nabaz-e-punjab.com

400 ਸਾਲਾ ਪ੍ਰਕਾਸ਼ ਪੁਰਬ ਅਤੇ ਆਜ਼ਾਦੀ ਦੇ 75 ਸਾਲਾ ਜਸ਼ਨਾਂ ਨੂੰ ਸਮਰਪਿਤ ਮੁਕਾਬਲਿਆਂ ਲਈ ਸਕੂਲਾਂ ਨੂੰ ਹਦਾਇਤਾਂ ਜਾਰੀ

ਸਕੂਲ ਪੱਧਰ ਤੋਂ ਰਾਜ ਪੱਧਰ ਤੱਕ ਕਰਵਾਏ ਜਾਣਗੇ ਵਿਦਿਆਰਥੀਆਂ ਦੇ ਮੁਕਾਬਲੇ

ਸਕੂਲ ਖੁੱਲਣ ਤੱਕ ਆਨਲਾਈਨ ਤੇ ਖੁੱਲ੍ਹਣ ਤੋਂ ਬਾਅਦ ’ਚ ਆਫ਼ ਲਾਈਨ ਹੋਣਗੇ ਮੁਕਾਬਲੇ, ਜੇਤੂਆਂ ਨੂੰ ਦਿੱਤੇ ਜਾਣਗੇ ਸਰਟੀਫਿਕੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਆਜ਼ਾਦੀ ਦੇ 75 ਸਾਲਾ ਸਮਾਗਮਾਂ ਵਿੱਚ ਸਕੂਲੀ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਗਤੀਵਿਧੀਆਂ ਦਾ ਕਲੰਡਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੱਖ-ਵੱਖ ਵਰਗਾਂ ਦੇ ਵਿਦਿਆਰਥੀ ਭਾਗ ਲੈਣਗੇ। ਮੁਹਾਲੀ ਜ਼ਿਲ੍ਹੇ ਵਿੱਚ ਇਨ੍ਹਾਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਜਰਨੈਲ ਸਿੰਘ ਕਾਲੇਕੇ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਕੂਲੀ ਵਿਦਿਆਰਥੀਆਂ ਦੇ ਲੇਖ, ਕਵਿਤਾ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।
ਸ੍ਰੀਮਤੀ ਰਵਿੰਦਰ ਕੌਰ ਨੇ ਦੱਸਿਆ ਕਿ ਇਹ ਮੁਕਾਬਲੇ ਦੋ ਵਰਗਾਂ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਤੱਕ ਕਰਵਾਏ ਜਾਣਗੇ। ਸਕੂਲ ਪੱਧਰ ’ਤੇ ਇਹ ਮੁਕਾਬਲੇ ਮਈ 21 ਤੋਂ ਸ਼ੁਰੂ ਹੋਣਗੇ ਜੋ 31 ਅਗਸਤ ਤੱਕ ਜਾਰੀ ਰਹਿਣਗੇ। ਜਦੋਂਕਿ ਬਲਾਕ ਪੱਧਰ ’ਤੇ ਇਹ ਮੁਕਾਬਲੇ 1 ਸਤੰਬਰ ਤੋਂ 31 ਸਤੰਬਰ ਤੱਕ, ਜ਼ਿਲ੍ਹਾ ਪੱਧਰ ’ਤੇ 1 ਅਕਤੂਬਰ ਤੋਂ 31 ਅਕਤੂਬਰ ਤੱਕ ਕਰਵਾਏ ਜਾਣਗੇ। ਇਸ ਉਪਰੰਤ 1 ਨਵੰਬਰ ਤੋਂ 31 ਦਸੰਬਰ ਤੱਕ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ।
ਆਜ਼ਾਦੀ ਦੇ 75 ਸਾਲਾ ਜਸ਼ਨਾਂ ਸਬੰਧੀ ਕਰਵਾਏ ਜਾਣ ਵਾਲੇ ਮੁਕਾਬਲਿਆਂ ਸਬੰਧੀ ਵਿਦਿਆਰਥੀਆਂ ਦੇ ਭਾਸ਼ਣ, ਲੇਖ, ਗੀਤ, ਪੇਂਟਿੰਗ, ਕਵਿਤਾ, ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲ ਅਤੇ ਬਲਾਕ ਪੱਧਰ ’ਤੇ ਇਹ ਮੁਕਾਬਲੇ ਦਸੰਬਰ 21 ਤੱਕ ਮੁਕੰਮਲ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 2 ਅਗਸਤ ਤੋਂ 5 ਅਗਸਤ ਤੱਕ ਹੋਣਗੇ ਜਦਕਿ ਰਾਜ ਪੱਧਰੀ ਮੁਕਾਬਲੇ 12 ਤੋਂ 15 ਅਗਸਤ ਤੱਕ ਮੁਕੰਮਲ ਕਰਵਾਏ ਜਾਣਗੇ।
ਮੁਕਾਬਲਿਆਂ ਦੀ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਦੱਸਿਆ ਕਿ ਵੱਖ ਵੱਖ ਵਰਗਾਂ ਦੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਨੂੰ ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣੂ ਕਰਵਾਉਣ ਤੋਂ ਇਲਾਵਾ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਖੱੁਲ੍ਹਣ ਤੱਕ ਇਹ ਮੁਕਾਬਲੇ ਆਨ-ਲਾਈਨ ਹੋਣਗੇ ਜਦਕਿ ਸਕੂਲ ਖੁੱਲ੍ਹਣ ’ਤੇ ਇਹ ਮੁਕਾਬਲੇ ਆਫ਼-ਲਾਈਨ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਅਪੀਲ ਵੀ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…