ਸਿਵਲ ਸਰਜਨ ਵੱਲੋਂ ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ ਜਾਰੀ

ਡਾ. ਆਦਰਸ਼ਪਾਲ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੀਤੀ ਮੀਟਿੰਗ, ਕੰਮਾਂ ਦੀ ਸਮੀਖਿਆ

ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਈ ਜਾਵੇ, ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮਿਆਰੀ ਤੇ ਬਿਹਤਰ ਓਪੀਡੀ (ਆਊਟ ਪੇਸ਼ੰਟ ਡਿਪਾਰਟਮੈਂਟ) ਤੇ ਐਮਰਜੈਂਸੀ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਹ ਹਦਾਇਤ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹੇ ਦੇ ਤਮਾਮ ਸੀਨੀਅਰ ਮੈਡੀਕਲ ਅਫ਼ਸਰਾਂ (ਐਸਐਮਓ) ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਤੀ। ਉਨ੍ਹਾਂ ਕਿਹਾ ਕਿ ਹਰ ਸਰਕਾਰੀ ਸਿਹਤ ਸੰਸਥਾ ਦਾ ਮੁਖੀ ਯਕੀਨੀ ਬਣਾਏ ਕਿ ਸਰਕਾਰੀ ਸਿਹਤ ਸੰਥਥਾ ਵਿੱਚ ਜਾਂਚ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨਾਲ ਚੰਗਾ ਵਿਹਾਰ ਕੀਤਾ ਜਾਵੇ।
ਡਾ. ਆਦਰਸ਼ਪਾਲ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। ਜੇ ਕੋਈ ਘਾਟ ਹੈ ਤਾਂ ਤੁਰੰਤ ਵੇਅਰਾਊਸ ਤੋਂ ਮੰਗਵਾਈ ਜਾਵੇ। ਉਨ੍ਹਾਂ ਡਾਕਟਰਾਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਬਾਹਰੋਂ ਮਿਲਣ ਵਾਲੀਆਂ ਦਵਾਈਆਂ ਨਾ ਲਿਖੀਆਂ ਜਾਣ ਅਤੇ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ, ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਸਿੱਧੇ ਤੌਰ ’ਤੇ ਡੀਲ ਕਰਨ ਵਾਲੇ ਮੁਲਾਜ਼ਮ ਹਰ ਸਮੇਂ ਅਪਣੀ ਸੀਟ ’ਤੇ ਮੌਜੂਦ ਰਹਿਣ ਅਤੇ ਕਿਸੇ ਵੀ ਸਿਹਤ ਸੰਸਥਾ ਵਿਚ ਭ੍ਰਿਸ਼ਟਾਚਾਰ ਜਾਂ ਰਿਸ਼ਵਤਖੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਿੱਤੀਆਂ ਜਾਣ ਵਾਲੀਆਂ ਅਹਿਮ ਸਿਹਤ ਸਹੂਲਤਾਂ ਅਤੇ ਅਧਿਕਾਰੀਆਂ ਦੇ ਨਾਵਾਂ ਵਾਲੇ ਬੋਰਡ ਲਗਵਾਏ ਜਾਣ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਹਸਪਤਾਲ ਵਿੱਚ ਐਮਰਜੈਂਸੀ ਟੀਮ ਅਤੇ ਕਿੱਟਾਂ ਹਰ ਸਮੇਂ ਤਿਆਰ ਰਹਿਣੀਆਂ ਚਾਹੀਦੀਆਂ ਹਨ ਤਾਕਿ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ‘ਤੇ ਐਮਰਜੈਂਸੀ ਟੀਮ ਤੁਰੰਤ ਮੌਕੇ ‘ਤੇ ਭੇਜੀ ਜਾ ਸਕੇ। ਇਸ ਤੋਂ ਇਲਾਵਾ, ਐਂਬੂਲੈਂਸਾਂ ਵਿਚ ਐਮਰਜੈਂਸੀ ਕਿੱਟ ਜਿਹਾ ਸਾਰਾ ਲੋੜੀਂਦਾ ਸਮਾਨ ਹਰ ਸਮੇਂ ਉਪਲਬਧ ਰਹੇ। ਉਨ੍ਹਾਂ ਹਸਪਤਾਲਾਂ ਵਿਚ ਸਾਫ਼-ਸਫ਼ਾਈ ਵਲ ਵੀ ਵਿਸ਼ੇਸ਼ ਧਿਆਨ ਦੇਣ ਲਈ ਆਖਿਆ।
‘ਕਰੋਨਾ’ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲਿੰਗ ਦੀ ਮੁਹਿੰਮ ਨੂੰ ਸਫ਼ਲਤਾ ਨਾਲ ਚਲਾਉਣ ਲਈ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵਿਸ਼ੇਸ਼ ਤੌਰ ’ਤੇ ਸਿਹਤ ਵਿਭਾਗ ਲਈ ਵੱਡੀ ਚੁਨੌਤੀ ਬਣੀ ਹੋਈ ਹੈ ਪਰ ਹਾਲੇ ਵੀ ਇਹ ਬੀਮਾਰੀ ਖ਼ਤਮ ਨਹੀਂ ਹੋਈ। ਇਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਜਿਹੇ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਨਾਲ-ਨਾਲ ਹਰ ਲਾਭਪਾਤਰੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ।
ਸਵਾਈਨ ਫ਼ਲੂ, ਡੇਂਗੂ, ਮਲੇਰੀਆਂ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਅਜਿਹੀਆਂ ਬੀਮਾਰੀਆਂ ਬਾਰੇ ਆਸ਼ਾ ਵਰਕਰ ਤੱਕ ਨੂੰ ਵੀ ਜਾਗਰੂਕ ਕੀਤਾ ਜਾਵੇ ਤਾਕਿ ਇਨ੍ਹਾਂ ਬੀਮਾਰੀਆਂ ਨਾਲ ਸਿੱਝਣ ਲਈ ਹੇਠਲੇ ਪੱਧਰ ਤਕ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਅਪਣੇ ਏਰੀਏ ਦੀਆਂ ਉੱਚ ਜ਼ੋਖ਼ਮ ਵਾਲੀਆਂ ਗਰਭਵਤੀ ਅੌਰਤਾਂ ਦੀ ਸਿਹਤ ‘ਤੇ ਖ਼ੁਦ ਨਜ਼ਰ ਰੱਖਣ ਅਤੇ ਲੋੜ ਪੈਣ ‘ਤੇ ਉਨ੍ਹਾਂ ਕੋਲ ਪਹੁੰਚ ਕਰ ਕੇ ਜਾਣਕਾਰੀ ਲੈਣ ਤਾਕਿ ਅਜਿਹੀਆਂ ਅੌਰਤਾਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਹਸਪਤਾਲਾਂ ਦੇ ਬਾਇਉ ਮੈਡੀਕਲ ਕੂੜੇ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਮੁਤਾਬਕ ਟਿਕਾਣੇ ਲਾਉਣ ਲਈ ਆਖਿਆ। ਸਿਵਲ ਸਰਜਨ ਨੇ ਹਰ ਸਿਹਤ ਅਧਿਕਾਰੀ ਕੋਲੋਂ ਉਸ ਦੇ ਹਸਪਤਾਲ ਅਤੇ ਏਰੀਏ ਵਿਚ ਜੱਚਾ ਅਤੇ ਬੱਚਾ ਸੇਵਾਵਾਂ, ਟੀਕਾਕਰਨ, ਓਟ ਕਲੀਨਿਕ ਸਣੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਿਆ ਅਤੇ ਇਨ੍ਹਾਂ ਪ੍ਰੋਗਰਾਮਾਂ ਨੂੰ ਬਿਹਤਰ ਅਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਆਖਿਆ।
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਪਰਵਾਰ ਨਿਯੋਜਨ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ, ਡਾ. ਹਰਮਨਦੀਪ ਕੌਰ, ਡਾ. ਵਿਜੇ ਭਗਤ, ਡਾ. ਸੰਗੀਤਾ ਜੈਨ, ਡਾ. ਪੋਮੀ ਚਤਰਥ, ਡਾ. ਰਾਜਿੰਦਰ ਭੂਸ਼ਣ, ਡਾ. ਅਲਕਜੋਤ ਕੌਰ, ਡਾ. ਨਵੀਨ ਕੌਸ਼ਿਕ, ਡਾ. ਮਨਿੰਦਰ ਕੌਰ, ਡਾ. ਰਵਲੀਨ ਕੌਰ (ਸਾਰੇ ਐਸਐਮਓ) ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…