
ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ
ਐਮਪੀ ਫੰਡ ’ਚੋਂ ਨਸ਼ਾ ਛੁਡਾਊ ਕੇਂਦਰ ਵਿੱਚ ਓਪਨ ਏਅਰ ਜਿਮ ਲਾਇਆ ਜਾਵੇਗਾ: ਅਮਿਤ ਤਲਵਾੜ
ਨਸ਼ਿਆਂ ਤੋਂ ਦੂਰ ਰਹਿਣ ਤੇ ਇਸ ਵਿਰੁੱਧ ਡਟਣ ਦੀ ਸਹੁੰ ਚੁੱਕੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ
ਇੱਥੋਂ ਦੇ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਵੱਖ-ਵੱਖ ਸੰਸਥਾਵਾਂ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਨਾਲ-ਨਾਲ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਿਆਂ ਦਾ ਸੇਵਨ ਕਰਨ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਐਸਡੀਐਮ ਹਰਬੰਸ ਸਿੰਘ ਵੀ ਮੌਜੂਦ ਸਨ।
ਡੀਸੀ ਅਮਿਤ ਤਲਵਾੜ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਨਸ਼ੇ ਨਾਲ ਗ੍ਰਸਤ ਨੌਜਵਾਨ ਇਹ ਦ੍ਰਿੜ ਸੰਕਲਪ ਕਰ ਲੈਣ ਕਿ ਉਸ ਨੇ ਨਸ਼ਾ ਛੱਡਣਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਉਸ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਤਪਰ ਰਹੇਗਾ। ਉਨ੍ਹਾਂ ਨੇ ਇਹ ਭਰੋਸਾ ਦਿੱਤਾ ਕਿ ਐਮਪੀ ਫੰਡ ਲੈ ਕੇ ਜ਼ਿਲ੍ਹਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਓਪਨ ਜਿਮ ਲਗਾਉਣ ਦਾ ਉਪਰਾਲਾ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸਿਵਲ ਸਰਜਨ ਸ੍ਰੀਮਤੀ ਆਦਰਸ਼ਪਾਲ ਕੌਰ ਨੇ ਆਪਣੇ ਸੰਬੋਧਨ ਵਿੱਚ ਨਸ਼ਿਆਂ ਖ਼ਿਲਾਫ਼ ਡਟ ਕੇ ਲੜਨ ਦਾ ਸੁਨੇਹਾ ਦਿੱਤਾ। ਇਸ ਉਪਰੰਤ ਸਿਲਵਰ ਓਕ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਨਾਟਕ ਦੀ ਪੇਸ਼ਕਾਰੀ ਨਾਲ ਨਸ਼ਿਆਂ ਵਿੱਚ ਫਸੀ ਜਵਾਨੀ ਨੂੰ ਨਿਕਲਣ ਦਾ ਰਾਹ ਦੱਸਿਆ। ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਨੇ ਇੱਕ ਵੀਡੀਓ ਕਲਿੱਪ ਰਾਹੀਂ ਦੱਸਿਆ ਕਿ ਕਿਵੇਂ ਇਸ ਸੰਸਥਾ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫ਼ਤ ’ਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਤੰਦਰੁਸਤ ਰਹਿਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਜੋ ਇਸ ਕੇਂਦਰ ਵਿੱਚ ਇਲਾਜ ਕਰਵਾਉਣ ਅਤੇ ਨਸ਼ਾ ਛੱਡ ਕੇ ਤੰਦਰੁਸਤ ਹੋਏ ਹਨ। ਜੁਗਨੀ ਭੰਗੜਾ ਗਰੁੱਪ ਨੇ ਵੀ ਨਸ਼ੇ ਛੱਡ ਰਹੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਭੰਗੜਾ ਪੇਸ਼ ਕੀਤਾ।

ਸਮਾਗਮ ਵਿੱਚ ਪੁੱਜੇ ਸਾਰੇ ਵਿਅਕਤੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਵਿਰੁੱਧ ਡਟਣ ਦੀ ਸਹੁੰ ਚੁੱਕੀ। ਸਮਾਰੋਹ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਨੇ ਨਸ਼ੇ ਛੱਡ ਕੇ ਤੰਦਰੁਸਤ ਹੋਏ ਨੌਜਵਾਨਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਅਤੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਵੰਡੀਆਂ। ਡੀਸੀ ਅਮਿਤ ਤਲਵਾੜ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਆਪਣੇ ਹੱਥੀ ਇੱਕ ਪੌਦਾ ਲਗਾਇਆ ਅਤੇ ਹੋਰਨਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਆ।