ਕੌਮਾਂਤਰੀ ਪੰਜਾਬੀ ਬੋਲੀ ਓਲੰਪਿਆਡ: ਐਫੀਲੀਏਟਿਡ ਸਕੂਲ ਮੁਖੀਆਂ ਤੇ ਬੋਰਡ ਅਧਿਕਾਰੀ ਦੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 31 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੇਸ਼-ਵਿਦੇਸ਼ ਦੇ ਵਿਦਿਆਰਥੀਆਂ ਲਈ ਕਰਵਾਏ ਜਾ ਰਹੇ ‘ਕੌਮਾਂਤਰੀ ਪੰਜਾਬੀ ਬੋਲੀ ਓਲੰਪਿਆਡ’ ਸਬੰਧੀ ਤਿਆਰੀਆਂ ਬੜੇ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਸਕੂਲ ਮੁਖੀਆਂ ਅਤੇ ਵਿਦਿਆਰਥੀਆਂ ਦੀ ਲਾਮਬੰਦੀ ਜਾਰੀ ਹੈ। ਇਸ ਸਬੰਧੀ ਐਫੀਲੀਏਟਿਡ ਸਕੂਲਾਂ ਨੂੰ ਉਪਰੋਕਤ ਤੋਂ ਜਾਣੂ ਕਰਵਾਉਣ ਲਈ ਸੰਸਥਾਵਾਂ ਦੇ ਮੁਖੀਆਂ ਅਤੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੋਰਡ ਦੇ ਆਡੀਟੋਰੀਅਮ ਵਿੱਚ ਇਕੱਤਰਤਾ ਹੋਈ। ਜਿਸ ਦੀ ਪ੍ਰਧਾਨਗੀ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਕੀਤੀ।
ਇਸ ਮੌਕੇ ਸਕੂਲ ਬੋਰਡ ਦੇ ਸਕੱਤਰ ਅਵਿਕੇਸ਼ ਗੁਪਤਾ ਨੇ 9 ਤੇ 10 ਦਸੰਬਰ ਨੂੰ ਕਰਵਾਏ ਜਾ ਰਹੇ ਪੰਜਾਬੀ ਓਲੰਪਿਆਡ ਨਾਲ ਜੁੜੇ ਸਮੂਹ ਪਹਿਲੂਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਓਲੰਪਿਆਡ ਆਨਲਾਈਨ ਵਿਧੀ ਰਾਹੀਂ ਕੰਡਕਟ ਕੀਤਾ ਜਾ ਰਿਹਾ ਹੈ। ਇਸ ਵਿੱਚ 13 ਸਾਲ ਤੋਂ 17 ਸਾਲ ਤੱਕ ਉਮਰ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਸਬੰਧੀ ਰਜਿਸਟ੍ਰੇਸ਼ਨ ਦਾ ਕਾਰਜ ਜਾਰੀ ਹੈ, ਜੋ 20 ਨਵੰਬਰ ਤੱਕ ਜਾਰੀ ਰਹੇਗਾ। ਭਾਗ ਲੈਣ ਵਾਲੇ ਪ੍ਰਤੀਯੋਗੀਆਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਮੁਕੰਮਲ ਕਰਨ ਅਤੇ ਓਲੰਪਿਆਡ ਸਬੰਧੀ ਪਾਠ-ਸਮੱਗਰੀ ਆਨਲਾਈਨ ਹੀ ਉਪਲਬਧ ਕਰਵਾਈ ਜਾਵੇਗੀ।
ਡਾ. ਸਤਬੀਰ ਬੇਦੀ ਨੇ ਸੰਸਥਾਵਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਇਸ ਪੰਜਾਬੀ ਓਲੰਪਿਆਡ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਵਿਦਿਆਰਥੀ ਇਸ ਦਾ ਹਿੱਸਾ ਬਣ ਕੇ ਮਾਂ ਬੋਲੀ ਪੰਜਾਬੀ ਨਾਲ ਜੁੜ ਸਕਣ। ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸਕੂਲ ਬੋਰਡ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿੱਖਿਆ ਅਧਿਕਾਰੀ ਮਨਿੰਦਰ ਸਿੰਘ ਸਰਕਾਰੀਆ, ਉਪ ਸਕੱਤਰ ਗੁਰਤੇਜ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 7 …