
ਸਰਕਾਰੀ ਹਸਪਤਾਲ ਵਿੱਚ ਮੈਡੀਕਲ ਪ੍ਰਬੰਧਾਂ ਤੇ ਸਫ਼ਾਈ ਵਿਵਸਥਾ ਦਾ ਨਿਰੀਖਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਮੁਹਾਲੀ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਮਹੇਸ਼ ਅਹੂਜਾ ਨੇ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਮੈਡੀਕਲ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਫ਼ਾਈ ਵਿਵਸਥਾ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਸਿਵਲ ਸਰਜਨ ਨੇ ਐਮਰਜੈਂਸੀ ਵਾਰਡ ਵਿੱਚ ਜਾ ਕੇ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਡੂੰਘਾਈ ਨਾਲ ਜਾਂਚ ਕੀਤੀ। ਉਨ੍ਹਾਂ ਐਮਰਜੈਂਸੀ ਵਾਰਡ ਸਮੇਤ ਹਸਪਤਾਲ ਵਿੱਚ ਸਫ਼ਾਈ ਬਾਬਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਅਤੇ ਮਰੀਜ਼ਾਂ ਨੂੰ ਚੰਗਾ ਮਾਹੌਲ ਦੇਣ ਦੀ ਗੱਲ ਕਹੀ। ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਵੀ ਸਿੱਧੀ ਗੱਲ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਥਾਂ ਹਸਪਤਾਲ ਵਿੱਚ ਉਪਲਬਧ ਦਵਾਈਆਂ ਦਿੱਤੀਆਂ ਜਾਣ।

ਡਾ. ਅਹੂਜਾ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਹੂਲਤਾਂ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇਗਾ। ਦੌਰਾਨ ਸਿਵਲ ਸਰਜਨ ਨੇ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਹਸਪਤਾਲ ਆਉਣ ਅਤੇ ਜਾਣ ਸਮੇਂ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਐਸਐਮਓ ਡਾ. ਵਿਜੈ ਭਗਤ, ਡਾ. ਪਰਮਿੰਦਰਜੀਤ ਸਿੰਘ ਅਤੇ ਹੋਰ ਮੌਜੂਦ ਸਨ।