ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕੀਤਾ ਜਾਵੇਗਾ: ਸਿੱਧੂ

ਖੇਤੀਬਾੜੀ ਦੇ ਬਦਲ ਵਜੋਂ ਪਸ਼ੂ ਪਾਲਣ, ਮੱਛੀ ਪਾਲਣ, ਸੂਰ ਤੇ ਭੇਡ-ਬੱਕਰੀਆਂ ਪਾਲਣ ਲਈ ਕੀਤਾ ਜਾਵੇਗਾ ਉਤਸ਼ਾਹਿਤ
ਪਸ਼ੂ ਪਾਲਣ ਵਿਭਾਗ ਵੱਲੋਂ ਹਰ ਜ਼ਿਲ੍ਹੇ ਦੇ 500 ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਪਿੰਡ ਪੜਛ ਵਿੱਚ ਸਥਾਪਿਤ ਕੀਤਾ ਜਾਵੇਗਾ ਪਸ਼ੂ ਫਾਰਮ, ਪਾਇਲਟ ਪ੍ਰੋਜੈਕਟ ਦੇ ਤੌਰ ’ਤੇ ਰੱਖੇ ਜਾਣਗੇ ਕੜਕਨਾਥ ਤੇ ਬਟੇਰ
ਮੁਹਾਲੀ ਵਿੱਚ ਆਪਣੀ ਰਿਹਾਇਸ਼ ’ਤੇ ਕੈਬਨਿਟ ਮੰਤਰੀ ਸਿੱਧੂ ਨੇ ਸੁਣੀਆਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਪੰਜਾਬ ਵਿੱਚ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਹੈ ਅਤੇ ਕਰਜ਼ੇ ਦੀ ਪੰਡ ਭਾਰੀ ਹੋਣ ਕਾਰਨ ਅਜੋਕੇ ਸਮੇਂ ਵਿੱਚ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ। ਸੂਬੇ ਦੇ ਕਿਸਾਨਾਂ ਨੂੰ ਵਿੱਤ ਸੰਕਟ ਤੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਹੋਰ ਪੜੇ ਲਿਖੇ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਪਸ਼ੂ ਪਾਲਣ ਦੇ ਨਾਲ ਨਾਲ ਮੱਛੀ ਪਾਲਣ, ਸੂਰ ਅਤੇ ਬੱਕਰੀ ਅਤੇ ਬੱਕਰੇ ਪਾਲਣ ਲਈ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਰ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੀਟ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤਾ ਜਾਵੇਗਾ, ਜਿਸ ਰਾਹੀਂ ਪੈਕ ਕੀਤਾ ਮੀਟ ਉੱਤਰ-ਪੂਰਬੀ ਸੂਬਿਆਂ ਅਤੇ ਵਿਦੇਸ਼ਾਂ ਨੂੰ ਸਪਲਾਈ ਕੀਤਾ ਜਾਵੇਗਾ। ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ ’ਤੇ ਖੜ੍ਹਾ ਕਰਨ ਲਈ ਹਰ ਜ਼ਿਲ੍ਹੇ ਦੇ 500 ਨੌਜਵਾਨਾਂ ਨੂੰ ਇੱਕ ਸਾਲ ਵਿੱਚ ਪਸ਼ੂ ਪਾਲਣ ਦੀ ਮੁਫ਼ਤ ਸਿਖਲਾਈ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਰ ਪਾਲਣ ਦਾ ਧੰਦਾ ਹੋਰਨਾਂ ਸਹਾਇਕ ਧੰਦਿਆਂ ਮੁਕਾਬਲੇ ਸਭ ਤੋਂ ਵੱਧ ਕਾਮਯਾਬ ਹੋ ਸਕਦਾ ਹੈ ਕਿਉਂਕਿ ਇਸ ਧੰਦੇ ਲਈ ਜ਼ਿਆਦਾ ਜ਼ਮੀਨ ਦੀ ਲੋੜ ਨਹੀਂ ਹੈ ਅਤੇ ਘੱਟ ਲਾਗਤ ਨਾਲ ਹੀ ਇਹ ਧੰਦਾ ਸ਼ੁਰੂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਸੂਰੀ ਤੋਂ ਪਸ਼ੂ ਪਾਲਕਾਂ ਨੂੰ 3500 ਰੁਪਏ ਪ੍ਰਤੀ ਮਹੀਨਾ ਤੱਕ ਬੱਚਤ ਹੋ ਸਕਦੀ ਹੈ। ਇਸ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਸ਼ੂ ਪਾਲਣ ਦੇ ਖੇਤਰ ਵਿੱਚ ਪੈਰ ਧਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ 25 ਫੀਸਦ ਤੱਕ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਸ੍ਰੀ ਸਿੱਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਹਾਲੀ ਹਲਕੇ ਸਮੇਤ ਕੰਡੀ ਇਲਾਕੇ ਦੇ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪਛੜ ਵਿੱਚ ਡਿਸਪੈਂਸਰੀ ਨੂੰ ਅਪਗਰੇਡ ਕੀਤਾ ਜਾਵੇਗਾ ਅਤੇ ਇਸ ਦੇ ਇੱਕ ਹਿੱਸੇ ਨੂੰ ਪਸ਼ੂ ਫਾਰਮ ਵਜੋਂ ਵਿਕਸਿਤ ਕਰ ਕੇ ਪਾਇਲਟ ਪ੍ਰੋਜੈਕਟ ਵਜੋਂ ਪਹਿਲਾਂ ਉੱਥੇ ਬਟੇਰ ਅਤੇ ਕੜਕਨਾਥ ਦੇ ਬੱਚੇ ਰੱਖੇ ਜਾਣਗੇ, ਜਿਹੜੇ ਬਾਅਦ ਵਿੱਚ ਪਸ਼ੂ ਪਾਲਕਾਂ ਨੂੰ ਸਪਲਾਈ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਿਰਤ ਸੱਭਿਆਚਾਰ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਲਈ ਪੇ੍ਰਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਨਿਵਾਸ ’ਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸ਼ਿਕਾਇਤਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਮੁਸ਼ਕਲਾਂ ਬਾਰੇ ਅਧਿਕਾਰੀਆਂ ਨੂੰ ਫੌਰੀ ਹੱਲ ਕਰਨ ਦੀਆਂ ਹਦਾਇਤ ਕੀਤੀਆਂ ਗਈਆਂ।
ਇਸ ਮੌਕੇ ਸ੍ਰੀ ਸਿੱਧੂੁ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਵਕੀਲ ਨਰਪਿੰਦਰ ਸਿੰਘ ਰੰਗੀ, ਜੱਟ ਮਹਾਂ ਸਭਾ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਜੱਸੀ ਬੱਲੋਮਾਜਰਾ, ਚੌਧਰੀ ਹਰੀਪਾਲ ਚੋਲਟਾਂ ਕਲਾਂ, ਜਗਤਾਰ ਸਿੰਘ ਬਾਕਰਪੁਰ, ਜਸਪ੍ਰੀਤ ਸਿੰਘ ਗਿੱਲ, ਮਾਸਟਰ ਰਾਮ ਸਰੂਪ ਜੋਸ਼ੀ, ਜੀਐਸ ਰਿਆੜ, ਪਰਦੀਪ ਸੋਨੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਰਣਜੀਤ ਸਿੰਘ ਗਿੱਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…