
ਡੀਸੀ ਵੱਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੇ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ਿਕਾ ਜੈਨ
ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਅਹਿਮੀਅਤ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਾਉਣ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਅਤੇ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਤੇ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਸ ਸਬੰਧੀ ਜਾਗਰੂਕਤਾ ਮੁਹਿੰਮ ਚਲਾਉਣ ’ਤੇ ਜ਼ੋਰ ਦਿੰਦਿਆਂ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਜਮਹੂਰੀ ਅਧਿਕਾਰ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ। ਇਸ ਦਾ ਮੰਤਵ ਭਵਿੱਖ ਵਿੱਚ ਵੋਟਰਾਂ ਨੂੰ ਬਿਹਤਰ ਸਹੂਲਤਾਂ ਅਤੇ ਜਾਣਕਾਰੀ ਦੇਣਾ ਹੈ। ਡੀਸੀ ਨੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਦੇ ਨਿਰਦੇਸ਼ ਦਿੰਦੇ ਹੋਏ ਬੂਥ ਲੈਵਲ ਅਫ਼ਸਰ (ਬੀਐਲਓਜ਼) ਦੀ ਆਪਣੇ ਖੇਤਰਾਂ ਵਿੱਚ ਮੌਜੂਦਗੀ ਦੀ ਲੋੜ ’ਤੇ ਜ਼ੋਰ ਦਿੱਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਇਹ ਕੰਮ ਨਿਰਧਾਰਿਤ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਮੁਲਾਜ਼ਮਾਂ ਦੀ ਮਦਦ ਲਈ ਜਾਵੇ ਅਤੇ ਟੈਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ ’ਤੇ ਪਾਰਦਰਸ਼ਤਾ ਲਿਆਂਦੀ ਜਾਵੇ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਕਿ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਬੀਐਲਓਜ਼ ਵੱਲੋਂ ਰੋਜ਼ਾਨਾ ਘਰ-ਘਰ ਜਾ ਕੇ ਫਾਰਮ 6 ਇਕੱਠੇ ਕੀਤੇ ਜਾ ਰਹੇ ਹਨ। ਗੌਰਤਲਬ ਹੈ ਕਿ ਵੋਟਰ ਖ਼ੁਦ ਵੀ ਆਪਣਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵੋਟਰ ਹੈਲਪਲਾਈਨ ਐਪ ਰਾਹੀਂ ਫਾਰਮ ਭਰ ਸਕਦੇ ਹਨ। ਹੋਰ ਜਾਣਕਾਰੀ ਲਈ ਟੋਲ ਫ਼ੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਐਸਡੀਐਮ ਖਰੜ ਰਵਿੰਦਰ ਸਿੰਘ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।