Share on Facebook Share on Twitter Share on Google+ Share on Pinterest Share on Linkedin ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ ਦਾ ਕੋਈ ਇਰਾਦਾ ਨਹੀਂ: ਸਿੱਖਿਆ ਵਿਭਾਗ ਅਧਿਆਪਕਾਂ ਦੀਆਂ ਰੁਕੀਆਂ ਤਨਖ਼ਾਹਾਂ ਰਿਲੀਜ਼ ਕਰਵਾਉਣ ਲਈ ਯਤਨ ਜਾਰੀ, ਕੇਂਦਰ ਅਤੇ ਵਿੱਤ ਮੰਤਰੀ ਨਾਲ ਕੀਤੀ ਗੱਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ: ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ ਵੱਖ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ ਦਾ ਕੋਈ ਵੀ ਇਰਾਦਾ ਨਹੀਂ ਹੈ ਸਗੋਂ ਅਧਿਆਪਕਾਂ ਦੀਆਂ ਵਿੱਤੀ ਦਿੱਕਤਾਂ ਨੂੰ ਦੇਖਦਿਆਂ ਅਤੇ ਅਧਿਆਪਕਾਂ ਤੋਂ ਪ੍ਰਾਪਤ ਸੁਝਾਵਾਂ ਦੇ ਮੱਦੇਨਜ਼ਰ ਤਨਖ਼ਾਹਾਂ ਦੀ ਅੰਸ਼ਿਕ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਿਛਲੇ ਕੁਝ ਮਹੀਨਿਆਂ ਤੋਂ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਧਰ, ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਧਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਸੁਸਾਇਟੀਆਂ ਅਧੀਨ ਆਉਂਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਕੇਂਦਰ ਵੱਲੋਂ ਘਟਾਇਆ ਗਿਆ ਹੈ। ਉਨ੍ਹਾਂ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਦੇ ਮਾਮਲੇ ’ਤੇ ਮੁੜ ਵਿਚਾਰ ਕਰਦੇ ਹੋਏ ਪੁਰਾਣੀ ਤਨਖ਼ਾਹਾਂ ਅਨੁਸਾਰ ਰਾਸ਼ੀ ਜਾਰੀ ਕੀਤੀ ਜਾਵੇ। ਸਿੱਖਿਆ ਵਿਭਾਗ ਵੱਲੋਂ ਜਿਵੇਂ ਹੀ ਇਹ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਮਨੁੱਖੀ ਸਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਪੀਏਬੀ ਏਜੰਡੇ ਤਹਿਤ ਸੈਕੰਡਰੀ ਅਧਿਆਪਕਾਂ ਦੀ 20 ਹਜ਼ਾਰ ਅਤੇ ਪ੍ਰਾਇਮਰੀ ਅਧਿਆਪਕਾਂ ਦੀ 15 ਹਜ਼ਾਰ ਰੁਪਏ ਅਨੁਸਾਰ ਫੰਡ ਜਾਰੀ ਕੀਤੇ ਗਏ। ਇਸ ਲਈ ਸਿੱਖਿਆ ਵਿਭਾਗ ਨੂੰ ਪ੍ਰਾਪਤ ਰਾਸ਼ੀ ’ਚੋਂ ਬਹੁਤ ਸਾਰੇ ਅਧਿਆਪਕਾਂ ਦੀਆਂ ਤਨਖ਼ਾਹਾਂ ਸਬੰਧੀ ਬਕਾਏ ਅਕਤੂਬਰ 2018 ਤੱਕ ਅੰਸ਼ਿਕ ਤੌਰ ’ਤੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਸਬੰਧੀ ਮਾਮਲਾ ਸੂਬੇ ਦੇ ਵਿੱਤ ਮੰਤਰੀ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਨਾਲ ਪੱਤਰਾ-ਚਾਰ ਵੀ ਚਲ ਰਿਹਾ ਹੈ ਕਿ ਜਦੋਂ ਤੱਕ ਭਾਰਤ ਸਰਕਾਰ ਵੱਲੋਂ ਕੋਈ ਰਾਸ਼ੀ ਨਹੀਂ ਆਉਂਦੀ ਉਦੋਂ ਤੱਕ ਵਿੱਤ ਵਿਭਾਗ ਇਹ ਰਾਸ਼ੀ ਸਿੱਖਿਆ ਵਿਭਾਗ ਨੂੰ ਰਿਲੀਜ਼ ਕਰੇ ਤਾਂ ਜੋ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਤਨਖ਼ਾਹਾਂ ਦਿੱਤੀਆਂ ਜਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ