
ਖ਼ਾਲਸਾ ਕਾਲਜ ਮੁਹਾਲੀ ਵਿੱਚ ਮਨਾਇਆ ਕੌਮਾਂਤਰੀ ਮਹਿਲਾ ਦਿਵਸ
ਅੌਰਤਾਂ ਨੂੰ ਆਪਣੇ ਹੱਕਾਂ, ਅਧਿਕਾਰਾਂ ਤੇ ਫ਼ਰਜ਼ਾਂ ਨੂੰ ਸਮਝਣ ਦੀ ਲੋੜ: ਡਾ. ਹਰੀਸ਼ ਕੁਮਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਇੱਥੋਂ ਦੇ ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼-3ਏ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਮਹਿਲਾ ਦਿਵਸ ਮਨਾਉਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅੌਰਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਭਾਜਪਾ ਮਹਿਲਾ ਵਿੰਗ ਦੀ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਮਿਲੀ ਗਰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੁਹਾਲੀ ਦੀ ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ, ਸਾਬਕਾ ਡੀਪੀਆਰਓ ਡਾ. ਉਮਾ ਸ਼ਰਮਾ, ਜ਼ਿਲ੍ਹਾ ਪੁਲੀਸ ਵਿਮੈਨ ਥਾਣਾ ਦੀ ਇੰਚਾਰਜ ਅਮਨਦੀਪ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।
ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਿਹਾ ਕਿ ਖ਼ਾਲਸਾ ਕਾਲਜ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਮੇਂ ਦੀ ਲੋੜ ਨਾਲ ਸਬੰਧਤ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਅਜੋਕੇ ਸਮੇਂ ਵਿੱਚ ਅੌਰਤਾਂ ਦਾ ਸ਼ੋਸ਼ਣ ਜਾਰੀ ਹੈ। ਇਸ ਲਈ ਅੌਰਤਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਦੇ ਨਾਲ-ਨਾਲ ਫ਼ਰਜ਼ਾਂ ਨੂੰ ਸਮਝਣ ਦੀ ਲੋੜ ਹੈ।
ਇਸ ਮੌਕੇ ਹੋਰ ਵੱਖ-ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਅੌਰਤਾਂ ਨੂੰ ਪੁਰਸ਼ਾਂ ਦੇ ਬਰਾਬਰ ਦਾ ਦਰਜਾ ਨਹੀਂ ਦਿੱਤਾ ਜਾਂਦਾ ਸੀ ਪਰ ਹੁਣ ਸਮਾਂ ਬਦਲ ਗਿਆ ਹੈ ਅਤੇ ਅੌਰਤਾਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੀਆਂ ਹਨ। ਉਹ ਨਾ ਸਿਰਫ਼ ਪੁਰਸ਼ਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀਆਂ ਹਨ, ਬਲਕਿ ਕਈ ਖੇਤਰਾਂ ਵਿੱਚ ਪੁਰਸ਼ਾਂ ਤੋਂ ਵੀ ਅੱਗੇ ਨਿਕਲ ਗਈਆਂ ਹਨ।