ਮੁਹਾਲੀ ਤੋਂ ਯੂਰਪ ਤੇ ਉੱਤਰੀ ਅਮਰੀਕਾ ਵਰਗੇ ਵੱਡੇ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਹੋਣਗੀਆਂ: ਗਜੇਂਦਰ ਸ਼ੇਖਾਵਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਦੂਜੇ ਦਿਨ ਮੁਹਾਲੀ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੀਆਂ ਰਿਆਇਤਾਂ ਦੇਣ ਦੀ ਗੱਲ ਕਹੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਅਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਜਲਦੀ ਕੌਮਾਂਤਰੀ ਉਡਾਣਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਨਾਲ ਜਿੱਥੇ ਮੁਹਾਲੀ ਦਾ ਨਾਂ ਵਿਸ਼ਵ ਦੇ ਨਕਸ਼ੇ ’ਤੇ ਆਵੇਗਾ, ਉੱਥੇ ਵਪਾਰ ਵਧਣ ਨਾਲ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।
ਭਾਜਪਾ ਆਗੂ ਗਜੇਂਦਰ ਸ਼ੇਖਾਵਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਉਣ ਲਈ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਨੇ ਉਦਯੋਗਾਂ ਅਤੇ ਵਪਾਰੀ ਵਰਗ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕਪੱਖੀ ਯੋਜਨਾਵਾਂ ਨਾਲ ਨਾ ਸਿਰਫ਼ ਆਮ ਆਦਮੀ ਦੀ ਜ਼ਿੰਦਗੀ ਸੌਖੀ ਹੋਈ ਹੈ ਬਲਕਿ ਦੇਸ਼ ਭਰ ਵਿੱਚ ਉਦਯੋਗ ਅਤੇ ਵਪਾਰ ਨੂੰ ਵੀ ਹੱਲਾਸ਼ੇਰੀ ਮਿਲੀ ਹੈ। ਇਸ ਨਾਲ ਅਰਥਵਿਵਸਥਾ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਭਾਰਤੀ ਅਰਥਵਿਵਸਥਾ 7.1 ਫੀਸਦੀ ਵਿਕਾਸ ਦਰ ਨਾਲ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਗਈ ਹੈ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਤੋਂ ਦੁਬਈ ਲਈ ਤਾਂ ਕੌਮਾਂਤਰੀ ਉਡਾਣ ਉਪਲਬਧ ਹੈ ਪ੍ਰੰਤੂ ਯੂਰਪ ਜਾਂ ਉੱਤਰੀ ਅਮਰੀਕਾ ਲਈ ਕੌਮਾਂਤਰੀ ਉਡਾਣ ਦਾ ਪ੍ਰਬੰਧ ਨਾ ਹੋਣ ਕਾਰਨ ਸਥਾਨਕ ਉਦਯੋਗਪਤੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਛੇਤੀ ਮੁਹਾਲੀ ਤੋਂ ਯੂਰਪ ਜਾਂ ਉੱਤਰੀ ਅਮਰੀਕਾ ਲਈ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਲਈ ਪਹਿਲਕਦਮੀ ਕਰਨ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ, ਲਖਵਿੰਦਰ ਕੌਰ ਗਰਚਾ, ਸੁਭਾਸ਼ ਬਰਾਲਾ, ਸੁਖਵਿੰਦਰ ਸਿੰਘ ਗੋਲਡੀ ਅਤੇ ਹੋਰ ਆਗੂ ਅਤੇ ਸਨਅਤਕਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…