ਸਮੂਹ ਸਰਕਾਰੀ ਵਿਭਾਗਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼

ਪਾਰਦਰਸ਼ੀ ਢੰਗ ਨਾਲ ਮਿਥੇ ਸਮੇਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਅਮਿਤ ਤਲਵਾੜ

ਸਾਰੇ ਲਾਭਪਾਤਰੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦੇਣਾ, ਰੁਜ਼ਗਾਰ ਤੇ ਆਰਥਿਕ ਮਜ਼ਬੂਤੀ ਲਈ ਕੰਮ ਕਰੇਗਾ ਪ੍ਰਸ਼ਾਸਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਆਮ ਲੋਕਾਂ ਨੂੰ ਜ਼ਿੰਮੇਵਾਰ, ਜਵਾਬਦੇਹ ਅਤੇ ਸਵੱਛ ਪ੍ਰਸ਼ਾਸਨ ਮੁਹੱਈਆ ਕਰਵਾਉਣ ਸਾਡਾ ਮੁੱਖ ਟੀਚਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਖੱਜਲ-ਖੁਆਰ ਨਾ ਹੋਣਾ ਪਵੇ ਸਗੋਂ ਉਨ੍ਹਾਂ ਨੂੰ ਜਨਤਕ ਸੇਵਾਵਾਂ ਦਾ ਮਿਥੇ ਸਮੇਂ ਵਿੱਚ ਲਾਭ ਮਿਲੇ। ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ ਅਤੇ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁਹਾਲੀ ਪੰਜਾਬ ਦਾ ਇੱਕ ਅਜਿਹਾ ਜ਼ਿਲ੍ਹਾ ਹੈ, ਜਿੱਥੇ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਆਬਾਦੀ ਵੀ ਕਾਫ਼ੀ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸੁਵਿਧਾ ਕੇਂਦਰ, ਫਰਦ ਕੇਂਦਰ, ਤਹਿਸੀਲ ਕੰਪਲੈਕਸ ਅਤੇ ਆਰਟੀਏ ਦਫ਼ਤਰ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਤੁਰੰਤ ਐਕਸ਼ਨ ਲੈਂਦੇ ਹੋਏ ਸੁਵਿਧਾ ਕੇਂਦਰਾਂ ਵਿੱਚ ਕੰਮ ਕਰਨ ਦਾ ਸਮਾਂ ਵਧਾ ਦਿੱਤਾ ਗਿਆ ਹੈ। ਨਾਲ ਹੀ ਸੇਵਾਵਾਂ ਕੇਂਦਰਾਂ ਵਿੱਚ ਕਾਊਂਟਰਾਂ ਦੀ ਗਿਣਤੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ ਕਿ ਟੋਕਨ ਲੈਣ ਤੋਂ ਬਾਅਦ ਨਿਸ਼ਚਿਤ ਸੇਵਾ ਪ੍ਰਦਾਨ ਕਰਨ ਲਈ 15 ਤੋਂ 20 ਮਿੰਟ ਤੋਂ ਵੱਧ ਸਮਾਂ ਨਾ ਲੱਗੇ।
ਡੀਸੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਹੀ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਿਸਲੇਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੈਂਡਿੰਗ ਕੰਮਾਂ ਦੀ ਸਮੀਖਿਆ ਕਰਕੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਇਹ ਆਦੇਸ਼ ਵੀ ਦਿੱਤੇ ਗਏ ਹਨ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹਾ ਸੂਬੇ ਦੀ ਆਰਥਿਕ ਗਤੀਵਿਧੀਆਂ ਦਾ ਹੱਬ ਬਣਦਾ ਜਾ ਰਿਹਾ ਹੈ। ਇੱਥੇ ਵੱਡੇ ਸਨਅਤੀ ਅਦਾਰਿਆਂ ਅਤੇ ਅੰਤਰਰਾਸ਼ਟਰੀ ਸਿੱਖਿਆ ਸੰਸਥਾਵਾਂ ਵੱਲੋਂ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਹੀ ਨਹੀਂ ਆਈਟੀ ਖੇਤਰ ਵਿੱਚ ਵੀ ਮੁਹਾਲੀ ਵਿੱਚ ਕਾਫ਼ੀ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਨਅਤੀ ਅਦਾਰਿਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕਰਨ ਲਈ ਵਧੀਆ ਮਾਹੌਲ ਪੈਂਦਾ ਕੀਤਾ ਜਾਵੇ ਤਾਂ ਜੋ ਇਸ ਖਿੱਤੇ ਦੇ ਬੇਰੁਜ਼ਗਾਰਾਂ ਲਈ ਰੁਜ਼ਗਾਰ ਦੇ ਵਸੀਲੇ ਪੈਂਦੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਉਸਾਰੀਆਂ ਅਤੇ ਧੋਖੇਬਾਜ਼ ਬਿਲਡਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
(ਬਾਕਸ ਆਈਟਮ)
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਧੜੱਲੇ ਨਾਲ ਚੱਲ ਰਹੇ ਅਣਅਧਿਕਾਰਤ ਇਮੀਗਰੇਸ਼ਨ ਦੇ ਕਾਰੋਬਾਰ ਅਤੇ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਠੱਗੀਆਂ ਮਾਰਨ ਬਾਰੇ ਹੁਣ ਤੱਕ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਮੀਗਰੇਸ਼ਨ ਕੰਪਨੀ ਵਿਰੁੱਧ ਅਪਰਾਧਿਕ ਕੇਸ ਦਰਜ ਹੋਣ ਤੋਂ ਬਾਅਦ ਟਰੈਵਲ ਏਜੰਟ ਵੱਲੋਂ ਨਵੀਂ ਕੰਪਨੀ ਖੋਲ੍ਹਣ ਲਈ ਲਾਇਸੈਂਸ ਜਾਰੀ ਕਰਨ ਦਾ ਮੁੱਦਾ ਚੁੱਕੇ ਜਾਣ ’ਤੇ ਡੀਸੀ ਨੇ ਕਿਹਾ ਕਿ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੀਡੀਆ ਨੇ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਕੰਮ ਲਈ ਸਟਾਫ਼ ਵੱਲੋਂ ਕਥਿਤ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ ਅਤੇ ਪਿਛਲੇ ਦਿਨੀਂ ਇੱਕ ਅਧਿਕਾਰੀ ਨੂੰ ਇਨੋਵਾ ਗੱਡੀ ਦਿੱਤੀ ਗਈ ਹੈ। ਇਸ ਸਬੰਧੀ ਡੀਸੀ ਨੇ ਜਾਂਚ ਉਪਰੰਤ ਲੋੜੀਂਦੀ ਕਾਰਵਾਈ ਦਾ ਭਰੋਸਾ ਦਿੱਤਾ।
(ਬਾਕਸ ਆਈਟਮ)
ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲੀਸ ਨਾਲ ਮਿਲ ਕੇ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਐਸਐਸਪੀ ਅਤੇ ਹੋਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਨੇ ਪਿਛਲੇ ਦਿਨੀਂ ਕੁਝ ਭੈੜੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…