
ਨੌਕਰੀਆਂ ਦੇਣ ਦੀ ਥਾਂ ਰੁਜ਼ਗਾਰ ਖੋਹਣ ਦੇ ਰਾਹ ਪਈ ‘ਆਪ’ ਸਰਕਾਰ: ਬਲਵਿੰਦਰ ਕੁੰਭੜਾ
ਬਲਵਿੰਦਰ ਕੁੰਭੜਾ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਨੇ ਏਡੀਸੀ ਤੇ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ
ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ:
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸੋਮਵਾਰ ਨੂੰ ਸਬਜ਼ੀ ਮੰਡੀ ਦੇ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੇ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਅਤੇ ਏਡੀਸੀ ਨੂੰ ਵੱਖੋ-ਵੱਖਰੇ ਮੰਗ ਪੱਤਰ ਸੌਂਪ ਕੇ ਸਬਜ਼ੀ ਮੰਡੀ ਵਿੱਚ ਸਿਆਸੀ ਅਤੇ ਪ੍ਰਸ਼ਾਸਨ ਦੀ ਕਥਿਤ ਧੱਕੇਸ਼ਾਹੀ ਦਾ ਦੋਸ਼ ਲਾਇਆ ਹੈ। ਏਡੀਸੀ ਅਤੇ ਕਮਿਸ਼ਨਰ ਨੇ ਪੀੜਤ ਲੋਕਾਂ ਨੂੰ ਨਿਯਮਾਂ ਤਹਿਤ ਇਨਸਾਫ਼ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਸਬਜ਼ੀ ਮੰਡੀ ਵਿੱਚ ਸਬਜ਼ੀਆਂ, ਫਲ ਫਰੂਟ ਅਤੇ ਹੋਰ ਨਿੱਤ ਵਰਤੋਂ ਦਾ ਸਾਮਾਨ ਵੇਚ ਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣ ਵਾਲੇ ਮਜ਼ਦੂਰਾਂ ਅਤੇ ਕਿਸਾਨਾਂ ਕੋਲੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਿਆਸੀ ਦਬਾਅ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਬਜ਼ੀ ਮੰਡੀ ਵਿੱਚ ਸਮਾਨ ਵੇਚਣ ਤੋਂ ਰੋਕਿਆ ਗਿਆ ਤਾਂ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਵੀਰ ਸਿੰਘ, ਸੁਰਿੰਦਰ ਸਿੰਘ, ਬੁੱਧ ਸਿੰਘ, ਸੁਰੇਸ਼ ਕੁਮਾਰ ਅਤੇ ਹੋਰਨਾਂ ਕਿਸਾਨਾਂ ਤੇ ਮਜ਼ਦੂਰਾਂ ਨੇ ਕਿਹਾ ਕਿ ਪਹਿਲਾਂ ਤਾਂ ਸਮੇਂ ਦੀਆਂ ਸਰਕਾਰਾਂ ਨੇ ਉਪਜਾਊ ਜ਼ਮੀਨਾਂ ਐਕਵਾਇਰ ਕਰਕੇ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਅਤੇ ਹੁਣ ਸਿਆਸੀ ਦਖ਼ਲ ਦੇ ਚੱਲਦਿਆਂ ਸਬਜ਼ੀ ਮੰਡੀ ਵਿੱਚ ਸਬਜ਼ੀਆਂ ਅਤੇ ਫਲ ਫਰੂਟ ਵੇਚਣ ਤੋਂ ਵੀ ਰੋਕਿਆ ਜਾ ਰਿਹਾ ਹੈ ਅਤੇ ਕਾਨੂੰਨੀ ਕਾਰਵਾਈ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਖਾਲੀ ਥਾਵਾਂ ’ਤੇ ਸਬਜ਼ੀ ਮੰਡੀ ਲਗਾਉਣ ਬਦਲੇ ਉਹ ਸਰਕਾਰੀ ਫੀਸ ਦੇਣ ਨੂੰ ਵੀ ਤਿਆਰ ਹਨ। ਇਸ ਮੌਕੇ ਬਲਜਿੰਦਰ ਸਿੰਘ, ਸੋਹਣ ਸਿੰਘ, ਭੁਪਿੰਦਰ ਸਿੰਘ, ਪ੍ਰਮੋਦ ਕੁਮਾਰ, ਚੰਦਰਪਾਲ, ਰਿੰਕੂ, ਬਨਾਰਸੀ, ਰਾਜਪਾਲ, ਵੀਰੂ, ਸ਼ਿਵ ਕੁਮਾਰ, ਬੀਰਪਾਲ ਪ੍ਰਦੀਪ ਅਤੇ ਹੋਰ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।