
ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ
ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਗੁਆਂਢੀ ਰਾਜਾਂ ਵਿੱਚ ਸਪਲਾਈ ਕਰਦੇ ਸੀ ਮੁਲਜ਼ਮ: ਡੀਜੀਪੀ
ਨਬਜ਼-ਏ-ਪੰਜਾਬ, ਮੁਹਾਲੀ, 31 ਮਾਰਚ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸਐੱਸਓਸੀ) ਮੁਹਾਲੀ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੀਡੀਆ ਨਾਲ ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, (ਲੁਧਿਆਣਾ), ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, (ਲੁਧਿਆਣਾ), ਸੁਖਚੈਨ ਸਿੰਘ ਵਾਸੀ ਪਿੰਡ ਮੂਮ, ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ (ਲੁਧਿਆਣਾ) ਵਜੋਂ ਹੋਈ ਹੈ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਮੁਹਾਲੀ ਸਥਿਤ ਐਸਐਸਓਸੀ ਥਾਣੇ ਵਿੱਚ ਅਸਲਾ ਐਕਟ ਸਮੇਤ ਹੋਰ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ। ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖੋਹ, ਚੋਰੀ ਵਰਗੇ ਕਈ ਪਰਚੇ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਏ ਹੋਏ ਸਨ। ਮੁਲਜ਼ਮ ਗੁਰਮਨਜੋਤ ਸਾਲ 2022 ਦੌਰਾਨ ਲੁਧਿਆਣਾ ਜੇਲ੍ਹ ਵਿੱਚ ਮੱਧ ਪ੍ਰਦੇਸ਼ ਆਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਨਾਜਾਇਜ਼ ਹਥਿਆਰਾਂ ਦੇ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਉਹ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਸੇਂਧਵਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲੀ-ਸਿੱਕਾ ਲਿਆ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੀ ਫ਼ਿਰਾਕ ਵਿੱਚ ਹਨ। ਸੂਚਨਾ ਮਿਲਣ ’ਤੇ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸਐੱਸਓਸੀ) ਮੁਹਾਲੀ ਦੀਆਂ ਟੀਮਾਂ ਨੇ ਪਟਿਆਲਾ ਦੇ ਪਾਤੜਾਂ-ਖਨੌਰੀ ਰੋਡ ’ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਚਿੱਟੇ ਰੰਗ ਦੀ ਸਵਿਫ਼ਟ ਕਾਰ ਵਿੱਚ ਸਵਾਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 9 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਨ੍ਹਾਂ ਹਥਿਆਰਾਂ ਉੱਤੇ ‘ਸਟਾਰ’ ਦਾ ਨਿਸ਼ਾਨ ਬਣਿਆ ਹੋਇਆ ਸੀ। ਪੁਲੀਸ ਨੇ ਮੁਲਜ਼ਮਾਂ ਦੀ ਕਾਰ ਵੀ ਜ਼ਬਤ ਕਰ ਲਈ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮਾਂ ਵੱਲੋਂ ਇਨ੍ਹਾਂ ’ਚੋਂ ਕੁਝ ਹਥਿਆਰਾਂ ਦੀ ਵਰਤੋਂ ਟਾਰਗੇਟਿਡ ਸੰਗਠਿਤ ਅਪਰਾਧਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ ਅਤੇ ਬਾਕੀ ਹਥਿਆਰ ਗਰੋਹ ਦੇ ਹੋਰਨਾਂ ਮੈਂਬਰਾਂ ਨੂੰ ਵੰਡੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਪੰਜਾਬ ਸਮੇਤ ਗੁਆਂਢੀ ਸੂਬਿਆਂ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਡੀਆਈਜੀ (ਕਾਉਂਟਰ ਇੰਟੈਲੀਜੈਂਸ) ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਆਧਾਰਿਤ ਹਥਿਆਰਾਂ ਦੇ ਤਸਕਰਾਂ ਦੀ ਪੈੜ ਨੱਪਣ ਲਈ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲੀਸ ਨੂੰ ਹੋਰ ਅਹਿਮ ਖ਼ੁਲਾਸੇ ਹੋਣ ਅਤੇ ਬਾਕੀ ਮੁਲਜ਼ਮਾਂ ਦੀਆਂ ਗ੍ਰਿਫ਼ਤਾਰੀਆਂ ਅਤੇ ਹਥਿਆਰਾਂ ਦੀ ਬਰਾਮਦਗੀ ਹੋਣ ਦੀ ਉਮੀਦ ਹੈ।