
ਖੇਤੀਬਾੜੀ ਵਿਭਾਗ ਵੱਲੋਂ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ
ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦਿੱਤੀ ਜਾਵੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਾਉਣੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਉੱਚ ਮਿਆਰ ਦੇ ਵਧੀਆ ਬੀਜ, ਖਾਦ ਅਤੇ ਕੀਟਨਾਸ਼ਕ/ਨਦੀਨਨਾਸ਼ਕ ਦਵਾਈਆਂ ਉਪਲਬਧ ਕਰਵਾਉਣ ਲਈ ਮੁਹਾਲੀ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਕਿਸਾਨ ਸੀਡ ਸਟੋਰ ਪਿੰਡ ਛੱਤ ਵਿੱਚ ਚੈਕਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਡੀਲਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਡੀਲਰ ਬਿਨਾਂ ਲਾਇਸੈਂਸ ਅਤੇ ਆਡੀਸ਼ਨ ਤੋਂ ਖੇਤੀ ਸਮਗਰੀ ਆਪਣੀ ਦੁਕਾਨ ’ਤੇ ਰੱਖ ਕੇ ਨਹੀਂ ਵੇਚੇਗਾ। ਇਸ ਲਈ ਸਾਰੇ ਦਸਤਾਵੇਜ਼ ਮੁਕੰਮਲ ਰੱਖੇ ਜਾਣ ਅਤੇ ਕਿਸਾਨਾਂ ਨੂੰ ਖ਼ਰੀਦੇ ਗਏ ਸਮਾਨ ਦਾ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੀ.ਏ.ਯੂ ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਏਡੀਓ ਡਾ. ਗੁਰਦਿਆਲ ਕੁਮਾਰ ਨੇ ਕਿਹਾ ਕਿ ਚੈਕਿੰਗ/ਸੈਂਪਲਿੰਗ ਦੌਰਾਨ ਜੇਕਰ ਕਿਸੇ ਕਿਸਮ ਦੀ ਕੋਈ ਊਣਤਾਈ ਪਾਈ ਗਈ ਤਾਂ ਸਬੰਧਤ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।