ਸਫ਼ਾਈ, ਲਾਵਾਰਿਸ ਪਸ਼ੂਆਂ ਨੂੰ ਫੜਨ ਤੇ ਆਵਾਰਾ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ ਕਰਨ ਦੀਆਂ ਹਦਾਇਤਾਂ

ਸਫ਼ਾਈ, ਲਾਵਾਰਿਸ ਪਸ਼ੂ ਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਸਿਰਜੋੜ ਕੇ ਬੈਠੇ ਮੇਅਰ ਤੇ ਅਧਿਕਾਰੀ

ਨਬਜ਼-ਏ-ਪੰਜਾਬ, ਮੁਹਾਲੀ, 6 ਜੁਲਾਈ:
ਮੁਹਾਲੀ ਵਾਸੀਆਂ ਨੂੰ ਨੇੜ ਭਵਿੱਖ ਵਿੱਚ ਸਫ਼ਾਈ ਵਿਵਸਥਾ, ਲਾਵਾਰਿਸ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਣ ਦੀ ਆਸ ਬੱਝ ਗਈ ਹੈ। ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਉਕਤ ਤਿੰਨ ਅਹਿਮ ਮੁੱਦਿਆਂ ’ਤੇ ਨਗਰ ਨਿਗਮ ਅਧਿਕਾਰੀਆਂ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀ ਸਫ਼ਾਈ, ਲਾਵਾਰਿਸ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਲੋਕਾਂ ਨਾਲ ਜੁੜੇ ਇਨ੍ਹਾਂ ਤਿੰਨਾਂ ਮਸਲਿਆਂ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਲਾਵਾਰਿਸ ਪਸ਼ੂਆਂ ਦਾ ਮੁੱਦਾ ਚੁੱਕਦਿਆਂ ਕਿਹਾ ਕੇ ਮੂੰਹ-ਖੁਰ ਦੀ ਬਿਮਾਰੀ ਕਾਰਨ ਪਸ਼ੂਆਂ ਨੂੰ ਫੜਿਆਂ ਨਹੀਂ ਜਾ ਰਿਹਾ ਹੈ। ਇਹ ਸਮੱਸਿਆ ਲਗਾਤਾਰ ਵਧ ਰਹੀ ਹੈ। ਲਿਹਾਜ਼ਾ ਠੋਸ ਕਦਮ ਚੁੱਕੇ ਜਾਣ।
ਇੰਜ ਹੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਵਾਰਾ ਕੁੱਤਿਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ ਨਹੀਂ ਹੋ ਰਹੇ। ਜਿਸ ਕਾਰਨ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ ਹਨ। ਮੇਅਰ ਜੀਤੀ ਸਿੱਧੂ ਨੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਲਈ ਕਰਮਚਾਰੀ ਵਧਾਏ ਜਾਣ ਅਤੇ ਲੋੜ ਅਨੁਸਾਰ ਮਸ਼ੀਨਰੀ, ਟਰਾਲੀਆਂ ਦੀ ਖ਼ਰੀਦ ਕੀਤੀ ਜਾਵੇ।
ਲਾਵਾਰਿਸ ਪਸ਼ੂਆਂ ਸਬੰਧੀ ਮੇਅਰ ਨੇ ਕਿਹਾ ਕਿ ਠੇਕੇਦਾਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਲਾਵਾਰਿਸ ਪਸ਼ੂ ਫੜਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਆਵਾਰਾ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ ਸਬੰਧੀ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ ਆਵਾਰਾ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ ਕੀਤੇ ਜਾਣਗੇ। ਇਸ ਮੌਕੇ ਵਿੱਤ ਤੇ ਠੇਕਾ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਮਣਕੂ ਤੇ ਸ੍ਰੀਮਤੀ ਅਨੁਰਾਧਾ ਅਨੰਦ, ਕੌਂਸਲਰ ਸੁੱਚਾ ਸਿੰਘ ਕਲੌੜ, ਰਵਿੰਦਰ ਸਿੰਘ, ਐਸਈ ਨਰੇਸ਼ ਬੱਤਾ, ਸਕੱਤਰ ਰੰਜੀਵ ਕੁਮਾਰ, ਸਮਾਜ ਸੇਵੀ ਜਤਿੰਦਰ ਅਨੰਦ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…