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਲੋੜਵੰਦ ਲੋਕਾਂ ਨੂੰ ਘਰੇਲੂ ਬਿਜਲੀ ਸਪਲਾਈ ਦੇਣ ਲਈ ਨਵੇਂ ਮੀਟਰ ਅਤੇ ਮਨਜ਼ੂਰੀ ਪੱਤਰ ਵੰਡਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਨੇ ਬੜਮਾਜਰਾ ਕਲੋਨੀ ਲਈ 500 ਅਤੇ ਵਾਲਮੀਕ ਕਲੋਨੀ ਵਿੱਚ 300 ਨਵੇਂ ਕੁਨੈਕਸ਼ਨ ਅਤੇ ਮਨਜ਼ੂਰੀ ਪੱਤਰ ਵੰਡੇ ਗਏ।
ਸ੍ਰੀ ਸਿੱਧੂ ਨੇ ਦੱਸਿਆ ਕਿ ਪਹਿਲਾਂ ਇਨ੍ਹਾਂ ਕਲੋਨੀਆਂ ਵਿੱਚ ਰਹਿੰਦੇ ਗਰੀਬ ਲੋਕਾਂ ਦੇ ਘਰਾਂ ਨੂੰ ਪ੍ਰਾਈਵੇਟ ਠੇਕੇਦਾਰ ਵੱਲੋਂ ਬਿਜਲੀ ਦੀ ਸਪਲਾਈ ਕਾਫੀ ਮਹਿੰਗੇ ਭਾਅ ’ਤੇ ਕੀਤੀ ਜਾਂਦੀ ਸੀ ਪ੍ਰੰਤੂ ਹੁਣ ਸਰਕਾਰ ਨੇ ਪਹਿਲਕਦਮੀ ਕਰਦਿਆਂ ਗਰੀਬ ਲੋਕਾਂ ਦੇ ਘਰਾਂ ਵਿੱਚ ਸਰਕਾਰੀ ਮੀਟਰ ਲਗਾਏ ਜਾ ਰਹੇ ਹਨ। ਇਸ ਨਾਲ ਜਿੱਥੇ ਕਲੋਨੀ ਵਾਸੀਆਂ ਨੂੰ ਵਾਧੂ ਪੈਸੇ ਨਹੀਂ ਖਰਚਣੇ ਪੈਣਗੇ, ਉੱਥੇ ਨਿਰਵਿਘਨ ਬਿਜਲੀ ਸਪਲਾਈ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਪੁਰੀ ਤਰ੍ਹਾਂ ਵਚਨਬੱਧ ਹੈ ਅਤੇ ਮੁਹਾਲੀ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਪਾਵਰਕੌਮ ਦੇ ਵਧੀਕ ਐਸਸੀ ਹਰਪ੍ਰੀਤ ਸਿੰਘ ਓਬਰਾਏ ਨੇ ਦੱਸਿਆ ਕਿ ਬੜਮਾਜਰਾ ਕਲੋਨੀ ਅਤੇ ਵਾਲਮੀਕੀ ਕਲੋਨੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਹਰੇਕ ਘਰ ਲਈ ਵੱਖੋ-ਵੱਖਰਾ ਬਿਜਲੀ ਮੀਟਰ ਲਗਾਇਆ ਗਿਆ ਹੈ ਅਤੇ ਹੁਣ ਕਲੋਨੀ ਵਾਸੀਆਂ ਨੂੰ ਆਮ ਘਰਾਂ ਵਾਂਗ ਬਿਜਲੀ ਦੀ ਸਪਲਾਈ ਮਿਲ ਸਕੇਗੀ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਜੀ.ਐਸ. ਰਿਆੜ, ਮਨਦੀਪ ਸਿੰਘ ਗਿੱਲ, ਬਲਾਕ ਸਮਿਤੀ ਦੀ ਮੈਂਬਰ ਕਮਲਜੀਤ ਕੌਰ, ਗੁਰਪ੍ਰੀਤ ਸਿੰਘ ਗਿੰਨੀ, ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…