ਡਿਊਟੀ ਵਿੱਚ ਘੋਰ ਲਾਪਰਵਾਹੀ ਦੇ ਦੋਸ਼ ਵਿੱਚ ਇੰਸਪੈਕਟਰ ਭੁਪਿੰਦਰ ਸਿੰਘ ਮੁਅੱਤਲ
ਚੈੱਕ ਪੋਸਟ ’ਤੇ ਨਾਈਟ ਡਿਊਟੀ ਦੌਰਾਨ ਗੱਡੀ ਵਿੱਚ ਸੁੱਤਾ ਪਿਆ ਮਿਲਿਆ ਇੰਸਪੈਕਟਰ ਭੁਪਿੰਦਰ ਸਿੰਘ
ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਤੜਕੇ ਸਵੇਰੇ ਖ਼ੁਦ ਕੀਤੀ ਸੀ ਚੈੱਕ ਪੋਸਟਾਂ ਦੀ ਅਚਨਚੇਤ ਚੈਕਿੰਗ
ਨਬਜ਼-ਏ-ਪੰਜਾਬ, ਮੁਹਾਲੀ, 2 ਜਨਵਰੀ:
ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਵੱਲੋਂ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ ਵਿੱਚ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਨਾਈਟ ਡਿਊਟੀ ਦੌਰਾਨ ਇੱਕ ਚੈੱਕ ਪੋਸਟ ’ਤੇ ਤਾਇਨਾਤ ਉਕਤ ਇੰਸਪੈਕਟਰ ਕਾਰ ਵਿੱਚ ਸੁੱਤਾ ਪਿਆ ਸੀ। ਐੱਸਐੱਸਪੀ ਨੇ ਖ਼ੁਦ ਤੜਕੇ ਸਵੇਰੇ ਕਰੀਬ ਤਿੰਨ ਵਜੇ ਮੁਹਾਲੀ ਏਅਰਪੋਰਟ ਸੜਕ ਅਤੇ ਹੋਰਨਾਂ ਥਾਵਾਂ ’ਤੇ ਚੈੱਕ ਪੋਸਟਾਂ ਦੀ ਅਚਨਚੇਤ ਚੈਕਿੰਗ ਕੀਤੀ ਤਾਂ ਏਅਰਪੋਰਟ ਸੜਕ ’ਤੇ ਸਥਿਤ ਚੈੱਕ ਪੋਸਟ ’ਤੇ ਇੰਸਪੈਕਟਰ ਭੁਪਿੰਦਰ ਸਿੰਘ ਗੱਡੀ ਵਿੱਚ ਸੁੱਤਾ ਪਿਆ ਮਿਲਿਆ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਐੱਸਐੱਸਪੀ ਨੇ ਉਸ ਨੂੰ ਮੁਅੱਤਲ ਕਰ ਦਿੱਤਾ।
ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਰੋਜ਼ਾਨਾ ਚੈੱਕ ਪੋਸਟਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ। ਪੰਜਾਬ ਦੇ ਗੁਆਂਢੀ ਸੂਬਿਆਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀਆਂ ਸਾਂਝੀਆਂ ਹੱਦਾਂ ’ਤੇ ਅਜਿਹੀਆਂ ਚੈੱਕ ਪੋਸਟਾਂ ਰਾਹੀਂ ਵਧੇਰੇ ਚੌਕਸੀ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰ ਅਤੇ ਹੋਰ ਆਲੇ-ਦੁਆਲੇ ਲਗਪਗ 80 ਤੋਂ 90 ਚੈੱਕ ਪੋਸਟਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ, ਜਿੱਥੇ ਪੁਲੀਸ ਜਵਾਨਾਂ ਵੱਲੋਂ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾਂਦੀ ਹੈ। ਪੁਲੀਸ ਵੱਲੋਂ ਰਾਤ ਨੂੰ ਚੱਲਣ ਵਾਲੇ ਵਪਾਰਕ ਵਾਹਨਾਂ ’ਤੇ ਰਿਫ਼ਲੈਕਟਰ ਸਟਿੱਕਰ ਲਗਾਏ ਜਾਂਦੇ ਹਨ। ਉਨ੍ਹਾਂ ਪੁਲੀਸ ਮੁਲਾਜ਼ਮਾਂ ਨੂੰ ਡਿਊਟੀ ਲਈ ਪਾਬੰਦ ਕਰਦਿਆਂ ਸਪੱਸ਼ਟ ਆਖਿਆ ਕਿ ਡਿਊਟੀ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।