
ਪੰਜਾਬ ਦੇ ਸਾਰੇ ਸਕੂਲਾਂ ਵਿੱਚ 3 ਸਤੰਬਰ ਨੂੰ ਹੋਵੇਗੀ ਇੰਸਪਾਇਰ ਮੀਟ’: ਹਰਜੋਤ ਬੈਂਸ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਕੀਤੀ ਸਿੱਧੀ ਗੱਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ 3 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ‘ਇੰਸਪਾਇਰ ਮੀਟ’ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹਰਜੋਤ ਬੈਂਸ ਨੇ ਅੱਜ ਇੱਥੇ ਸਿੱਖਿਆ ਭਵਨ ਤੋਂ ਐਜੂਸੈੱਟ ਸਿਸਟਮ ਰਾਹੀਂ ਪੰਜਾਬ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਨੂੰ ‘ਇੰਸਪਾਇਰ ਮੀਟ’ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਭੇਜਿਆ ਜਾਵੇ। ਉਨ੍ਹਾਂ ਨੇ ਸਹਿ-ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੱਤਾ।
ਸ੍ਰੀ ਬੈਂਸ ਨੇ ਕਿਹਾ ਕਿ ਉਹ ਵੱਖ-ਵੱਖ ਸਕੂਲਾਂ ਵਿੱਚ ‘ਇੰਸਪਾਇਰ ਮੀਟ’ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਸਮੂਹ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਉਸਾਰੂ ਯਤਨਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਪਿਛਲੇ ਦਿਨਾਂ ਦੀ ਸਕੂਲ ਦੌਰਿਆਂ ਦੇ ਤਜਰਬਿਆਂ ਦੇ ਅਧਾਰ ’ਤੇ ਬੋਲਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਬਹੁਤ ਹੁਨਰ ਹੈ, ਜਿਸ ਨੂੰ ਸਿਰਫ਼ ਤਰਾਸ਼ਣ ਅਤੇ ਸਹੀ ਰਸਤਾ ਦਿਖਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣਾ ਹੈ। ਇਸ ਉਦੇਸ਼ ਲਈ ਵੱਡੇ ਪੱਧਰ ਸਾਂਝੇ ਯਤਨ ਕੀਤੇ ਜਾ ਰਹੇ ਹਨ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਮੌਕੇ ਡੀਜੀਐਸਈ ਪਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।