ਅੰਤਰ ਰਾਸ਼ਟਰੀ ਪੁਆਧੀ ਮੰਚ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ

ਇਲਾਕੇ ਦੇ ਕਿਸਾਨਾਂ ਵੱਲੋਂ ਰਿਹਾਇੰਸ ਪੈਟਰੋਲ ਪੰਪ ’ਤੇ ਦਿੱਤੇ ਜਾ ਰਹੇ ਧਰਨੇ ਵਿੱਚ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਅੰਤਰ ਰਾਸ਼ਟਰੀ ਪੁਆਧੀ ਮੰਚ ਵੱਲੋਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਹੋਏ ਲੜੀਵਾਰ ਸੰਘਰਸ਼ ਨੂੰ ਪੂਰਨ ਹਮਾਇਤ ਦਿੱਤੀ ਜਾ ਰਹੀ ਹੈ। ਮੰਚ ਦੇ ਕਾਰਕੁਨਾਂ ਨੇ ਲਾਂਡਰਾਂ-ਬਨੂੜ ਮਾਰਗ ’ਤੇ ਪੈਂਦੇ ਪਿੰਡ ਰਾਏਪੁਰ ਕਲਾਂ ਦੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਉੱਤੇ ਦਿੱਤੇ ਜਾ ਰਹੀ ਲੜੀਵਾਰ ਧਰਨੇ ਵਿੱਚ ਸ਼ਿਰਕਤ ਕੀਤੀ ਅਤੇ ਧਰਨਾਕਾਰੀ ਕਿਸਾਨਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਮੈਂਬਰ ਐਸਜੀਪੀਸੀ ਬੀਬੀ ਪਰਮਜੀਤ ਕੌਰ ਲਾਂਡਰਾਂ, ਪੁਆਧੀ ਮੰਚ ਦੇ ਮੈਂਬਰਾਂ ਗੁਰਪ੍ਰੀਤ ਸਿੰਘ ਨਿਆਮੀਆਂ, ਪਰਮਦੀਪ ਸਿੰਘ ਬੈਦਵਾਨ ਪ੍ਰਧਾਨ ਯੂਥ ਆਫ਼ ਪੰਜਾਬ, ਹਰਦੀਪ ਸਿੰਘ ਬਠਲਾਣਾ, ਅਸ਼ਵਨੀ ਸ਼ਰਮਾ ਸੰਭਾਲਕੀ, ਸਤਵਿੰਦਰ ਸਿੰਘ ਧੜਾਕ, ਕਰਮਜੀਤ ਸਿੰਘ ਚਿੱਲਾ, ਡਾ. ਬਲਵਿੰਦਰ ਸਿੰਘ ਗੋਬਿੰਦਗੜ੍ਹ, ਪੈਰੀਫੈਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਪ੍ਰਸਿੱਧ ਪੰਜਾਬੀ ਗਾਇਕ ਬਿਲ ਸਿੰਘ ਨੇ ਧਰਨੇ ਵਿੱਚ ਸ਼ਾਮਲ ਹੁੰਦਿਆਂ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਜ਼ੋਰਦਾਰ ਨਿਖੇਧੀ ਕੀਤੀ। ਇਸ ਮੌਕੇ ਗਾਇਕ ਬਿਲ ਸਿੰਘ ਨੇ ਕਿਸਾਨ ਦੀ ਹਾਲਤ ਅਤੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਦੋ ਗੀਤ ਗਾ ਕੇ ਧਰਨਾਕਾਰੀਆਂ ਦਾ ਮਨੋਰੰਜਨ ਕੀਤਾ ਅਤੇ ਅਗਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੁਲਾਰਾ ਦੇਣ ਲਈ ਹੋਰ ਗੀਤ ਰਿਕਾਰਡ ਕਰਾਉਣ ਦਾ ਵੀ ਅਹਿਦ ਲਿਆ। ਬੀਬੀ ਲਾਂਡਰਾਂ ਨੇ ਵੀ ਕਿਸਾਨਾਂ ਨੂੰ ਡਟੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਖ਼ੁਸ਼ਹਾਲੀ ਤੋਂ ਬਿਨਾਂ ਪੰਜਾਬ ਦੀ ਤਰੱਕੀ ਸੰਭਵ ਨਹੀਂ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…