ਸੀਸੀਟੀਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਲਾਗੂ ਕਰਨ ਵਾਲੇ ਅਦਾਰਿਆਂ ਨੂੰ ਹੀ ਮਿਲੇਗਾ ਸਕਾਲਰਸ਼ਿਪ ਦਾ ਲਾਭ: ਚੰਨੀ

ਹੁਨਰ ਵਿਕਾਸ ਮਿਸ਼ਨ-2018 ਤੱਕ ਦਾ ਵਿਜ਼ਨ ਡਾਕੂਮੈਂਟ ਤਿਆਰ ਕਰਨ ਦੇ ਆਦੇਸ਼

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਸਤੰਬਰ:
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮ ਕਾਜ ਦਾ ਜਾਇਜ਼ਾ ਲੈਣ ਮੀਟਿੰਗ ਕੀਤੀ। ਇਸ ਮੌਕੇ ਸ.ਚੰਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਨਾਲ ਜੁੜੇ ਹੋਏ ਹਰ ਆਦਾਰੇ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਅਗਾਮੀ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਪਹਿਲਾਂ ਤਕਨੀਕੀ ਸਿੱਖਿਆ ਸੰਸਥਾਵਾਂ, ਪੌਲੀਟੈਕਨੀਕ ਕਾਲਜ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਵਿਦਿਆਰਥੀਆਂ ਦੀ ਬਾਇਓ ਮੀਟ੍ਰਿਕ ਹਾਜ਼ਰੀ ਸਿਸਟਮ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਰਫ ਉਨ੍ਹਾਂ ਅਦਾਰਿਆਂ ਨੂੰ ਐਸ.ਸੀ ਸਕਾਲਸ਼ਿਪ ਦਾ ਲਾਭ ਦਿੱਤਾ ਜਾਵੇਗਾ ਜੋ ਇਸ ਸਿਸਟਮ ਰਾਹੀਂ ਆਨਲਾਈਨ ਤਕਨੀਕੀ ਸਿੱਖਿਆ ਵਿਭਾਗ ਨਾਲ ਜੁੜਨਗੇ।
ਸ੍ਰੀ ਚੰਨੀ ਨੇ ਇਸ ਮੌਕੇ ਨਾਲ ਹੀ ਸਪੱਸ਼ਟ ਕੀਤਾ ਕਿ ਸੀ.ਸੀ.ਟੀ.ਵੀ ਕੈਮਰੇ ਅਤੇ ਬਾਇਓ ਮੀਟ੍ਰਿਕ ਹਾਜ਼ਰੀ ਸਿਸਟਮ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੋਵਾਂ ਵਿਚ ਹੀ ਲਾਗੂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਸ ਸਿਸਟਮ ਦੇ ਲਾਗੁ ਹੋਣ ਨਾਲ ਜਿੱਥੇ ਫਰਜੀ ਦਾਖਲਿਆਂ ਨੂੰ ਨਕੇਲ ਪਵੇਗੀ ਉੱਥੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਹੇਠ ਇਮਤਿਹਾਨ ਹੋਣ ਨਾਲ ਨਕਲ ਨੂੰ ਵੀ ਪੂਰੀ ਤਰਾਂ ਨਾਲ ਠੱਲ ਪਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਢਾਂਚਾ ਖੜਾ ਕਰਨ ਦਾ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁਕਣਾ ਹੈ। ਇਸ ਮੌਕੇ ਸੂਬੇ ਵਿਚ ਹੁਨਰ ਵਿਕਾਸ਼ ਮਿਸ਼ਨ ਪ੍ਰੋਗਰਾਮ ਦੇ ਕੰਮ ਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਚੰਨੀ ਨੇ ਸਬੰਧਿਤ ਅਧਿਕਾਰੀਆਂ ਨੂੰ 2018 ਤੱਕ ਦੇ ਵਿਜ਼ਨ ਦਾ ਖਰੜਾ ਤਿਆਰ ਕਰਕੇ ਪੇਸ਼ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਹੁਨਰ ਵਿਕਾਸ ਸਿਖਲਾਈ ਲਈ ਤਕਨੀਕੀ ਸਿੱਖਿਆ ਵਿਭਾਗ ਨੂੰ ਸਿਖਲਾਈ ਪਾਰਟਨਰ ਬਣਾਉਣ ਲਈ ਕਾਰਵਾਈ ਅਰੰਭੀ ਜਾਵੇ। ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਨਰ ਵਿਕਾਸ ਕੇਂਦਰਾਂ ਵਿਚ ਸੂਬੇ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਦੇ ਤਹਿਤ ਹੁਨਰ ਵਿਕਾਸ ਲਈ ਵੱਧ ਤੋਂ ਵੱਧ ਪਾਰਟਨਰ ਸਿਖਲਾਈ ਦੇਣ ਲਈ ਬਣਾਏ ਜਾਣ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਹਾਸਲ ਕਰਨ ਉਪਰੰਤ ਨੌਜਵਾਨਾਂ ਦੀ ਪਲੇਸਮੈਂਟ ਯਕੀਨੀ ਬਣਾਈ ਜਾਵੇ।
ਇਸ ਮੌਕੇ ਜੀ.ਵਜਰਾਲਿੰਗਮ ਵਧੀਕ ਮੁੱਖ ਸਕੱਤਰ ਤਕਨੀਕੀ ਸਿੱਖਿਆ, ਚੰਦਰ ਗੇਂਦ ਸਕੱਤਰ ਤਕਨੀਕੀ ਸਿੱਖਿਆ ਬੋਰਡ, ਪਰਵੀਨ ਥਿੰਦ ਡਾਇਰੈਕਟਰ ਤਕਨੀਕੀ ਸਿੱਖਿਆ, ਮੋਹਨਬੀਰ ਸਿੰਘ, ਸ੍ਰੀਮਤੀ ਦਲਜੀਤ ਕੌਰ, ਐਮ.ਪੀ ਸਿੰਘ (ਸਾਰੇ ਵਧੀਕ ਡਾਇਰੈਕਟਰ), ਦਮਨਪ੍ਰੀਤ ਕੌਰ ਡੀ.ਡੀ.ਏ ਅਤੇ ਹੁਨਰ ਵਿਕਾਸ ਮਿਸ਼ਨ ਦੇ ਵਧੀਕ ਡਾਇਰੈਕਟਰ ਅਸ਼ੋਕ ਪਰਾਸ਼ਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Important Stories

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…