
ਪਿੰਡ ਮਟੌਰ ਵਿੱਚ ਵਾਟਰ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ
ਮੇਅਰ ਕੁਲਵੰਤ ਸਿੰਘ ਦੀ ਪਹਿਲਕਦਮੀ ਨਾਲ ਮਿਲੇਗੀ ਪਿੰਡ ਵਾਸੀਆਂ ਨੂੰ ਦੂਸ਼ਿਤ ਪਾਣੀ ਤੋਂ ਨਿਜਾਤ: ਕੌਂਸਲਰ ਹਰਪਾਲ ਚੰਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਇੱਥੋਂ ਦੇ ਨੇੜਲੇ ਪਿੰਡ ਮਟੌਰ ਵਿਖੇ ਵਾਟਰ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਬਜ਼ ਧਿਰ ਦੇ ਕੌਂਸਲਰ ਹਰਪਾਲ ਸਿੰਘ ਚੰਨਾ ਨੇ ਦੱਸਿਆ ਕਿ ਪਿੰਡ ਵਿੱਚ ਕਰੀਬ ਸੰਨ 1970=75 ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਪਾਈਆਂ ਸਨ ਜੋ ਹੁਣ ਪੁਰਾਣੀਆਂ ਹੋ ਕੇ ਖਰਾਬ ਹੋ ਗਈਆਂ ਸਨ, ਜਿਨ੍ਹਾਂ ਵਿੱਚ ਸੀਵਰੇਜ ਦਾ ਪਾਣੀ ਮਿਲ ਜਾਂਦਾ ਸੀ। ਜਿਸ ਕਾਰਨ ਪਿੰਡ ਵਾਸੀ ਕਾਫੀ ਸਮੇਂ ਤੋਂ ਦੂਸ਼ਿਤ ਪਾਣੀ ਦੀ ਵਰਤੋਂ ਲਈ ਮਜਬੂਰ ਸਨ। ਇਸ ਲਈ ਪਾਣੀ ਲਈ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ।
ਸ੍ਰੀ ਚੰਨਾ ਨੇ ਕਿਹਾ ਕਿ ਇਸ ਸਬੰਧੀ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਪਹਿਲਕਦਮੀ ਸਦਕਾ ਇਹ ਕਾਰਜ ਸ਼ੁਰੂ ਹੋ ਸਕਿਆ ਹੈ। ਮੇਅਰ ਨੇ ਜਨ ਸਿਹਤ ਤੇ ਵਾਟਰ ਸਪਲਾਈ ਵਿਭਾਗ ਨੂੰ 78 ਲੱਖ ਰੁਪਏ ਭੇਜ ਦਿੱਤੇ ਹਨ ਅਤੇ ਅੱਜ ਇਸ ਕੰਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸੀਵਰੇਜ ਅਤੇ ਜਲ ਨਿਕਾਸੀ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਕੌਂਸਲਰ ਕਰਮਜੀਤ ਕੌਰ, ਸਮਾਜ ਸੇਵੀ ਆਗੂ ਜਸਪਾਲ ਸਿੰਘ ਬਿੱਲਾ, ਜਗਦੀਪ ਸਿੰਘ ਅਤੇ ਜਨ ਸਿਹਤ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।