
ਅੰਤਰਰਾਸ਼ਟਰੀ ਪੁਆਧੀ ਮੰਚ ਦੇ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਮਨੁੱਖੀ ਚੇਨ ਬਣਾ ਕੇ ਕੀਤਾ ਪ੍ਰਦਰਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਅੱਜ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਦੇ ਵਿੱਚ ਮੁਹਾਲੀ ਵਿਖੇ ਮਨੁੱਖੀ ਚੇਨ ਬਣਾ ਕੇ ਕਿਸਾਨਾਂ ਦੇ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਸ਼ਹਿਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸਾਰੇ ਹੀ ਕਿਸਾਨ ਸਮਰਥਕਾਂ ਦੇ ਹੱਥਾਂ ਵਿੱਚ ਕਿਸਾਨਾਂ ਵਾਲੇ ਝੰਡੇ ਫੜੇ ਹੋਏ ਸਨ ਅਤੇ ਉਹ ਇਹ ਸੜਕਾਂ ਦੇ ਕਿਨਾਰੇ ਤੇ ਖੜ੍ਹੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ।
ਇਸ ਪ੍ਰਦਰਸ਼ਨ ਦੌਰਾਨ ਮੰਚ ਵੱਲੋਂ ਇਹ ਫੈਸਲਾ ਲਿਆ ਗਿਆ ਸੀ ਕਿ ਕਿਸੇ ਵੀ ਤਰ੍ਹਾਂ ਟਰੈਫ਼ਿਕ ਨੂੰ ਨਹੀਂ ਰੋਕਿਆ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪ੍ਰਦਰਸ਼ਨਕਾਰੀਆਂ ਨੇ ਇਸ ਤੇ ਪਹਿਰਾ ਦਿੱਤਾ। ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਅਹੁਦੇਦਾਰਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਐਡਵੋਕੇਟ, ਸੀਨੀਅਰ ਪੱਤਰਕਾਰ ਡਾ. ਕਰਮਜੀਤ ਸਿੰਘ ਚਿੱਲਾ, ਗੁਰਪ੍ਰੀਤ ਸਿੰਘ ਨਿਆਮੀਆਂ, ਹਰਦੀਪ ਸਿੰਘ ਬਠਲਾਣਾ, ਗੁਰਮੀਤ ਸਿੰਘ ਬੈਦਵਾਣ ਅਤੇ ਫਿਲਮੀ ਅਦਾਕਾਰਾ ਮੋਹਣੀ ਤੂਰ ਅਤੇ ਹੋਰ ਅਹੁਦੇਦਾਰ ਉੱਥੇ ਹਾਜ਼ਰ ਸਨ। ਸਾਰਿਆਂ ਨੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਲਈ ਸਮੂਹ ਜਨਤਾ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਸੋਹਾਣਾ ਸੈਕਟਰ 70, ਫੇਜ਼ ਸੱਤ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕੀਂ ਹਾਜ਼ਰ ਹੋਏ।